ਦਿੱਲੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ 'ਚ ਵਿਦਿਆਰਥੀ ਕਾਰਕੁੰਨ ਉਮਰ ਖਾਲਿਦ ਅਤੇ ਖਾਲਿਦ ਸੈਫ਼ੀ ਬਰੀ
ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਸੁਣਾਇਆ ਫ਼ੈਸਲਾ
ਨਵੀਂ ਦਿੱਲੀ : ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਅਤੇ ਖਾਲਿਦ ਸੈਫੀ ਨੂੰ ਦਿੱਲੀ ਦੰਗਿਆਂ ਦੇ ਇੱਕ ਮਾਮਲੇ ਵਿਚ ਬਰੀ ਕਰ ਦਿਤਾ ਗਿਆ ਹੈ। ਇਹ ਫੈਸਲਾ ਦਿੱਲੀ ਦੀ ਕੜਕੜਡੂਮਾ ਅਦਾਲਤ ਵਲੋਂ ਸੁਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਉੱਤਰ ਪੂਰਬੀ ਦਿੱਲੀ ਵਿੱਚ ਫਰਵਰੀ 2020 ਵਿੱਚ ਦੰਗੇ ਹੋਏ ਸਨ ਅਤੇ ਇਸ ਮਾਮਲੇ ਵਿਚ ਹੀ ਉਕਤ ਦੋਹਾਂ ਨੂੰ ਬਰੀ ਕਰ ਦਿੱਤਾ ਹੈ। ਦਿੱਲੀ ਦੀ ਕੜਕੜਡੂਮਾ ਅਦਾਲਤ ਸ਼ਨੀਵਾਰ ਯਾਨੀ ਅੱਜ ਉੱਤਰ-ਪੂਰਬੀ ਦਿੱਲੀ ਵਿੱਚ ਹੋਏ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਦੀ ਸੁਣਵਾਈ ਕਰ ਰਹੀ ਸੀ।
ਉਮਰ ਖਾਲਿਦ ਅਤੇ ਖਾਲਿਦ ਸੈਫੀ 'ਤੇ ਦੰਗਿਆਂ ਦੌਰਾਨ ਪਾਰਕਿੰਗ ਲਾਟ ਵਿਚ ਅੱਗ ਲਗਾਉਣ ਦਾ ਦੋਸ਼ ਸੀ। ਜ਼ਿਕਰਯੋਗ ਹੈ ਕਿ ਫਰਵਰੀ 2020 'ਚ ਦਿੱਲੀ 'ਚ CAA ਅਤੇ NRC ਖ਼ਿਲਾਫ਼ ਚੱਲ ਰਹੇ ਅੰਦੋਲਨ ਦੌਰਾਨ ਦੰਗੇ ਭੜਕ ਗਏ ਸਨ। ਇਨ੍ਹਾਂ ਦੰਗਿਆਂ ਵਿਚ ਕਈ ਲੋਕ ਮਾਰੇ ਗਏ ਸਨ। ਇੰਨਾ ਹੀ ਨਹੀਂ ਇਨ੍ਹਾਂ 'ਚ ਵੱਡੀ ਗਿਣਤੀ 'ਚ ਲੋਕ ਜ਼ਖਮੀ ਵੀ ਹੋਏ ਹਨ।
ਕੜਕੜਡੂਮਾ ਅਦਾਲਤ ਨੇ ਇਹ ਹੁਕਮ ਦਿੱਲੀ ਪੁਲਿਸ ਵੱਲੋਂ ਇੱਕ ਅਦਾਲਤ ਵਿੱਚ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਇਤਰਾਜ਼ ਦਾਇਰ ਕੀਤੇ ਜਾਣ ਤੋਂ ਬਾਅਦ ਦਿੱਤਾ ਹੈ। ਦਿੱਲੀ ਪੁਲਿਸ ਨੇ ਉਮਰ ਖਾਲਿਦ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਖਾਲਿਦ ਦੀ ਰਿਹਾਈ ਕਾਰਨ ਸਮਾਜ ਵਿੱਚ ਅਸ਼ਾਂਤੀ ਫੈਲਣ ਦੀ ਸੰਭਾਵਨਾ ਹੈ।
ਅਦਾਲਤ ਨੇ ਦਿੱਲੀ ਪੁਲਿਸ ਨੂੰ ਪਟੀਸ਼ਨ ਦਾ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਸੀ। ਦਿੱਲੀ ਪੁਲਿਸ ਨੇ ਆਪਣੇ ਜਵਾਬ ਵਿੱਚ ਉਮਰ ਖਾਲਿਦ ਦੀ ਅੰਤਰਿਮ ਜ਼ਮਾਨਤ ਦਾ ਜ਼ੋਰਦਾਰ ਵਿਰੋਧ ਕਰਦਿਆਂ ਕਿਹਾ ਕਿ ਉਹ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਦੇ ਤਹਿਤ ਬਹੁਤ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਖਾਲਿਦ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਪਿਛਲੇ ਦਿਨੀਂ ਖਾਰਜ ਹੋ ਚੁੱਕੀ ਹੈ। ਦਿੱਲੀ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਵੀ ਉਸ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ।