ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨਹੀਂ ਹੋਈ ਮਾਫ਼- ਅਮਿਤ ਸ਼ਾਹ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੇਂਦਰੀ ਗ੍ਰਹਿ ਮੰਤਰੀ ਨੇ ਮੰਗਲਵਾਰ ਨੂੰ ਲੋਕ ਸਭਾ ਵਿਚ ਬਲਵੰਤ ਸਿੰਘ ਰਾਜੋਆਣਾ ਦੀ ਮਾਫੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।

Balwant Singh Rajoana

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਲੋਕ ਸਭਾ ਵਿਚ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਲਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਮਾਫ਼ ਨਹੀਂ ਕੀਤਾ ਗਿਆ ਹੈ। ਦਰਅਸਲ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਵਿਚ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਨੂੰ ਲੈ ਕੇ ਅਮਿਤ ਸ਼ਾਹ ਨੂੰ ਸਵਾਲ ਕੀਤਾ ਸੀ।

ਜਿਸ ਦੇ ਜਵਾਬ ਵਿਚ ਅਮਿਤ ਸ਼ਾਹ ਨੇ ਕਿਹਾ ਕਿ ਮੀਡੀਆ ਰਿਪੋਰਟਾਂ ‘ਤੇ ਨਾ ਜਾਓ, ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮਾਫ ਨਹੀਂ ਹੋਈ ਹੈ। ਲੋਕ ਸਭਾ ਵਿਚ ਸੋਮਵਾਰ ਦੀ ਬਹਿਸ ਦੌਰਾਨ ਰਵਨੀਤ ਬਿੱਟੂ ਨੇ ਅਮਿਤ ਸ਼ਾਹ ਨੂੰ ਪੁੱਛਿਆ ਸੀ ਕਿ ਉਹਨਾਂ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਕਿਉਂ ਮਾਫ ਕੀਤੀ ਹੈ। ਦੱਸ ਦਈਏ ਕਿ 52 ਸਾਲਾ ਬਲਵੰਤ ਸਿੰਘ ਰਾਜੋਆਣਾ ਪਟਿਆਲਾ ਜੇਲ੍ਹ ਵਿਚ ਕੈਦ ਹਨ।

ਰਾਜੋਆਣਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ। ਬੀਤੇ ਦਿਨਾਂ ਕੇਂਦਰ ਸਰਕਾਰ ਨੇ ਕਈ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਮਾਫ ਕੀਤੀਆਂ ਸਨ, ਜਿਨ੍ਹਾਂ ਵਿਚ ਬਲਵੰਤ ਸਿੰਘ ਰਾਜੋਆਣਾ ਦਾ ਨਾਂਅ ਵੀ ਸ਼ਾਮਲ ਸੀ। ਪਰ ਹੁਣ ਮੋਦੀ ਸਰਕਾਰ ਨੇ ਸਾਫ਼ ਕਰ ਦਿੱਤਾ ਹੈ ਕਿ ਉਸ ਨੇ ਰਾਜੋਆਣਾ ਦੀ ਸਜ਼ਾ ਮੁਆਫ ਨਹੀਂ ਕੀਤੀ ਹੈ।

 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।