ਸੌਦਾ ਸਾਧ ਰਾਮ ਰਹੀਮ ਤੋਂ ਪੁੱਛਗਿੱਛ ਲਈ SIT ਭਲਕੇ ਜਾਵੇਗੀ ਰੋਹਤਕ ਦੀ ਸੁਨਾਰੀਆ ਜੇਲ੍ਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੁਆਫ਼ੀਨਾਮੇ ਨਾਲ ਜੁੜੇ ਸਵਾਲਾਂ ਸਬੰਧੀ ਹੋਵੇਗੀ ਪੁੱਛਗਿੱਛ

Gurmeet Ram Rahim

ਚੰਡੀਗੜ੍ਹ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਨਾਲ ਜੁੜੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਭਲਕੇ ਮਤਲਬ 2 ਅਪ੍ਰੈਲ ਨੂੰ ਸੌਦਾ ਸਾਧ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਲਈ ਰੋਹਤਕ ਦੀ ਸੁਨਾਰੀਆ ਜੇਲ੍ਹ ਜਾਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਐਸਆਈਟੀ ਸੌਦਾ ਸਾਧ ਤੋਂ ਮੁਆਫ਼ੀਨਾਮੇ ਨਾਲ ਜੁੜੇ ਸਵਾਲਾਂ ਸਬੰਧੀ ਪੁੱਛਗਿੱਛ ਕਰੇਗੀ।

ਦਸ ਦਈਏ ਕਿ ਸੌਦਾ ਸਾਧ ਗੁਰਮੀਤ ਰਾਮ ਰਹੀਮ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਪੰਚਕੁਲਾ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਉਸ ਨੂੰ ਬਲਾਤਕਾਰ ਦੇ ਮਾਮਲੇ ਵਿਚ 25 ਅਗਸਤ 2017 ਨੂੰ ਸਜ਼ਾ ਸੁਣਾਈ ਸੀ। ਇੱਥੇ ਇਹ ਵੀ ਦਸ ਦਈਏ ਕਿ ਐਸਆਈਟੀ ਵਲੋਂ ਫ਼ਰੀਦਕੋਟ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਸੌਦਾ ਸਾਧ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਸਬੰਧੀ ਆਗਿਆ ਮੰਗੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰੀ ਦੇ ਦਿਤੀ ਸੀ।

ਜ਼ਿਕਰਯੋਗ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿਚ ਕੁਝ ਡੇਰਾ ਸਿਰਸਾ ਪ੍ਰੇਮੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਪੰਜਾਬ ਪੁਲਿਸ ਹੁਣ ਤੱਕ 23 ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਤੇ ਉਨ੍ਹਾਂ ਨੂੰ ਬਰਗਾੜੀ ਬੇਅਦਬੀ ਦੀ ਘਟਨਾ ਨਾਲ ਜੋੜਿਆ ਗਿਆ ਹੈ। ਇਸ ਤੋਂ ਇਲਾਵਾ ਐਸਆਈਟੀ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਡੇਰਾ ਮੁਖੀ ਵਿਚਾਲੇ ਮੀਟਿੰਗ ਦੀ ਵੀ ਜਾਂਚ ਕਰ ਰਹੀ ਹੈ।

ਦਰਅਸਲ, ਡੇਰਾ ਮੁਖੀ ਅਪਣੀ ਫ਼ਿਲਮ ਪੰਜਾਬ ਵਿਚ ਰਿਲੀਜ਼ ਕਰਵਾਉਣਾ ਚਾਹੁੰਦਾ ਸੀ ਤੇ ਪਹਿਲਾਂ ਉਸ ਨੂੰ ਕਥਿਤ ਤੌਰ ਉਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਦਿਤੀ ਗਈ। ਇਸ ਮਾਮਲੇ ਵਿਚ ਅਕਸ਼ੇ ਕੁਮਾਰ ਦੀ ਭੂਮਿਕਾ ਵੀ ਮੰਨੀ ਜਾਂਦੀ ਹੈ। ਇਹ ਸਮਝਿਆ ਜਾਂਦਾ ਹੈ ਕਿ ਅਕਸ਼ੇ ਕੁਮਾਰ ਨੇ ਕਥਿਤ ਤੌਰ ਉਤੇ ਸੁਖਬੀਰ ਬਾਦਲ ਅਤੇ ਡੇਰਾ ਮੁਖੀ ਵਿਚਾਲੇ ਮੀਟਿੰਗ ਕਰਵਾਈ ਸੀ। ਇਸੇ ਲਈ ਐਸਆਈਟੀ ਪਹਿਲਾਂ ਅਕਸ਼ੇ ਕੁਮਾਰ, ਸੁਖਬੀਰ ਬਾਦਲ ਤੇ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ।