ਦਿੱਲੀ-ਯੂਪੀ ਬਾਰਡਰ 'ਤੇ ਕਿਸਾਨਾਂ ਦਾ ਜ਼ੋਰਦਾਰ ਪ੍ਰਦਰਸ਼ਨ, ਸਰਕਾਰ ਖਿਲਾਫ਼ ਨਾਅਰੇਬਾਜ਼ੀ ਜਾਰੀ
ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਸੁੱਟੇ ਬੈਰੀਕੇਡ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਦਿੱਲੀ-ਯੂਪੀ ਸਰਹੱਦ ‘ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਵੱਲੋਂ ਲਾਏ ਬੈਰੀਕੇਡ ਸੁੱਟ ਦਿੱਤੇ ਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਕਿਸਾਨਾਂ ਦੇ ਜ਼ਬਰਦਸਤ ਅੰਦੋਲਨ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਦਿੱਲੀ ਦੇ ਮਯੂਰ ਵਿਹਾਰ-ਨੋਇਡਾ ਬਾਰਡਰ ਨੂੰ ਬੰਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਦਿੱਲੀ ਟ੍ਰੈਫਿਕ ਪੁਲਿਸ ਨੇ ਕਿਹਾ ਸੀ ਕਿ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਟਿਕਰੀ ਬਾਰਡਰ , ਝੜੌਦਾ ਬਾਰਡਰ , ਝਟੀਕੜਾ ਬਾਰਡਰ ਹਰ ਤਰ੍ਹਾਂ ਦੀ ਆਵਾਜਾਈ ਲਈ ਬੰਦ ਹੈ। ਬਡੂਸਰਾਏ ਬਾਰਡਰ ਸਿਰਫ ਦੁਪਹੀਆ ਵਾਹਨਾਂ ਦੀ ਆਵਾਜਾਈ ਲਈ ਖੁੱਲ੍ਹਿਆ ਹੈ।
ਦੱਸ ਦਈਏ ਕਿ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੇ ਚਲਦਿਆਂ ਕਿਸਾਨਾਂ ਵਿਚ ਕਾਫ਼ੀ ਜੋਸ਼ ਪਾਇਆ ਜਾ ਰਿਹਾ ਹੈ। ਕਿਸਾਨਾਂ ਦਾ ਜੋਸ਼ ਵਧਾਉਣ ਲਈ ਹੋਰ ਵਰਗ ਵੀ ਵਧ ਚੜ੍ਹ ਕੇ ਉਹਨਾਂ ਦਾ ਸਾਥ ਦੇ ਰਹੇ ਹਨ। ਠੰਢ ਦੇ ਬਾਵਜੂਦ ਵੀ ਕਿਸਾਨ ਦ੍ਰਿੜ ਇਰਾਦੇ ਨਾਲ ਅੰਦੋਲਨ ਕਰ ਰਹੇ ਹਨ।
ਕਿਸਾਨਾਂ ਵੱਲੋਂ ਜਾਰੀ ਵਿਰੋਧ ਪ੍ਰਦਰਸ਼ਨ ਦੇ ਚਲਦਿਆਂ ਦਿੱਲੀ ਦੇ ਦੋ ਬਾਰਡਰ ਪੂਰੀ ਤਰ੍ਹਾਂ ਸੀਲ ਹਨ। ਦੋਵੇਂ ਬਾਰਡਰ ਸੀਲ ਹੋਣ ਕਾਰਨ ਦਿੱਲੀ ਦੀਆਂ ਸਬਜ਼ੀ ਮੰਡੀਆਂ 'ਤੇ ਕਾਫ਼ੀ ਪ੍ਰਭਾਵ ਪਿਆ ਹੈ। ਦਿੱਲੀ ਦੀਆਂ ਦੋ ਵੱਡੀਆਂ ਸਬਜ਼ੀ ਮੰਡੀਆਂ ਆਜ਼ਾਦਪੁਰ ਤੇ ਗਾਜ਼ੀਪੁਰ ਮੰਡੀਆਂ ਦੇ ਵਪਾਰੀਆਂ ਦਾ ਕਹਿਣਾ ਹੈ ਕਿ ਜੇਕਰ ਅੰਦੋਲਨ ਲੰਬਾ ਚਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਉਹਨਾਂ ਲਈ ਮੁਸੀਬਤ ਵਧ ਸਕਦੀ ਹੈ।