ਲਖੀਮਪੁਰ ਖੇੜੀ ਮਾਮਲਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖ਼ਿਲਾਫ਼ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ, 11 ਮਾਰਚ ਨੂੰ ਹੋਵੇਗੀ ਸੁਣਵਾਈ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੁਪਰੀਮ ਕੋਰਟ ਲਖੀਮਪੁਰ ਖੇੜੀ ਕੇਸ ਵਿਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਲਈ ਰਾਜ਼ੀ ਹੋ ਗਈ ਹੈ।

Supreme Court To Hear Challenge Against Ashish Mishra's Bail On March 11

 

ਨਵੀਂ ਦਿੱਲੀ: ਸੁਪਰੀਮ ਕੋਰਟ ਲਖੀਮਪੁਰ ਖੇੜੀ ਕੇਸ ਵਿਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਲਈ ਰਾਜ਼ੀ ਹੋ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 11 ਮਾਰਚ ਨੂੰ ਹੋਵੇਗੀ। ਸੁਪਰੀਮ ਕੋਰਟ ਨੇ ਪਟੀਸ਼ਨਰ ਨੂੰ ਇਲਾਹਾਬਾਦ ਹਾਈ ਕੋਰਟ ਨੂੰ ਸੂਚਿਤ ਕਰਨ ਲਈ ਕਿਹਾ ਕਿ ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਜ਼ਬਤ ਕਰ ਦਿੱਤਾ ਹੈ।

Supreme Court

ਦਰਅਸਲ ਸੀਜੇਆਈ ਐਨਵੀ ਰਮਨਾ ਦੀ ਬੈਂਚ ਨੂੰ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਸੀ ਕਿ ਮਿਸ਼ਰਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਹੋਰ ਦੋਸ਼ੀ ਵੀ ਹਾਈ ਕੋਰਟ ਪਹੁੰਚ ਰਹੇ ਹਨ ਅਤੇ ਅਜਿਹੇ 'ਚ ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਇਸ ਮਾਮਲੇ ਨੂੰ ਲੈ ਕੇ ਪੀੜਤ ਕਿਸਾਨਾਂ ਦੇ ਪਰਿਵਾਰ ਵੀ ਸੁਪਰੀਮ ਕੋਰਟ ਪਹੁੰਚੇ ਸਨ। ਪਟੀਸ਼ਨ ਵਿਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ।

Ashish Mishra

ਐਡਵੋਕੇਟ ਪ੍ਰਸ਼ਾਂਤ ਭੂਸ਼ਣ ਜ਼ਰੀਏ ਦਾਇਰ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਪਰਿਵਾਰ ਦੇ ਮੈਂਬਰ ਸੁਪਰੀਮ ਕੋਰਟ ਵਿਚ ਜਾਣ ਲਈ ਮਜਬੂਰ ਹਨ ਕਿਉਂਕਿ ਉੱਤਰ ਪ੍ਰਦੇਸ਼ ਸਰਕਾਰ ਹਾਈ ਕੋਰਟ ਦੇ ਫੈਸਲੇ ਵਿਰੁੱਧ ਅਪੀਲ ਦਾਇਰ ਕਰਨ ਵਿਚ ਅਸਫਲ ਰਹੀ ਹੈ।

Lakhimpur Kheri case

ਇਸ ਤੋਂ ਪਹਿਲਾਂ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਇਕ ਹੋਰ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਵਿਚ ਜ਼ਮਾਨਤ ਦੇਣ ਦੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ। ਇਹ ਅਰਜ਼ੀ ਪਟੀਸ਼ਨਕਰਤਾਵਾਂ ਦੇ ਵਕੀਲ ਸ਼ਿਵ ਕੁਮਾਰ ਤ੍ਰਿਪਾਠੀ ਅਤੇ ਸੀਐਸ ਪਾਂਡਾ ਵਲੋਂ ਸੁਪਰੀਮ ਕੋਰਟ ਵਿਚ ਦਾਇਰ ਕੀਤੀ ਗਈ ਹੈ।