ਸੌਦਾ ਸਾਧ ਤੋਂ ਪੁੱਛਗਿੱਛ ਕੀਤੇ ਬਿਨਾਂ ਵਾਪਸ ਮੁੜੀ SIT

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰੋਹਤਕ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਸਆਈਟੀ ਨੂੰ ਸੁਰੱਖਿਆ ਕਾਰਨਾਂ ਕਰਕੇ ਜੇਲ੍ਹ ਵਿਚ ਪੁੱਛਗਿੱਛ ਕਰਨ ਦੀ ਇਜਾਜ਼ਤ ਨਹੀਂ ਦਿਤੀ

Ram Rahim

ਚੰਡੀਗੜ੍ਹ: ਬੇਅਦਬੀ ਅਤੇ ਗੋਲੀਕਾਂਡ ਘਟਨਾਵਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਸੌਦਾ ਸਾਧ ਰਾਮ ਰਹੀਮ ਤੋਂ ਪੁੱਛਗਿੱਛ ਕੀਤੇ ਬਿਨਾਂ ਹੀ ਵਾਪਸ ਪਰਤ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਰੋਹਤਕ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਐਸਆਈਟੀ ਨੂੰ ਸੁਰੱਖਿਆ ਕਾਰਨਾਂ ਕਰਕੇ ਜੇਲ੍ਹ ਵਿਚ ਪੁੱਛਗਿੱਛ ਕਰਨ ਦੀ ਇਜਾਜ਼ਤ ਨਹੀਂ ਦਿਤੀ।

ਦਸ ਦਈਏ ਕਿ ਫ਼ਰੀਦਕੋਟ ਅਦਾਲਤ ਵਲੋਂ ਐਸਆਈਟੀ ਨੂੰ ਸੌਦਾ ਸਾਧ ਰਾਮ ਰਹੀਮ ਤੋਂ ਪੁੱਛਗਿੱਛ ਲਈ ਮਨਜ਼ੂਰੀ ਮਿਲਣ ਤੋਂ ਬਾਅਦ ਬੀਤੇ ਕੱਲ੍ਹ ਐਸਆਈਟੀ ਦੀ ਟੀਮ ਪੁੱਛਗਿੱਛ ਕਰਨ ਲਈ ਸੁਨਾਰੀਆ ਜੇਲ੍ਹ ਪੁੱਜੀ ਸੀ, ਜਿੱਥੇ ਜੇਲ੍ਹ ਪ੍ਰਸ਼ਾਸਨ ਨੇ ਪੁੱਛਗਿੱਛ ਕਰਨ ਦੀ ਆਗਿਆ ਨਹੀਂ ਦਿਤੀ। ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇਸ ਵੇਲੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ।

ਪੰਚਕੁਲਾ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਉਸ ਨੂੰ ਬਲਾਤਕਾਰ ਦੇ ਇਕ ਮਾਮਲੇ ਵਿਚ 25 ਅਗਸਤ, 2017 ਨੂੰ ਇਹ ਸਜ਼ਾ ਸੁਣਾਈ ਸੀ। ਵਿਸ਼ੇਸ਼ ਜਾਂਚ ਟੀਮ ਨੇ ਫ਼ਰੀਦਕੋਟ ਅਦਾਲਤ ਵਿਚ ਇਕ ਅਰਜ਼ੀ ਦਾਇਰ ਕਰਕੇ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਦੀ ਪ੍ਰਵਾਨਗੀ ਮੰਗੀ ਸੀ।

ਦੱਸਣਯੋਗ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿਚ ਕੁਝ ਡੇਰਾ ਸਿਰਸਾ ਦੇ ਸ਼ਰਧਾਲੂਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਪੰਜਾਬ ਪੁਲਿਸ ਹੁਣ ਤੱਕ 23 ਡੇਰਾ ਸਿਰਸਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।