ਤਾਮਿਲਨਾਡੂ 'ਚ ਤੜਕਸਾਰ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਮਰਨ ਵਾਲਿਆਂ ਵਿੱਚ 2 ਔਰਤਾਂ ਅਤੇ 2 ਬੱਚੇ ਵੀ ਦੱਸੇ ਜਾ ਰਹੇ ਹਨ...

Terrible road accident happened in Tamil Nadu early morning, 5 people died

 

ਕੁੱਡਲੋਰ - ਤਾਮਿਲਨਾਡੂ ਦੇ ਕੁੱਡਾਲੋਰ ਜ਼ਿਲ੍ਹੇ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਅੱਜ ਭਾਵ ਮੰਗਲਵਾਰ ਸਵੇਰੇ ਵੇਪੁਰ ਨੇੜੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ, ਜਦਕਿ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਜਾਣਕਾਰੀ ਦਿੰਦੇ ਹੋਏ ਕੁੱਡਾਲੋਰ ਪੁਲਿਸ ਨੇ ਦੱਸਿਆ ਕਿ ਇਸ ਹਾਦਸੇ 'ਚ ਇਕ ਤੋਂ ਬਾਅਦ ਇਕ ਪੰਜ ਵਾਹਨ ਆਪਸ 'ਚ ਟਕਰਾ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਵਾਹਨਾਂ ਦੇ ਟਕਰਾਉਣ ਦੀ ਆਵਾਜ਼ ਆਲੇ-ਦੁਆਲੇ ਦੇ ਲੋਕਾਂ ਤੱਕ ਪਹੁੰਚ ਗਈ। ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਮੌਕੇ 'ਤੇ ਪਹੁੰਚੀ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਗੱਡੀਆਂ 'ਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ 5 ਲੋਕਾਂ ਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖ਼ਲ ਕਰਵਾਇਆ ਹੈ।

ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ 2 ਪ੍ਰਾਈਵੇਟ ਬੱਸਾਂ ਅਤੇ 2 ਕਾਰਾਂ ਦੀ ਟੱਕਰ ਕਾਰਨ ਵਾਪਰਿਆ। ਮਰਨ ਵਾਲਿਆਂ ਵਿੱਚ 2 ਔਰਤਾਂ ਅਤੇ 2 ਬੱਚੇ ਵੀ ਦੱਸੇ ਜਾ ਰਹੇ ਹਨ। ਫਿਲਹਾਲ ਪੁਲਿਸ ਵੱਲੋਂ ਇਸ ਸਬੰਧੀ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਹਾਲਾਂਕਿ, ਪੁਲਿਸ ਨੂੰ ਪਤਾ ਲੱਗਾ ਹੈ ਕਿ ਇਨ੍ਹਾਂ ਵਿੱਚੋਂ ਇੱਕ ਵਾਹਨ ਚੇਨਈ ਦੇ ਨੰਗਨਲੂਰ ਦਾ ਸੀ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮ੍ਰਿਤਕਾਂ ਦੀ ਪਛਾਣ ਕਰ ਲਈ ਜਾਵੇਗੀ।