ਜਗੀਰ ਕੌਰ ਵੱਲੋਂ ਨਨਕਾਣਾ ਸਾਹਿਬ 'ਤੇ ਹਮਲੇ ਦੀ ਕੀਤੀ ਗਈ ਸਖ਼ਤ ਨਖੇਧੀ
ਬੀਬੀ ਜਗੀਰ ਕੌਰ ਨੇ ਪਾਕਿਸਤਾਨ ਵਿਚ ਨਾਬਾਲਿਗ ਸਿੱਖ ਲੜਕੀ ਦੇ ਅਗਵਾਕਾਰਾਂ ਦੀ ਅਗਵਾਈ ਵਾਲੀ ਭੀੜ ਵਲੋਂ ਨਨਕਾਣਾ ਸਾਹਿਬ ਗੁਰਦੁਆਰੇ 'ਤੇ ਹਮਲਾ ...
ਨਵੀਂ ਦਿੱਲੀ- ਪਾਕਿਸਤਾਨ ਵਿਚ ਨਨਕਾਣਾ ਸਾਹਿਬ ਵਿਚ ਘਟੀ ਘਟਨਾ ਤੋਂ ਬਾਅਦ ਦੇਸ਼ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਜਿਥੇ ਇੱਕ ਪਾਸੇ ਸਿੱਖਾਂ ਵਿਚ ਇਸ ਗੱਲ ਨੂੰ ਲੈ ਕੇ ਭਾਰੀ ਗੁੱਸਾ ਹੈ ਉੱਥੇ ਹੀ ਰਾਜਨੀਤਿਕ ਪਾਰਟੀਆਂ ਦੇ ਲੋਕ ਵੀ ਇਸ ਘਟਨਾ ਲਈ ਪਾਕਿਸਤਾਨ ਨੂੰ ਖੂਬ ਖਰੀ ਖੋਟੀ ਸੁਣਾ ਰਹੇ ਹਨ। ਕੱਲ੍ਹ ਪਾਕਿਸਤਾਨ ਦੇ ਸੈਂਕੜੇ ਕੱਟੜਪੰਥੀਆਂ ਵੱਲੋਂ ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ਦਾ ਘਿਰਾਓ ਅਤੇ ਪੱਥਰਬਾਜ਼ੀ ਕੀਤੀ ਗਈ।
ਇਸ ਤੋਂ ਬਾਅਦ ਹਰ ਜਗ੍ਹਾ ਇਸ ਗੱਲ ਦਾ ਵਿਰੋਧ ਹੋ ਰਿਹਾ ਹੈ। ਸਰਕਾਰ ਨੇ ਵੀ ਪਾਕਿਸਤਾਨ ਨੂੰ ਸਿੱਖਾਂ ਦੀ ਸੁਰੱਖਿਆ ਦੇ ਲਈ ਕਦਮ ਉਠਾਉਣ ਦੀ ਗੱਲ ਕਹੀ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਮਹਿਲਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਵਿਚ ਨਾਬਾਲਿਗ ਸਿੱਖ ਲੜਕੀ ਦੇ ਅਗਵਾਕਾਰਾਂ ਦੀ ਅਗਵਾਈ ਵਾਲੀ ਭੀੜ ਵਲੋਂ ਨਨਕਾਣਾ ਸਾਹਿਬ ਗੁਰਦੁਆਰੇ 'ਤੇ ਹਮਲਾ ਕਰਨ ਅਤੇ ਪਵਿੱਤਰ ਸ਼ਹਿਰ ਦਾ ਨਾਂ ਬਦਲਣ ਦੀਆਂ ਧਮਕੀਆਂ ਦੀ ਸਖ਼ਤ ਨਿਖੇਧੀ ਕੀਤੀ ਹੈ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿਚ ਇਕ ਸਿੱਖ ਲੜਕੀ ਦਾ ਧਰਮ ਪਰਿਵਰਤਨ ਕਰਾ ਕੇ ਉਸ ਨਾਲ ਵਿਆਹ ਕਰਨ ਨੂੰ ਲੈ ਕੇ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਨੂੰ ਚੇਤਾਇਆ ਗਿਆ ਸੀ ਜਿਸ ਤੋਂ ਬਾਅਦ ਹੀ ਇਹ ਮੁੱਦਾ ਇਕ ਅਹਿਮ ਮੁੱਦਾ ਬਣਿਆ ਹੋਇਆ ਸੀ ਪਰ ਕੱਲ੍ਹ ਨਨਕਾਣਾ ਸਾਹਿਬ ਵਿਚ ਜੋ ਹੋਇਆ ਉਸ ਤੋਂ ਬਾਅਦ ਇਕ ਵਾਰ ਫਿਰ ਪਾਕਿਸਤਾਨ ਦਾ ਅਸਲੀ ਚੇਹਰਾ ਲੋਕਾਂ ਦੇ ਸਾਹਮਣੇ ਆਇਆ ਹੈ।
ਦੱਸ ਦਈਏ ਕਿ ਪਾਕਿਸਤਾਨ ਵਿਚ ਸਥਿਤ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਸ਼ੁੱਕਰਵਾਰ ਨੂੰ ਹੋਏ ਹਮਲੇ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦੁਖਦਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਭਾਰਤ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਉਹ ਹੀ ਉੱਥੋਂ ਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਉੱਥੇ ਦੀ ਅਮਨ-ਸ਼ਾਂਤੀ ਨੂੰ ਕਾਇਮ ਰੱਖਿਆ ਜਾਵੇ।
ਜ਼ਿਕਰਯੋਗ ਹੈ ਕਿ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸਥਿਤ ਹੈ। ਇਸ ਦਾ ਨਾਂ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਨਾਨਕ ਦੇਵ ਜੀ ਦੇਨਾਂ 'ਤੇ ਪਿਆ ਹੈ। ਗੁਰੂ ਸਾਹਿਬ ਜੀ ਦਾ ਜਨਮ ਅਸਥਾਨ ਹੋਣ ਕਾਰਨ ਇਹ ਸਥਾਨ ਸਿੱਢਾਂ ਦੇ ਸਭ ਤੋਂ ਪਵਿੱਤਰ ਅਸਥਾਨਾਂ ਵਿਚੋਂ ਇਕ ਹੈ।