ਪਹਿਲਾਂ ਪੋਸਟਲ ਬੈਲਟਾਂ ਦੀ ਗਿਣਤੀ ਹੋਵੇ : ‘ਇੰਡੀਆ’ ਗੱਠਜੋੜ ਨੇ ਚੋਣ ਕਮਿਸ਼ਨ ਨੂੰ ਕੀਤੀ ਅਪੀਲ
‘ਇੰਡੀਆ’ ਗਠਜੋੜ ਦੇ ਆਗੂਆਂ ਦੇ ਇਕ ਵਫ਼ਦ ਨੇ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਚੋਣ ਕਮਿਸ਼ਨ ਦੇ ਪੂਰੇ ਬੈਂਚ ਨਾਲ ਮੁਲਾਕਾਤ ਕੀਤੀ
ਨਵੀਂ ਦਿੱਲੀ: ਵਿਰੋਧੀ ਧਿਰ ‘ਇੰਡੀਆ’ ਗੱਠਜੋੜ ਦੇ ਨੇਤਾਵਾਂ ਨੇ ਐਤਵਾਰ ਨੂੰ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਏ ਕਿ 4 ਜੂਨ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੇ ਨਤੀਜੇ ਐਲਾਨੇ ਜਾਣ ਤੋਂ ਪਹਿਲਾਂ ਪੋਸਟਲ ਬੈਲਟਾਂ ਦੀ ਗਿਣਤੀ ਕੀਤੀ ਜਾਵੇ ਅਤੇ ਉਨ੍ਹਾਂ ਦਾ ਐਲਾਨ ਕੀਤਾ ਜਾਵੇ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿਤਾ ਕਿ ਚੋਣ ਕਮਿਸ਼ਨ ਨੂੰ ਗਿਣਤੀ ਪ੍ਰਕਿਰਿਆ ਬਾਰੇ ਸਪੱਸ਼ਟ ਦਿਸ਼ਾ-ਹੁਕਮ ਜਾਰੀ ਕਰਨੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਲਾਗੂ ਕਰਨਾ ਯਕੀਨੀ ਬਣਾਉਣਾ ਚਾਹੀਦਾ ਹੈ।
ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ (ਇੰਡੀਆ) ਦੇ ਆਗੂਆਂ ਦੇ ਇਕ ਵਫ਼ਦ ਨੇ ਮੰਗਲਵਾਰ ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਐਤਵਾਰ ਨੂੰ ਚੋਣ ਕਮਿਸ਼ਨ ਦੇ ਪੂਰੇ ਬੈਂਚ ਨਾਲ ਮੁਲਾਕਾਤ ਕੀਤੀ। ਬੈਠਕ ਤੋਂ ਬਾਅਦ ਕਾਂਗਰਸ ਨੇਤਾ ਅਭਿਸ਼ੇਕ ਸਿੰਘਵੀ ਨੇ ਪੱਤਰਕਾਰਾਂ ਨੂੰ ਦਸਿਆ ਕਿ ਇਹ ਤੀਜੀ ਵਾਰ ਹੈ ਜਦੋਂ ਵਿਰੋਧੀ ਧਿਰ ਦੇ ਨੇਤਾਵਾਂ ਦਾ ਇਕ ਵਫ਼ਦ ਆਮ ਚੋਣਾਂ ਦੌਰਾਨ ਚੋਣ ਕਮਿਸ਼ਨ ਗਿਆ ਹੈ। ਉਨ੍ਹਾਂ ਕਿਹਾ, ‘‘ਸਾਡੀ ਸ਼ਿਕਾਇਤ ਹੈ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਨੇ ਇਸ ਪਰੰਪਰਾ ਨੂੰ ਤੋੜ ਦਿਤਾ ਹੈ।’’
ਕਮਿਸ਼ਨ ਨੂੰ ਸੌਂਪੀ ਚਿੱਠੀ ’ਚ ਆਗੂਆਂ ਨੇ ਕਿਹਾ ਕਿ ਲੋਕ ਸਭਾ ਚੋਣਾਂ ’ਚ ਪੋਸਟਲ ਬੈਲਟਾਂ ਦੀ ਗਿਣਤੀ ’ਚ ਕਾਫ਼ੀ ਵਾਧਾ ਹੋਇਆ ਹੈ ਕਿਉਂਕਿ ਸੀਨੀਅਰ ਨਾਗਰਿਕਾਂ (85 ਸਾਲ ਅਤੇ ਇਸ ਤੋਂ ਵੱਧ ਉਮਰ ਦੇ) ਅਤੇ ਅਪਾਹਜ ਵਿਅਕਤੀਆਂ ਨੂੰ ਇਸ ਪ੍ਰਕਿਰਿਆ ਰਾਹੀਂ ਵੋਟ ਪਾਉਣ ਦੀ ਆਗਿਆ ਦਿਤੀ ਗਈ ਸੀ।