ਹਰਿਆਣਾ ਦੇ ਸਾਬਕਾ ਡਿਪਟੀ ਐਡਵੋਕੇਟ ਜਨਰਲ ਦੀ ਕਾਰ ਦਾ ਹਾਦਸਾ, ਨੌਜਵਾਨ ਅਤੇ ਲੜਕੀ ਨੂੰ ਟੱਕਰ ਮਾਰ ਕੇ ਦਰੱਖਤ ਨਾਲ ਟਕਰਾਈ 

ਏਜੰਸੀ

ਖ਼ਬਰਾਂ, ਰਾਸ਼ਟਰੀ

ਕਾਰ ਚਾਲਕ ਸਮੇਤ ਤਿੰਨੋਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

Haryana's former Deputy Advocate General's car accident

ਹਰਿਆਣਾ - ਚੰਡੀਗੜ੍ਹ ਦੇ ਸੈਕਟਰ 27 ਵਿਚ ਹਰਿਆਣਾ ਦੇ ਸਾਬਕਾ ਡਿਪਟੀ ਐਡਵੋਕੇਟ ਜਨਰਲ ਦੀ ਕਾਰ ਨੇ ਇੱਕ ਨੌਜਵਾਨ ਅਤੇ ਇੱਕ ਲੜਕੀ ਨੂੰ ਟੱਕਰ ਮਾਰ ਦਿੱਤੀ ਅਤੇ ਇੱਕ ਦਰੱਖਤ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਮੰਗਲਵਾਰ ਸਵੇਰੇ ਕਰੀਬ 10 ਵਜੇ ਦੀ ਹੈ। ਕਾਰ ਚਾਲਕ ਸਮੇਤ ਤਿੰਨੋਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲfਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਹਾਦਸਾਗ੍ਰਸਤ ਕਾਰ ਨੰਬਰ HR04 H 0006 ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਕਾਰ ਨੇ ਪਹਿਲਾਂ ਇਕ ਨੌਜਵਾਨ ਅਤੇ ਲੜਕੀ ਨੂੰ ਟੱਕਰ ਮਾਰੀ ਸੀ। ਇਸ ਤੋਂ ਬਾਅਦ ਕਾਰ ਥੋੜ੍ਹੀ ਦੂਰ ਜਾ ਕੇ ਦਰੱਖਤ ਨਾਲ ਜਾ ਟਕਰਾਈ।

ਕਾਰ ਚਾਲਕ, ਵਕੀਲ ਵੀ ਜ਼ਖ਼ਮੀ ਹੋ ਗਿਆ ਹੈ। ਫਿਲਹਾਲ ਜ਼ਖਮੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ ਰੇਨੋ ਡਸਟਰ ਕਾਰ ਕਾਫੀ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ। ਜਦੋਂ ਇਹ ਨੌਜਵਾਨ ਅਤੇ ਲੜਕੀ ਨਾਲ ਟਕਰਾ ਗਈ ਤਾਂ ਵਾਹਨ ਚਾਲਕ ਨੇ ਮੌਕੇ ਤੋਂ ਫਰਾਰ ਹੋਣ ਲਈ ਕਾਰ ਦੀ ਰਫ਼ਤਾਰ ਵਧਾ ਦਿੱਤੀ। ਇਸ ਕਾਰਨ ਗੱਡੀ ਬੇਕਾਬੂ ਹੋ ਕੇ ਡਿਵਾਈਡਰ 'ਤੇ ਚੜ੍ਹ ਗਈ ਅਤੇ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ਵਿਚ ਕਾਰ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਫੱਟੜ ਹੋ ਗਿਆ ਹੈ। ਡਰਾਈਵਰ ਨੂੰ ਵੀ ਸੱਟਾਂ ਲੱਗੀਆਂ।

 

ਹਾਦਸਾ ਵਾਪਰਨ ਵਾਲੀ ਥਾਂ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਦੱਸਿਆ ਕਿ ਜਦੋਂ ਤੇਜ਼ ਰਫ਼ਤਾਰ ਕਾਰ ਦਰੱਖਤ ਨਾਲ ਟਕਰਾ ਗਈ ਤਾਂ ਜ਼ਬਰਦਸਤ ਧਮਾਕਾ ਹੋਇਆ। ਧਮਾਕੇ ਦੀ ਆਵਾਜ਼ ਸੁਣ ਕੇ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਸੜਕ 'ਤੇ ਆ ਗਏ। ਕੁਝ ਹੀ ਦੇਰ 'ਚ ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਹ ਕਾਰ ਸਾਬਕਾ ਡਿਪਟੀ ਐਡਵੋਕੇਟ ਜਨਰਲ ਮਨੀਸ਼ ਦੇਸ਼ਵਾਲ ਦੀ ਦੱਸੀ ਜਾਂਦੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਾਦਸੇ ਦੇ ਸਮੇਂ ਇਸ ਕਾਰ ਨੂੰ ਕੌਣ ਚਲਾ ਰਿਹਾ ਸੀ।