ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਜਾਤ ਅਤੇ ਧਰਮ ਦੇ ਨਾਂ ’ਤੇ ਵੋਟਾਂ ਨਾ ਮੰਗਣ ਲਈ ਕਿਹਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਹਾ, ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਉਮੀਦਵਾਰਾਂ ਅਤੇ ਸਟਾਰ ਪ੍ਰਚਾਰਕਾਂ ਵਿਰੁਧ ਸਖਤ ਕਾਰਵਾਈ ਕੀਤੀ ਜਾਵੇਗੀ

Rajiv Kumar

ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਸ਼ੁਕਰਵਾਰ ਨੂੰ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਨੇਤਾਵਾਂ ਨੂੰ ਜਾਤ, ਧਰਮ ਅਤੇ ਭਾਸ਼ਾ ਦੇ ਆਧਾਰ ’ਤੇ ਵੋਟਾਂ ਮੰਗਣ ਤੋਂ ਗੁਰੇਜ਼ ਕਰਨ ਅਤੇ ਕਿਸੇ ਸ਼ਰਧਾਲੂ ਅਤੇ ਭਗਵਾਨ ਦੇ ਰਿਸ਼ਤੇ ਦਾ ਮਜ਼ਾਕ ਨਾ ਉਡਾਉਣ ਜਾਂ ਰੱਬੀ ਕ੍ਰੋਧ ਦਾ ਹਵਾਲਾ ਨਾ ਦੇਣ ਲਈ ਕਿਹਾ ਹੈ। ਸਿਆਸੀ ਪਾਰਟੀਆਂ ਨੂੰ ਜਾਰੀ ਸਲਾਹ ’ਚ ਕਮਿਸ਼ਨ ਨੇ ਕਿਹਾ ਕਿ ‘ਨੈਤਿਕ ਨਿੰਦਾ’ ਦੀ ਬਜਾਏ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਉਮੀਦਵਾਰਾਂ ਅਤੇ ਸਟਾਰ ਪ੍ਰਚਾਰਕਾਂ ਵਿਰੁਧ ਸਖਤ ਕਾਰਵਾਈ ਕੀਤੀ ਜਾਵੇਗੀ। 

ਚੋਣ ਕਮਿਸ਼ਨ ਨੇ ਇਹ ਵੀ ਕਿਹਾ ਕਿ ਮੰਦਰਾਂ, ਮਸਜਿਦਾਂ, ਗਿਰਜਾਘਰਾਂ, ਗੁਰਦੁਆਰਿਆਂ ਜਾਂ ਕਿਸੇ ਹੋਰ ਪੂਜਾ ਸਥਾਨ ਦੀ ਵਰਤੋਂ ਚੋਣ ਪ੍ਰਚਾਰ ਲਈ ਨਹੀਂ ਕੀਤੀ ਜਾਣੀ ਚਾਹੀਦੀ। ਇਹ ਸਲਾਹ ਲੋਕ ਸਭਾ ਚੋਣਾਂ ਅਤੇ ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਕੁੱਝ ਦਿਨ ਪਹਿਲਾਂ ਆਈ ਹੈ।ਇਸ ਵਿਚ ਕਿਹਾ ਗਿਆ ਹੈ ਕਿ ਸਟਾਰ ਪ੍ਰਚਾਰਕਾਂ ਅਤੇ ਉਮੀਦਵਾਰਾਂ ਜਿਨ੍ਹਾਂ ਨੂੰ ਪਹਿਲਾਂ ਨੋਟਿਸ ਮਿਲੇ ਹਨ, ਉਨ੍ਹਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਵਾਰ-ਵਾਰ ਉਲੰਘਣਾ ਕਰਨ ਲਈ ਸਖਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। 

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਹਾਲ ਹੀ ’ਚ ਜ਼ੋਰ ਦੇ ਕੇ ਕਿਹਾ ਸੀ ਕਿ ਸਿਆਸੀ ਪਾਰਟੀਆਂ ਨੂੰ ਇਕ ਨੈਤਿਕ ਅਤੇ ਸਤਿਕਾਰਯੋਗ ਸਿਆਸੀ ਵਿਚਾਰ-ਵਟਾਂਦਰੇ ਨੂੰ ਉਤਸ਼ਾਹਤ ਕਰਨਾ ਚਾਹੀਦਾ ਹੈ ਜੋ ਵੰਡ ਦੀ ਬਜਾਏ ਪ੍ਰੇਰਣਾ ਲੈਂਦਾ ਹੈ, ਨਿੱਜੀ ਹਮਲਿਆਂ ਦੀ ਬਜਾਏ ਵਿਚਾਰਾਂ ਨੂੰ ਉਤਸ਼ਾਹਤ ਕਰਦਾ ਹੈ।