ਵਿਧਾਇਕਾ ਬਲਜਿੰਦਰ ਕੌਰ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੋ ਸਾਲ ਪੁਰਾਣੇ ਕੇਸ 'ਚ ਅਦਾਲਤ ਵਿਚ ਨਹੀਂ ਹੋਏ ਪੇਸ਼

Chandigarh District Court issued non-bailable warrant against MLA Baljinder Kaur

ਚੰਡੀਗੜ੍ਹ : ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਦੱਸ ਦੇਈਏ ਕਿ ਅਦਾਲਤ ਨੇ ਦੋ ਸਾਲ ਪੁਰਾਣੇ ਕੇਸ ਵਿੱਚ ਇਹ ਵਾਰੰਟ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਪ੍ਰੋ. ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੇ ਸਨ।

ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕਾ ਖ਼ਿਲਾਫ਼ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ ਪਰ ਫਿਰ ਵੀ ਵਿਧਾਇਕਾ ਅਦਾਲਤ 'ਚ ਪੇਸ਼ ਨਹੀਂ ਹੋਏ ਤਾਂ ਹੁਣ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਸੈਕਟਰ-3 ਥਾਣੇ ਦੀ ਪੁਲਿਸ ਨੇ ਪਿਛਲੇ ਸਾਲ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।

ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਹੋਰ ਆਗੂ ਤੇ ਵਿਧਾਇਕ ਸ਼ਾਮਲ ਹਨ। ਮੁਲਜ਼ਮਾਂ ਖ਼ਿਲਾਫ਼ ਧਾਰਾ 147, 149, 332, 353 ਤਹਿਤ ਕੇਸ ਦਰਜ ਕੀਤਾ ਗਿਆ ਹੈ। ਕਈ ਮੁਲਜ਼ਮ ਪਹਿਲਾਂ ਹੀ ਅਦਾਲਤ ਤੋਂ ਅਗਾਊਂ ਜ਼ਮਾਨਤ ਲੈ ਚੁੱਕੇ ਹਨ, ਜਦੋਂਕਿ ਪ੍ਰੋ. ਬਲਜਿੰਦਰ ਕੌਰ ਅਦਾਲਤ ਵਿੱਚ ਪੇਸ਼ ਨਹੀਂ ਹੋਏ।

ਦੱਸਣਯੋਗ ਹੈ ਕਿ ਇਹ ਘਟਨਾ ਜਨਵਰੀ 2020 ਦੀ ਹੈ ਜਦੋਂ ਪੰਜਾਬ ਵਿੱਚ ਮਹਿੰਗੀ ਬਿਜਲੀ ਦਾ ਮੁੱਦਾ ਗਰਮਾਇਆ ਹੋਇਆ ਸੀ। 'ਆਪ' ਦੇ ਸੈਂਕੜੇ ਵਰਕਰ ਤੇ ਆਗੂ ਸੜਕਾਂ 'ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਆਗੂਆਂ ਦੀ ਪੁਲਿਸ ਨਾਲ ਹੱਥੋਪਾਈ ਵੀ ਹੋਈ। ਇਸ ਪੂਰੀ ਘਟਨਾ ਵਿੱਚ ਇੰਸਪੈਕਟਰ ਮਲਕੀਤ ਸਿੰਘ, ਕਾਂਸਟੇਬਲ ਵਿਨੀਤ ਕੁਮਾਰ ਅਤੇ ਮਹਿਲਾ ਕਾਂਸਟੇਬਲ ਮਨਪ੍ਰੀਤ ਕੌਰ ਜ਼ਖ਼ਮੀ ਹੋ ਗਏ। ਸੈਕਟਰ-3 ਚੰਡੀਗੜ੍ਹ ਦੀ ਪੁਲਿਸ ਨੇ ਮਨਪ੍ਰੀਤ ਦੀ ਸ਼ਿਕਾਇਤ ’ਤੇ ਇਨ੍ਹਾਂ ਸਾਰਿਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।