26 ਜਨਵਰੀ ਘਟਨਾ ਕ੍ਰਮ ਮਾਮਲੇ ’ਚ ਦਿੱਲੀ ਪੁਲਿਸ ਨੇ ਮ੍ਰਿਤਕ ਕਿਸਾਨ ਨੂੰ ਭੇਜਿਆ ਕਾਨੂੰਨੀ ਨੋਟਿਸ
26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿਚ ਟਰੈਕਟਰ ਪਰੇਡ ਕੀਤੀ ਗਈ ਸੀ...
ਨਵੀਂ ਦਿੱਲੀ: 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿਚ ਟਰੈਕਟਰ ਪਰੇਡ ਕੀਤੀ ਗਈ ਸੀ, ਜਿਸ ਦੌਰਾਨ ਕੁਝ ਲੋਕਾਂ ਵੱਲੋਂ ਦਿੱਲੀ ਦੇ ਲਾਲ ਕਿਲ੍ਹਾ ਵਿਚ ਜਾ ਕੇ ਹਿੰਸਾ ਕੀਤੀ ਗਈ ਸੀ। ਹਿੰਸਾ ਮਾਮਲੇ ਦੇ ਸੰਬੰਧ ਵਿਚ ਦਿੱਲੀ ਪੁਲਿਸ ਨੇ ਕਾਫ਼ੀ ਕਿਸਾਨਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਸੀ।
ਪਰ ਅੱਜ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਦਿੱਲੀ ਪੁਲਿਸ ਨੇ ਹਿੰਸਾ ਦੇ ਸੰਬੰਧ ਵਿਚ ਇੱਕ ਮ੍ਰਿਤਕ ਕਿਸਾਨ ਜਗੀਰ ਸਿੰਘ ਨੂੰ ਕਾਨੂੰਨੀ ਨੋਟਿਸ ਭੇਜ ਦਿੱਤਾ ਹੈ। ਇਹ ਕਿਸਾਨ ਪਿੰਡ ਨਿਹੋਲਕਾ ਤਹਿਸੀਲ ਖਰੜ ਅਤੇ ਜ਼ਿਲ੍ਹਾ ਮੋਹਾਲੀ ਨਾਲ ਸੰਬੰਧਤ ਹੈ। ਦਿੱਲੀ ਪੁਲਿਸ ਦੀ ਇਸ ਕਾਰਵਾਈ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਖੇਧੀ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕਾਨੂੰਨੀ ਨੋਟਿਸਾਂ ਤੋਂ ਇਹ ਸਾਫ਼ ਜ਼ਾਹਰ ਹੁੰਦਾ ਹੈ ਕਿ ਦਿੱਲੀ ਪੁਲਿਸ ਕਿਸਾਨ ਭਾਈਚਾਰੇ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਕਾਨੂੰਨੀ ਕੇਸਾਂ ਵਿਚ ਉਲਝਾ ਰਹੀ ਹੈ।
ਇੱਥੇ ਜ਼ਿਕਰਯੋਗ ਹੈ ਕਿ ਦਿੱਲੀ ਹਿੰਸਾ ਮਾਮਲੇ ਵਿਚ ਗ੍ਰਿਫ਼ਤਾਰ ਕਿਸਾਨਾਂ ਨੂੰ ਜ਼ਮਾਨਤਾਂ ਦਿਵਾਉਣ ਵਿਚ ਮਨਜਿੰਦਰ ਸਿੰਘ ਸਿਰਸਾ ਅੱਡੀ-ਚੋਟੀ ਦਾ ਜੋਰ ਲਗਾ ਰਹੇ ਹਨ, ਹੁਣ ਤੱਕ ਉਨ੍ਹਾਂ ਵੱਲੋਂ 121 ਜ਼ਮਾਨਤਾਂ ਕਰਵਾਈਆਂ ਗਈਆਂ ਹਨ।