ਰੂਸ-ਯੂਕਰੇਨ ਜੰਗ : ਪੰਜਾਬ ਦੇ 6 ਕਾਂਗਰਸੀ ਸਾਂਸਦਾਂ ਨੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨਾਲ ਕੀਤੀ ਮੁਲਾਕਾਤ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਯੂਕਰੇਨ 'ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਣ ਦੀ ਕੀਤੀ ਅਪੀਲ 

6 Congress MPs from Punjab meet Union Minister Meenakshi Lekhi

ਨਵੀਂ ਦਿੱਲੀ : ਰੂਸ ਵਲੋਂ ਯੂਕਰੇਨ 'ਤੇ ਕੀਤੇ ਜਾ ਰਹੇ ਹਮਲੇ ਲਗਾਤਾਰ ਜਾਰੀ ਹਨ ਅਤੇ ਯੂਕਰੇਨ ਵਿਚ ਪੰਜਾਬ ਦੇ ਕਈ ਨਾਗਰਿਕ ਫਸੇ ਹੋਏ ਹਨ। ਇਸ ਸਬੰਧ ਵਿਚ ਹੀ ਅੱਜ ਪੰਜਾਬ ਦੇ 6 ਕਾਂਗਰਸੀ ਸੰਸਦ ਮੈਂਬਰਾਂ ਨੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਣ ਦੀ ਅਪੀਲ ਕੀਤੀ।

ਉਨ੍ਹਾਂ ਨੇ ਖਾਰਕੀਵ ਵਿੱਚ ਫਸੇ ਵਿਦਿਆਰਥੀਆਂ 'ਤੇ ਵਿਸ਼ੇਸ਼ ਜ਼ੋਰ ਦੇਣ ਦੀ ਅਪੀਲ ਕੀਤੀ। ਕੇਂਦਰੀ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸਰਕਾਰ ਯੂਕਰੇਨ ਵਿੱਚ ਭਾਰਤੀਆਂ ਦੀ ਸੁਰੱਖਿਆ ਅਤੇ ਨਿਕਾਸੀ ਲਈ ਹਰ ਕਦਮ ਚੁੱਕ ਰਹੀ ਹੈ। ਦੱਸ ਦੇਈਏ ਕਿ ਪੰਜਾਬ ਦੇ 6 ਸੰਸਦ ਮੈਂਬਰਾਂ ਨੇ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਯੂਕਰੇਨ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਣ ਦੀ ਅਪੀਲ ਕੀਤੀ।

ਇਸ ਮੌਕੇ ਉਨ੍ਹਾਂ ਖਾਰਕੀਵ ਵਿਚ ਰਹਿ ਰਹੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਸੁਰੱਖਿਅਤ ਦੇਸ਼ ਵਾਪਸ ਲਿਆਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿਉਂਕਿ ਇਹ ਇਲਾਕਾ ਰੂਸ ਦੀ ਸਰਹੱਦ ਦੇ ਨੇੜੇ ਹੈ ਪਰ ਪੋਲੈਂਡ/ਰੋਮਾਨੀਆ ਸਰਹੱਦ ਤੋਂ ਲਗਭਗ 1600 ਕਿਲੋਮੀਟਰ ਦੂਰ ਹੈ ਅਤੇ ਇਹ ਸ਼ਹਿਰ ਯੁੱਧ ਦਾ ਕੇਂਦਰ ਹੈ। ਉਨ੍ਹਾਂ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ 1 ਭਾਰਤੀ ਵਿਦਿਆਰਥੀ ਦੀ ਮੌਤ ਤੋਂ ਬਾਅਦ ਲੋਕਾਂ ਦੀ ਚਿੰਤਾ ਵਧ ਗਈ ਹੈ।

ਭਾਰਤੀਆਂ 'ਤੇ ਯੂਕਰੇਨ ਦੀ ਪੁਲਿਸ ਦੀ ਬੇਰਹਿਮੀ ਨੂੰ ਹਰ ਕੀਮਤ 'ਤੇ ਰੋਕਿਆ ਜਾਣਾ ਚਾਹੀਦਾ ਹੈ ਕਿਉਂਕਿ ਲੜਕੀਆਂ ਨੂੰ ਕੁੱਟਣ ਅਤੇ ਅਗਵਾ ਕੀਤੇ ਜਾਣ ਦੀਆਂ ਇਹ ਪਰੇਸ਼ਾਨ ਕਰਨ ਵਾਲੀਆਂ ਵੀਡੀਓਜ਼ ਨੇ ਹਰ ਭਾਰਤੀ ਨੂੰ ਚਿੰਤਾ ਵਿਚ ਪਾਇਆ ਹੋਇਆ ਹੈ। ਉਨ੍ਹਾਂ ਪੰਜਾਬ ਦੇ ਫਸੇ ਲੋਕਾਂ/ਵਿਦਿਆਰਥੀਆਂ ਦੀ ਸੂਚੀ ਵੀ ਮੰਤਰੀ ਨੂੰ ਸੌਂਪੀ। ਵਿਦੇਸ਼ ਰਾਜ ਮੰਤਰੀ ਲੇਖੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਭਾਰਤ ਸਰਕਾਰ ਯੂਕਰੇਨ ਵਿੱਚ ਸਾਰੇ ਭਾਰਤੀਆਂ ਦੀ ਸੁਰੱਖਿਆ ਅਤੇ ਨਿਕਾਸੀ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।

ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਭਾਰਤੀ ਹਵਾਈ ਸੈਨਾ ਦੇ ਜਹਾਜ਼ਾਂ ਨੂੰ ਯੂਕਰੇਨ ਤੋਂ ਤੇਜ਼ੀ ਨਾਲ ਅਤੇ ਪ੍ਰਭਾਵਸ਼ਾਲੀ ਨਿਕਾਸੀ ਲਈ ਹਦਾਇਤਾਂ ਦਿਤੀਆਂ ਗਈਆਂ ਹਨ। ਇਸ ਮੌਕੇ ਪੰਜਾਬ ਦੇ 6 ਸਾਂਸਦਾਂ ਵਿਚ ਜਸਬੀਰ ਸਿੰਘ ਡਿੰਪਾ ਗਿੱਲ, ਮਨੀਸ਼ ਤਿਵਾੜੀ, ਗੁਰਜੀਤ ਸਿੰਘ ਔਜਲਾ, ਰਵਨੀਤ ਸਿੰਘ ਬਿੱਟੂ, ਸੰਤੋਖ ਸਿੰਘ ਚੌਧਰੀ, ਡਾ: ਅਮਰ ਸਿੰਘ ਵਫ਼ਦ ਦਾ ਹਿੱਸਾ ਸਨ।