'ਆਪ' 'ਚ ਸ਼ਾਮਲ ਹੋਏ ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ
ਅਰਵਿੰਦ ਕੇਜਰੀਵਾਲ ਨੇ ਪਾਰਟੀ ਵਿਚ ਕੀਤਾ ਸਵਾਗਤ
ਨਵੀਂ ਦਿੱਲੀ : ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਦੇਸ਼ ਪ੍ਰਧਾਨ ਅਤੇ ਤ੍ਰਿਣਮੂਲ ਕਾਂਗਰਸ ਦੇ ਨੇਤਾ ਅਸ਼ੋਕ ਤੰਵਰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਉਹ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।
'ਆਪ' 'ਚ ਸ਼ਾਮਲ ਹੋਣ ਤੋਂ ਬਾਅਦ ਅਸ਼ੋਕ ਤੰਵਰ ਨੇ ਕਿਹਾ, ''ਲੋਕਪ੍ਰਿਯ ਨੇਤਾ ਅਰਵਿੰਦ ਕੇਜਰੀਵਾਲ ਜੀ ਦੀ ਯੋਗ ਅਗਵਾਈ 'ਚ ਲੋਕ ਹਿੱਤ 'ਚ ਕੀਤੇ ਜਾ ਰਹੇ ਕੰਮਾਂ ਨੇ ਮੈਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਹੈ। ਮੈਂ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਹੋਏ ਪਾਰਟੀ ਲੀਡਰਸ਼ਿਪ ਦੇ ਭਰੋਸੇ 'ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਾਂਗਾ।
ਹਰਿਆਣਾ ਦੇ ਸਿਰਸਾ ਤੋਂ ਸੰਸਦ ਮੈਂਬਰ ਰਹੇ ਤੰਵਰ ਨੇ ਸਾਲ 2019 ਵਿੱਚ ਕਾਂਗਰਸ ਛੱਡ ਦਿੱਤੀ ਸੀ। ਉਹ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ (HPCC) ਦੇ ਪ੍ਰਧਾਨ ਸਨ। ਉਹਨਾਂ ਨੇ ਭਾਰਤੀ ਯੂਥ ਕਾਂਗਰਸ ਅਤੇ ਕਾਂਗਰਸ ਦੇ ਵਿਦਿਆਰਥੀ ਵਿੰਗ, ਐਨਯੂਐਸਆਈ ਦੇ ਪ੍ਰਧਾਨ ਵਜੋਂ ਵੀ ਸੇਵਾ ਕੀਤੀ। ਬਾਅਦ ਵਿੱਚ ਤੰਵਰ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ (ਟੀਐਮਸੀ) ਵਿੱਚ ਸ਼ਾਮਲ ਹੋ ਗਏ। ਹੁਣ ਤੰਵਰ 'ਆਪ' 'ਚ ਸ਼ਾਮਲ ਹੋ ਗਏ ਹਨ।