ਕੇਂਦਰ ਨੇ ਦੀਵਾਲੀ ਮੌਕੇ ਦਿੱਤਾ ਤੋਹਫ਼ਾ, ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਦਾ ਕੀਤਾ ਐਲਾਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾ ਮਹਾਮਾਰੀ ਦੇ ਦੌਰ 'ਚ ਮਹਿੰਗਾਈ ਤੋਂ ਪਰੇਸ਼ਾਨ ਲੋਕਾਂ ਨੂੰ ਰਾਹਤ ਦਿੰਦੇ ਹੋਏ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ।

Govt cuts excise duty on petrol and diesel

ਨਵੀਂ ਦਿੱਲੀ: ਕੋਰੋਨਾ ਮਹਾਮਾਰੀ ਦੇ ਦੌਰ 'ਚ ਮਹਿੰਗਾਈ ਤੋਂ ਪਰੇਸ਼ਾਨ ਲੋਕਾਂ ਨੂੰ ਰਾਹਤ ਦਿੰਦੇ ਹੋਏ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਦੀਵਾਲੀ ਵਾਲੇ ਦਿਨ ਤੋਂ ਪੈਟਰੋਲ 'ਤੇ ਐਕਸਾਈਜ਼ ਡਿਊਟੀ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਜਾਵੇਗੀ।

ਨਿਊਜ਼ ਏਜੰਸੀ ਨੇ ਇਕ ਟਵੀਟ ਵਿਚ ਕਿਹਾ ਕਿ, ''ਦੀਵਾਲੀ ਦੀ ਤੋਂ ਪਹਿਲਾਂ ਭਾਰਤ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿਚ ਕਟੌਤੀ ਦਾ ਐਲਾਨ ਕੀਤਾ ਹੈ। ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਕੱਲ੍ਹ ਤੋਂ ਕ੍ਰਮਵਾਰ 5 ਰੁਪਏ ਅਤੇ 10 ਰੁਪਏ ਘੱਟ ਜਾਵੇਗੀ’। ਨਿਊਜ਼ ਏਜੰਸੀ ਨੇ ਵਿੱਤ ਮੰਤਰਾਲੇ ਦੇ ਹਵਾਲੇ ਨਾਲ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਵਿਚ ਪੂਰੀ ਦੁਨੀਆ ’ਚ ਕੱਚੇ ਤੇਲ ਦੀ ਕੀਮਤ ਵਧੀ ਹੈ। ਇਸ ਕਾਰਨ ਪਿਛਲੇ ਕਈ ਹਫ਼ਤਿਆਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਘਰੇਲੂ ਕੀਮਤਾਂ ਵਿਚ ਵੀ ਵਾਧਾ ਹੋਇਆ ਹੈ।

ਮੰਤਰਾਲੇ ਅਨੁਸਾਰ ਵਿਸ਼ਵ ਵਿਚ ਊਰਜਾ ਦੇ ਸਾਰੇ ਸਰੋਤਾਂ ਦੀ ਸਪਲਾਈ ਵਿਚ ਕਮੀ ਅਤੇ ਇਸ ਦੀਆਂ ਕੀਮਤਾਂ ਵਿਚ ਵਾਧੇ ਦਾ ਰੁਝਾਨ ਦੇਖਿਆ ਗਿਆ। ਮੰਤਰਾਲੇ ਦਾ ਦਾਅਵਾ ਹੈ ਕਿ ਕੇਂਦਰ ਸਰਕਾਰ ਨੇ ਪੂਰੀ ਕੋਸ਼ਿਸ਼ ਕੀਤੀ ਹੈ ਕਿ ਦੇਸ਼ ਵਿਚ ਊਰਜਾ ਦੀ ਕੋਈ ਕਮੀ ਨਾ ਹੋਵੇ ਅਤੇ ਲੋੜਾਂ ਪੂਰੀਆਂ ਕਰਨ ਲਈ ਲੋੜੀਂਦਾ ਪੈਟਰੋਲ ਅਤੇ ਡੀਜ਼ਲ ਉਪਲਬਧ ਹੋਵੇ।

ਵਿੱਤ ਮੰਤਰਾਲੇ ਨੇ ਕਿਹਾ, “ਆਰਥਿਕਤਾ ਨੂੰ ਹੋਰ ਹੁਲਾਰਾ ਦੇਣ ਲਈ ਭਾਰਤ ਸਰਕਾਰ ਨੇ ਡੀਜ਼ਲ ਅਤੇ ਪੈਟਰੋਲ 'ਤੇ ਐਕਸਾਈਜ਼ ਡਿਊਟੀ ਵਿਚ ਮਹੱਤਵਪੂਰਨ ਕਟੌਤੀ ਕੀਤੀ ਹੈ। ਇਸ ਕਟੌਤੀ ਨਾਲ ਖਪਤ ਵਧੇਗੀ ਅਤੇ ਮਹਿੰਗਾਈ ਵੀ ਘਟੇਗੀ। ਇਸ ਨਾਲ ਗਰੀਬ ਅਤੇ ਮੱਧ ਵਰਗ ਨੂੰ ਮਦਦ ਮਿਲੇਗੀ”।