ਲੋਕ ਸਭਾ 'ਚ Manish Tewari ਨੇ ਸ਼ਹੀਦ ਕਿਸਾਨਾਂ ਲਈ ਮੰਗਿਆ 5-5 ਕਰੋੜ ਦਾ ਮੁਆਵਜ਼ਾ
ਸਰਕਾਰ ਕੋਲ ਕਿਸਾਨਾਂ ਦੀਆਂ ਮੌਤਾਂ ਦਾ ਨਹੀਂ ਹੈ ਕੋਈ ਅੰਕੜਾ
ਨਵੀਂ ਦਿੱਲੀ: ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਮੌਤਾਂ ਦਾ ਮੁੱਦਾ ਗਰਮਾਉਂਦਾ ਜਾ ਰਿਹਾ ਹੈ। ਇਸ ਦੌਰਾਨ ਲੋਕ ਸਭਾ ਦੀ ਕਾਰਵਾਈ ਦੌਰਾਨ ਲੋਕ ਹਿੱਤ ਦੇ ਜ਼ਰੂਰੀ ਮੁੱਦਿਆਂ 'ਤੇ ਹੋਈ ਚਰਚਾ ਦੌਰਾਨ ਕਾਂਗਰਸ ਦੇ ਸਾਬਕਾ ਕੇਂਦਰੀ ਮੰਤਰੀ ਅਤੇ ਪੰਜਾਬ ਦੀ ਆਨੰਦਪੁਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੇਅਰਮੈਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਅਪੀਲ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸੂਚੀ ਬਣਾਈ ਜਾਵੇ ਅਤੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 5-5 ਕਰੋੜ ਦਾ ਮੁਆਵਜ਼ਾ ਦਿੱਤਾ ਜਾਵੇ।
ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਮੰਗ ਤੋਂ ਪਹਿਲਾਂ ਹੀ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸਵੇਰੇ ਕਿਹਾ ਸੀ ਕਿ ਸਰਕਾਰ ਕੋਲ ਕਿਸਾਨ ਅੰਦੋਲਨ ਦੌਰਾਨ ਕਿਸੇ ਵੀ ਕਿਸਾਨ ਦੀ ਮੌਤ ਦਾ ਅੰਕੜਾ ਨਹੀਂ ਹੈ।
ਦਰਅਸਲ ਲੋਕ ਸਭਾ ਵਿੱਚ ਸਵਾਲ ਪੁੱਛਿਆ ਗਿਆ ਸੀ ਕਿ ਕੀ ਸਰਕਾਰ ਕੋਲ ਇਸ ਗੱਲ ਦਾ ਅੰਕੜਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਕਿੰਨੇ ਕਿਸਾਨਾਂ ਦੀ ਮੌਤ ਹੋਈ ਹੈ ਅਤੇ ਕੀ ਕੇਂਦਰ ਸਰਕਾਰ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇਗੀ?
ਇਸ ਦੇ ਜਵਾਬ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਆਪਣੇ ਲਿਖਤੀ ਜਵਾਬ ਵਿੱਚ ਕਿਹਾ ਹੈ ਕਿ ਖੇਤੀਬਾੜੀ ਮੰਤਰਾਲੇ ਕੋਲ ਕਿਸਾਨ ਅੰਦੋਲਨ ਕਾਰਨ ਕਿਸੇ ਕਿਸਾਨ ਦੀ ਮੌਤ ਦਾ ਕੋਈ ਰਿਕਾਰਡ ਨਹੀਂ ਹੈ। ਇਸ ਲਈ ਮ੍ਰਿਤਕ ਦੇ ਵਾਰਸਾਂ ਨੂੰ ਮੁਆਵਜ਼ਾ ਦਿੱਤੇ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।