ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜੇਲ੍ਹ ਚੋਂ ਰਿਹਾਅ ਹੋਏ 2 ਨੌਜਵਾਨਾਂ ਦਾ ਸਨਮਾਨ
''ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਹੈ''
ਨਵੀਂ ਦਿੱਲੀ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਸਿੰਘੂ-ਕੁੰਡਲੀ ਬਾਰਡਰ 'ਤੇ ਲੱਗੇ ਪੱਕੇ ਮੋਰਚੇ ਦੇ 93ਵੇਂ ਦਿਨ ਪੰਡਾਲ 'ਚ ਹੋਏ ਵਿਸ਼ਾਲ ਇਕੱਠ ਵਿਚ ਝੂਠੇ ਪਰਚੇ 'ਚ ਫਸਾਏ ਗਏ ਪਿੰਡ ਭਰਥ ਜ਼ਿਲ੍ਹਾ ਗੁਰਦਾਸਪੁਰ ਦੇ ਦੋ ਨੌਜਵਾਨਾਂ ਗੁਰਜੰਟ ਸਿੰਘ ਤੇ ਗੁਰਪ੍ਰੀਤ ਸਿੰਘ ਦਾ ਸਨਮਾਨ ਕੀਤਾ ਗਿਆ । ਦੋਵੇਂ ਨੌਜਵਾਨ ਜੇਲ੍ਹ 'ਚੋਂ ਜ਼ਮਾਨਤ 'ਤੇ ਰਿਹਾਅ ਹੋਣ ਤੋ ਬਾਅਦ ਸਿੱਧੇ ਮੋਰਚੇ 'ਚ ਆਏ ।
ਇੱਥੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ । ਇਹ ਜਾਣਕਾਰੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਦਿੱਤੀ । ਕਿਸਾਨ ਆਗੂਆਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਅਡਾਨੀਆਂ-ਅੰਬਾਨੀਆਂ ਨੂੰ ਦੇਸ਼ ਦੇ ਪੈਦਾਵਾਰੀ ਸਾਧਨਾਂ 'ਤੇ ਕਬਜ਼ੇ ਕਰਾਉਣ ਲਈ ਤਿੰਨੇ ਖੇਤੀ ਕਾਨੂੰਨ ਲੈ ਕੇ ਆਈ ਹੈ।
ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਗ੍ਰਿਫ਼ਤਾਰ ਕਰ ਕੇ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ, ਬੈਰੀਕੇਡਿੰਗ ਕਰਕੇ ਧਰਨੇ ਨੂੰ ਜਾਂਦੇ ਸਾਰੇ ਰਸਤੇ ਵੀ ਬੰਦ ਕਰ ਦਿੱਤੇ ਗਏ ਹਨ । ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਹੈ ।
ਕਿਸਾਨ ਆਗੂਆਂ ਨੇ ਅੰਦੋਲਨ ਹੋਰ ਤੇਜ਼ ਕਰਨ ਦਾ ਸੱਦਾ ਦਿੰਦੇ ਹੋਏ ਜ਼ੋਰਦਾਰ ਮੰਗ ਕੀਤੀ ਕਿ ਅਡਾਨੀਆਂ-ਅੰਬਾਨੀਆਂ ਨੂੰ ਦੇਸ਼ 'ਚੋਂ ਬਾਹਰ ਕੱਢਿਆ ਜਾਵੇ ਅਤੇ ਕੁਦਰਤ ਪੱਖੀ ਖੇਤੀ ਮਾਡਲ ਅਪਣਾ ਕੇ ਕਾਰਪੋਰੇਟ ਖੇਤੀ ਮਾਡਲ ਨੂੰ ਰੱਦ ਕੀਤਾ ਜਾਵੇ, ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ, ਐਮ. ਐਸ. ਪੀ. ਦਾ ਕਾਨੂੰਨ ਬਣਾ ਕੇ 23 ਫ਼ਸਲਾਂ ਦੀ ਖ਼ਰੀਦ ਦੀ ਗਰੰਟੀ ਕੀਤੀ ਜਾਵੇ, ਗ੍ਰਿਫ਼ਤਾਰ ਕੀਤੇ ਸਾਰੇ ਕਿਸਾਨ ਤੇ ਨੌਜਵਾਨ ਰਿਹਾਅ ਕੀਤੇ ਜਾਣ, ਬਿਜਲੀ ਸੋਧ ਬਿੱਲ-2020 ਰੱਦ ਕੀਤਾ ਜਾਵੇ, ਹਵਾ ਪ੍ਰਦੂਸ਼ਣ ਐਕਟ 2020 ਰੱਦ ਕੀਤਾ ਜਾਵੇ।