ਦੇਸ਼ 'ਚ 74.91 ਲੱਖ ਤੋਂ ਜ਼ਿਆਦਾ ਲੋਕ ਹੋਏ ਸਿਹਤਮੰਦ, ਲੋਕਾਂ ਦੇ ਸੰਕਰਮਿਤ ਹੋਣ ਦੀ ਦਰ 91.54%
ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ ਐਤਵਾਰ ਨੂੰ ਵਧ ਕੇ 81,84,082 ਹੋ ਗਈ ਹੈ
ਨਵੀਂ ਦਿੱਲੀ - ਭਾਰਤ ਵਿਚ ਕੋਰੋਨਾ ਵਾਇਰਸ ਦੀ ਲਾਗ ਦੇ 46,963 ਨਵੇਂ ਕੇਸ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤਕ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ ਐਤਵਾਰ ਨੂੰ ਵਧ ਕੇ 81,84,082 ਹੋ ਗਈ ਹੈ, ਜਿਨ੍ਹਾਂ ਵਿਚੋਂ 74.91 ਲੱਖ ਤੋਂ ਜ਼ਿਆਦਾ ਲੋਕ ਸਿਹਤਮੰਦ ਹੋ ਚੁੱਕੇ ਹਨ ਅਤੇ ਇਸ ਦੇ ਨਾਲ ਹੀ ਲੋਕਾਂ ਦੇ ਸੰਕਰਮਿਤ ਹੋਣ ਦੀ ਦਰ 91.54 ਪ੍ਰਤੀਸ਼ਤ ਹੋ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ 8 ਵਜੇ ਜਾਰੀ ਕੀਤੇ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ ਵਿਚ 470 ਹੋਰ ਲੋਕਾਂ ਦੀ ਮੌਤ ਹੋਣ ਕਾਰਨ ਦੇਸ਼ ਵਿਚ ਸੰਕਰਮਣ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਦੀ ਗਿਣਤੀ 1,22,111 ਹੋ ਗਈ ਹੈ। ਦੇਸ਼ ਵਿਚ ਹੁਣ ਤਕ 74,91,513 ਲੋਕ ਕੋਵਿਡ -19 ਦੀ ਲਾਗ ਤੋਂ ਠੀਕ ਹੋ ਚੁੱਕੇ ਹਨ ਅਤੇ ਦੇਸ਼ ਵਿਚ ਲੋਕਾਂ ਦੇ ਸੰਕਰਮਿਤ ਹੋਣ ਦੀ ਦਰ ਵਧ ਕੇ 91.54 ਪ੍ਰਤੀਸ਼ਤ ਹੋ ਗਈ ਹੈ।
ਕੋਰੋਨਾ ਵਾਇਰਸ ਕਾਰਨ ਮੌਤ ਦੀ ਦਰ 1.49 ਪ੍ਰਤੀਸ਼ਤ ਹੈ। ਭਾਰਤ ਵਿਚ, ਤੀਜੇ ਦਿਨ ਇਲਾਜ ਅਧੀਨ ਲੋਕਾਂ ਦੀ ਗਿਣਤੀ ਛੇ ਲੱਖ ਤੋਂ ਘੱਟ ਰਹੀ। ਅੰਕੜਿਆਂ ਅਨੁਸਾਰ ਦੇਸ਼ ਵਿਚ 5,70,458 ਲੋਕ ਇਲਾਜ ਅਧੀਨ ਹਨ, ਜੋ ਕੁੱਲ ਮਾਮਲਿਆਂ ਦਾ 6.97 ਪ੍ਰਤੀਸ਼ਤ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦੇ ਮੁਖੀ ਟੇਡਰੋਸ ਐਡਹੋਮ ਗੈਬਰੇਅਸਿਸ ਨੇ ਆਪਣੇ ਆਪ ਨੂੰ ਕੁਆਰੰਟਾਈਨ ਕਰ ਲਿਆ ਹੈ।
WHO ਮੁਖੀ ਨੇ ਦੱਸਿਆ ਕਿ ਹਾਲ ਹੀ ਵਿਚ ਉਹ ਇੱਕ ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਆਏ ਸਨ ਇਸ ਕਰ ਕੇ ਉਹਨਾਂ ਨੇ ਆਪਣੇ ਆਪ ਨੂੰ ਬਾਕੀਆਂ ਨਾਲੋਂ ਵੱਖ ਕਰ ਲਿਆ ਹੈ। ਇਹ ਜਾਣਕਾਰੀ ਉਹਨਾਂ ਨੇ ਆਪਣੇ ਟਵਿੱਟਰ ਹੈਂਡਲ 'ਤੇ ਸ਼ੇਅਰ ਕੀਤੀ ਹੈ।