ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੇ ਕਿਹਾ ਸੀ ਕਿ ਮੈਂ 100 ਕਰੋੜ ਰੁਪਏ ਖਾ ਗਿਆ : ਕੇਜਰੀਵਾਲ
ਅਦਾਲਤ ਦੇ ਫ਼ੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਕੇਜਰੀਵਾਲ ਕੱਟੜ ਇਮਾਨਦਾਰ ਹੈ
ਨਵੀਂ ਦਿੱਲੀ : ਸ਼ਰਾਬ ਘੁਟਾਲੇ ਵਿਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸਤਿੰਦਰ ਜੈਨ ਦੇ ਬਰੀ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਅੱਜ ਦਿੱਲੀ ਦੇ ਜੰਤਰ ਮੰਤਰ ਵਿਖੇ ਵੱਡੀ ਰੈਲੀ ਕੀਤੀ ਗਈ। ਇਸ ਰੈਲੀ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਸੰਬੋਧਨ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੱਚ ਦੀ ਜਿੱਤ ਹੋਈ ਹੈ। ਕੇਜਰੀਵਾਲ ਖਿਲਾਫ ਭਾਜਪਾ ਨੇ ਸਾਜ਼ਿਸ਼ ਰਚੀ ਸੀ। ਚੰਗਾ ਕੰਮ ਕਰਨ ਨੂੰ ਭਾਜਪਾ ਸਰਕਾਰ ਨੇ ਜੇਲ੍ਹ ਵਿਚ ਸੁੱਟਿਆ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਦੀ ਰਾਜਨੀਤੀ ਬਦਲਣ ਆਏ ਹਾਂ ਤੇ ਹੁਣ ਸਾਨੂੰ 2027 ਵਿਚ ਆਉਣ ਤੋਂ ਕੋਈ ਨਹੀਂ ਰੋਕ ਸਕਦਾ ਅਤੇ ਅਸੀਂ ਪੰਜਾਬ ਵਿਚ ਵੀ 2027 ’ਚ ਮੁੜ ਤੋਂ ਪੂਰਨ ਬਹੁਮਤ ਨਾਲ ਸਰਕਾਰ ਬਣਾਵਾਂਗੇ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੇ ਲੋਕਾਂ ਨੂੰ ਬਹੁਤ ਪ੍ਰੇਸ਼ਾਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਹਾ ਕਿ ਅਰਵਿੰਦ ਕੇਜਰੀਵਾਲ 100 ਕਰੋੜ ਰੁਪਇਆ ਖਾ ਗਏ ਹਨ। ਪਰ ਅਦਾਲਤ ਦੇ ਫ਼ੈਸਲੇ ਨੇ ਸਾਬਤ ਕਰ ਦਿੱਤਾ ਹੈ ਅਰਵਿੰਦ ਕੇਜਰੀਵਾਲ ਕੱਟੜ ਇਮਾਨਦਾਰ ਹਨ। ਉਨ੍ਹਾਂ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ 12 ਸਾਲ ’ਚ ਦੇਸ਼ ਦਾ ਬੇੜਾ ਗਰਕ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਤੋਂ 12 ਸਾਲਾਂ ਦੇ ਅੰਦਰ ਦੇਸ਼ ਦੀਆਂ ਸੜਕਾਂ ਨਹੀਂ ਬਣੀਆਂ। ਉਨ੍ਹਾਂ ਕਿਹਾ ਕਿ ਗੁਜਰਾਤ ਦੀਆਂ ਸੜਕਾਂ ਦਾ ਬਹੁਤ ਬੁਰਾ ਹਾਲ ਹੈ। ਪ੍ਰਧਾਨ ਮੰਤਰੀ ’ਤੇ ਤੰਜ਼ ਕਸਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਨਾਲ ਪਿਆਰ ਨਹੀਂ, ਬਲਕਿ ਉਨ੍ਹਾਂ ਨੂੰ ਸਿਰਫ਼ ਸੱਤਾ ਨਾਲ ਪਿਆਰ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੋਦੀ ਜੀ ਤੁਸੀਂ ਸੱਤਾ ਲਈ ਕੰਮ ਕਰੋ ਪਰ ਅਰਵਿੰਦ ਕੇਜਰੀਵਾਲ ਦੇਸ਼ ਲਈ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਅੱਜ ਤੋਂ ਬਾਅਦ ਪੂਰੇ ਦੇਸ਼ ਅੰਦਰ ਭਾਰਤੀ ਜਨਤਾ ਪਾਰਟੀ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ।
ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸੇ ਜੰਤਰ-ਮੰਤਰ 'ਤੇ ਆਮ ਆਦਮੀ ਪਾਰਟੀ ਦਾ ਜਨਮ ਹੋਇਆ ਸੀ ਅਤੇ ਅੱਜ ਫਿਰ ਉਹੀ ਜਗ੍ਹਾ ਪਾਰਟੀ ਨੂੰ ਮਜ਼ਬੂਤ ਕਰਨ ਦਾ ਮੰਚ ਬਣੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦਿੱਲੀ ਦੀ ਤਰ੍ਹਾਂ ਹੁਣ ਰਾਸ਼ਟਰੀ ਪੱਧਰ 'ਤੇ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਸੰਘਰਸ਼ ਕਰਨਾ ਹੋਵੇਗਾ। ਸਿਸੋਦੀਆ ਨੇ ਕਿਹਾ ਕਿ ਇਸ ਦੇ ਲਈ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਨਾਲ ਟਕਰਾਉਣ ਦੀ ਤਿਆਰੀ ਰੱਖਣੀ ਹੋਵੇਗੀ।
ਇਸ ਤੋਂ ਬਾਅਦ ਰੈਲੀ ਨੂੰ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ,ਗੋਪਾਲ ਰਾਏ, ਸੰਜੇ ਸਿੰਘ ਅਤੇ ਹੋਰਨਾਂ ਆਗੂਆਂ ਵੱਲੋਂ ਵੀ ਸੰਬੋਧਨ ਕੀਤਾ ਗਿਆ। ਇਨ੍ਹਾਂ ਆਗੂਆਂ ਵੱਲੋਂ ਸੱਤਾਧਾਰੀ ਭਾਰਤੀ ਜਨਤਾ ਪਾਰਟੀ ’ਤੇ ਸਿਆਸੀ ਹਮਲੇ ਕੀਤੇ ਗਏ। ਇਨ੍ਹਾਂ ਆਗੂਾਂ ਵੱਲੋਂ ਵੀ ਅਰਵਿੰਦ ਕੇਜਰੀਵਾਲ, ਮਨੀਸ ਸਿਸੋਦੀਆ, ਸਤਿੰਦਰ ਜੈਨ ਆਦਿ ਆਗੂਆਂ ਨੂੰ ਸ਼ਰਾਬ ਘੁਟਾਲਾ ਮਾਮਲੇ ’ਚ ਕਲੀਨ ਚਿੱਟ ਦਿੱਤੇ ਜਾਣ ਨੂੰ ਸੱਚ ਦੀ ਜਿੱਤ ਦੱਸਿਆ ਗਿਆ।