ਪੰਜਾਬ ਕਾਂਗਰਸ 'ਚ ਚੱਲ ਰਹੇ ਕਾਟੋ ਕਲੇਸ਼ 'ਤੇ ਨਰਿੰਦਰ ਤੋਮਰ ਦਾ ਬਿਆਨ, ਕਿਹਾ....
'ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਹੋਈ ਅਢੁਕਵੀਂ'
ਗਵਾਲੀਅਰ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ (Narendra Singh Tomar) ਨੇ ਉਮੀਦ ਜਤਾਈ ਹੈ ਕਿ ਮੱਧ ਪ੍ਰਦੇਸ਼ ਵਿੱਚ ਹੋਣ ਵਾਲੀਆਂ ਉਪ ਚੋਣਾਂ ਵਿੱਚ ਭਾਜਪਾ ਸਾਰੀਆਂ ਸੀਟਾਂ ਜਿੱਤ ਲਵੇਗੀ। ਸ਼ੁੱਕਰਵਾਰ ਸ਼ਾਮ ਨੂੰ ਗਵਾਲੀਅਰ ਪਹੁੰਚੇ ਤੋਮਰ (Narendra Singh Tomar) ਨੇ ਕਿਹਾ ਕਿ ਭਾਜਪਾ ਆਪਣੇ ਵਰਕਰਾਂ ਦੇ ਬਲ 'ਤੇ ਜਿੱਤੇਗੀ। ਇਸ ਨਾਲ ਉਨ੍ਹਾਂ ਨੇ ਕਾਂਗਰਸ ਪਾਰਟੀ 'ਤੇ ਵੀ ਹਮਲਾ ਸਾਧਿਆ।
ਤੋਮਰ ਨੇ ਪੰਜਾਬ ਅਤੇ ਛੱਤੀਸਗੜ੍ਹ ਵਿੱਚ ਡੂੰਘੇ ਸਿਆਸੀ ਸੰਕਟ ਨੂੰ ਲੈ ਕੇ ਕਾਂਗਰਸ 'ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਅਢੁਕਵੀਂ ਹੋ ਗਈ ਹੈ। ਕਾਂਗਰਸ ਨਾ ਤਾਂ ਕੇਂਦਰ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਨੂੰ ਸਹੀ ਢੰਗ ਨਾਲ ਨਿਭਾਉਣ ਦੇ ਯੋਗ ਹੈ ਅਤੇ ਨਾ ਹੀ ਪਾਰਟੀ ਦੇ ਅੰਦਰ ਮਤਭੇਦ ਸੁਲਝਾਉਣ ਦੇ ਸਮਰੱਥ ਹੈ। ਇਹੀ ਕਾਰਨ ਹੈ ਕਿ ਕਾਂਗਰਸ ਸ਼ਾਸਤ ਰਾਜਾਂ ਵਿੱਚ ਇੱਕ ਤੋਂ ਬਾਅਦ ਇੱਕ ਇਹ ਸਥਿਤੀ ਪੈਦਾ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਵਿੱਚ ਲੀਡਰਸ਼ਿਪ ਤਬਦੀਲੀ ਬਾਰੇ ਅਟਕਲਾਂ ਦੇ ਸਵਾਲ ਉੱਤੇ ਤੋਮਰ ਨੇ ਕਿਹਾ ਕਿ ਸਰਕਾਰ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਵਿੱਚ ਬਿਹਤਰ ਢੰਗ ਨਾਲ ਕੰਮ ਕਰ ਰਹੀ ਹੈ। ਖੇਤੀਬਾੜੀ ਮੰਤਰੀ ਨੇ ਮੱਧ ਪ੍ਰਦੇਸ਼ ਵਿੱਚ ਖਾਦ ਸੰਕਟ ਤੋਂ ਵੀ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਿਤੇ ਵੀ ਖਾਦ ਸੰਕਟ ਨਹੀਂ ਹੈ। ਦੇਰੀ ਆਵਾਜਾਈ ਵਿੱਚ ਲਏ ਗਏ ਸਮੇਂ ਦੇ ਕਾਰਨ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਖਾਦ ਦੀ ਕੋਈ ਸਮੱਸਿਆ ਪੈਦਾ ਨਹੀਂ ਹੋਣ ਦਿੱਤੀ ਜਾਵੇਗੀ।