CM ਦੇ ਨਿਰਦੇਸ਼ਾਂ 'ਤੇ ਸ਼ੂਗਰਫ਼ੈੱਡ ਵਲੋਂ ਸੂਬੇ ਦੀਆਂ 9 ਸਹਿਕਾਰੀ ਖੰਡ ਮਿਲਾਂ ਨੂੰ 100 ਕਰੋੜ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਹਿਕਾਰਤਾ ਮੰਤਰੀ ਨੂੰ ਨਿਰਦੇਸ਼ ਦਿਤੇ

Amarinder Singh

ਚੰਡੀਗੜ੍ਹ, 2 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਹਿਕਾਰਤਾ ਮੰਤਰੀ ਨੂੰ ਨਿਰਦੇਸ਼ ਦਿਤੇ ਕਿ ਉਹ ਸੂਬੇ ਦੀਆਂ 9 ਸਹਿਕਾਰੀ ਖੰਡ ਮਿੱਲਾਂ ਰਾਹੀਂ ਕਿਸਾਨਾਂ ਦੀਆਂ ਸਾਲ 2019-20 ਲਈ ਅਦਾਇਗੀਆਂ ਤੁਰਤ ਕਰਨਾ ਯਕੀਨੀ ਬਣਾਉਣ। ਖੰਡ ਮਿੱਲਾਂ ਨੂੰ ਸ਼ੂਗਰਫੈਡ ਵਲੋਂ 100 ਕਰੋੜ ਜਾਰੀ ਕੀਤੇ ਗਏ।

ਸਰਕਾਰੀ ਬੁਲਾਰੇ ਨੇ ਦਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਸ਼ੂਗਰਫੈਡ ਵਲੋਂ ਸਾਲ 2019-20 ਦੇ ਪਿੜਾਈ ਸੀਜ਼ਨ ਲਈ ਕਿਸਾਨਾਂ ਨੂੰ ਅਦਾਇਗੀਆਂ ਦੇਣ ਲਈ 100 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਿਹਾ ਕਿ ਉਹ ਸਹਿਕਾਰੀ ਮਿੱਲਾਂ ਨੂੰ ਨਿਰਦੇਸ਼ ਜਾਰੀ ਕਰਨ ਕਿ ਕਿਸਾਨਾਂ ਦੇ ਖਾਤਿਆਂ ਵਿਚ ਬਿਨਾਂ ਕਿਸੇ ਦੇਰੀ ਦੇ ਅਦਾਇਗੀ ਕਰਨ।

100 ਕਰੋੜ ਰੁਪਏ ਜਾਰੀ ਕਰਨ ਦੇ ਨਾਲ ਸਹਿਕਾਰੀ ਖੰਡ ਮਿੱਲਾਂ ਸਾਲ 2019-20 ਦੇ ਪਿੜਾਈ ਸੀਜ਼ਨ ਦੇ ਬਕਾਇਆ ਪਈ 486.23 ਕਰੋੜ ਦੀ ਰਾਸ਼ੀ ਵਿੱਚੋਂ 349.05 ਕਰੋੜ ਰੁਪਏ ਦੀ ਅਦਾਇਗੀ ਕਰ ਸਕੇਗੀ। ਸਾਲ 2018-19 ਦੇ ਸੀਜ਼ਨ ਲਈ ਨਵਾਂ ਸ਼ਹਿਰ, ਬੁੱਢੇਵਾਲ, ਮੋਰਿੰਡਾ, ਫਾਜ਼ਿਲਕਾ, ਗੁਰਦਾਸਪੁਰ, ਅਜਨਾਲਾ, ਨਕੋਦਰ, ਭੋਗਪੁਰ ਤੇ ਬਟਾਲਾ ਦੀਆਂ ਖੰਡ ਮਿੱਲਾਂ ਵਲੋਂ ਪਹਿਲਾਂ ਹੀ ਭੁਗਤਾਨ ਕਰ ਦਿਤੇ ਗਏ ਹਨ।

ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਾਲ 2019-20 ਦੀ ਬਾਕੀ ਬਚਦੀ ਅਦਾਇਗੀ ਦਾ ਵੀ ਜਲਦੀ ਭੁਗਤਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੇ ਖੰਡ ਨਿਰਯਾਤ ਸਬਸਿਡੀ ਤੇ ਬਫਰ ਸਟਾਕ ਦੇ ਦਾਅਵੇ ਵਜੋਂ ਭਾਰਤ ਸਰਕਾਰ ਵਲੋਂ ਕੀਤੀ ਜਾਣ ਵਾਲੀ 60 ਕਰੋੜ ਰੁਪਏ ਦੀ ਰਾਸ਼ੀ ਦਾ ਤੁਰਤ ਭੁਗਤਾਨ ਕਰਨ ਲਈ ਕੇਂਦਰ ਕੋਲ ਪਹੁੰਚ ਕੀਤੀ ਜਾਵੇਗੀ ਤਾਂ ਜੋ ਗੰਨਾ ਕਾਸ਼ਤਕਾਰਾਂ ਦੇ ਬਣਦੇ ਬਕਾਏ ਦੀ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾਵੇਗੀ।

ਸ. ਰੰਧਾਵਾ ਨੇ ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਾਂਦਿਆਂਕਿਹਾ ਕਿ ਕੋਰੋਨਾ ਮਹਾਂਮਾਰੀ ਤੇ ਤਾਲਾਬੰਦੀ ਕਾਰਨ ਸਰਕਾਰੀ ਮਾਲੀਏ ਵਿੱਚ ਭਾਰੀ ਗਿਰਾਵਟ ਦੇ ਬਾਵਜੂਦ ਗੰਨਾ ਕਿਸਾਨਾਂ ਦੇ ਬਕਾਏ ਦਾ ਜਲਦੀ ਭੁਗਤਾਨ ਕਰਨ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।