ਵਿਧਾਇਕਾਂ ਦੀ ਖਰੀਦੋ-ਫਰੋਖ਼ਤ ਦੇ ਦੋਸ਼ਾਂ ਨੂੰ ਲੈ ਕੇ ਦਿੱਲੀ ਪੁਲਿਸ ਨੇ ਦਿੱਲੀ ਦੀ ਮੰਤਰੀ ਆਤਿਸ਼ੀ ਨੂੰ ਵੀ ਨੋਟਿਸ ਦਿਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪਹਿਲੀ ਵਾਰੀ ਘਰ ਨਹੀਂ ਮਿਲੇ ‘ਆਪ’ ਆਗੂ ਤਾਂ ਦੁਪਹਿਰ ਮੁੜ ਪੁੱਜੀ ਦਿੱਲੀ ਪੁਲਿਸ

Atishi Marlena

ਨਵੀਂ ਦਿੱਲੀ : ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਇਕ ਟੀਮ ਐਤਵਾਰ ਨੂੰ ਵਿੱਤ ਮੰਤਰੀ ਆਤਿਸ਼ੀ ਦੀ ਰਿਹਾਇਸ਼ ’ਤੇ ਪਹੁੰਚੀ ਅਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ (ਭਾਜਪਾ) ਦੇ ਵਿਧਾਇਕਾਂ ਨੂੰ ‘ਖਰੀਦਣ’ ਦੀਆਂ ਕੋਸ਼ਿਸ਼ਾਂ ਦੇ ਦੋਸ਼ਾਂ ਨੂੰ ਲੈ ਕੇ ਨੋਟਿਸ ਦਿਤਾ। ਸੂਤਰਾਂ ਨੇ ਦਸਿਆ ਕਿ ਕ੍ਰਾਈਮ ਬ੍ਰਾਂਚ ਦੀ ਟੀਮ ਐਤਵਾਰ ਦੁਪਹਿਰ 12:55 ਵਜੇ ਦੂਜੀ ਵਾਰ ‘ਆਪ’ ਨੇਤਾ ਦੀ ਰਿਹਾਇਸ਼ ’ਤੇ ਪਹੁੰਚੀ ਅਤੇ ਉਨ੍ਹਾਂ ਦੇ ਸਟਾਫ ਨੂੰ ਨੋਟਿਸ ਸੌਂਪਿਆ। ਨੋਟਿਸ ਮੁਤਾਬਕ ਕ੍ਰਾਈਮ ਬ੍ਰਾਂਚ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਤਿਸ਼ੀ ਨੂੰ ਭਾਜਪਾ ਵਿਰੁਧ ਲਾਏ ਦੋਸ਼ਾਂ ਦੀ ਜਾਣਕਾਰੀ ਦੇਣ ਲਈ ਕਿਹਾ ਹੈ।

ਇਸ ਵਿਚ ਕਿਹਾ ਗਿਆ ਹੈ ਕਿ ਦੋਹਾਂ ਨੇਤਾਵਾਂ ਦੇ ਬਿਆਨ ਸੰਕੇਤ ਦਿੰਦੇ ਹਨ ਕਿ ਉਨ੍ਹਾਂ ਕੋਲ ‘ਸੰਗੀਨ ਅਪਰਾਧ ਕਰਨ ਬਾਰੇ ਕੁੱਝ ਜਾਣਕਾਰੀ ਹੈ।’ ਉਨ੍ਹਾਂ ਨੂੰ 5 ਫਰਵਰੀ ਤਕ ਨੋਟਿਸ ਦਾ ਜਵਾਬ ਦੇਣ ਲਈ ਕਿਹਾ ਗਿਆ ਹੈ। ਇਸ ਤੋਂ ਇਕ ਦਿਨ ਪਹਿਲਾਂ ਕ੍ਰਾਈਮ ਬ੍ਰਾਂਚ ਦੇ ਅਧਿਕਾਰੀਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਜਾਰੀ ਕਰ ਕੇ ਉਨ੍ਹਾਂ ਦੇ ਦਾਅਵਿਆਂ ਦੀ ਜਾਂਚ ਲਈ ਤਿੰਨ ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਸੀ ਕਿ ਭਾਜਪਾ ਨੇ ‘ਆਪ’ ਦੇ ਸੱਤ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਸੀ।