ਐਨਆਰਸੀ 'ਚ ਕੋਈ ਭੇਦਭਾਵ ਨਹੀਂ, ਕੁੱਝ ਲੋਕ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਨੇ: ਰਾਜਨਾਥ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕੌਮੀ ਨਾਗਰਿਕ ਰਜਿਸਟਰ ਦੇ ਮਾਮਲੇ ਵਿਚ ਕਿਹਾ ਹੈ ਕਿ ਜਿਹੜੇ ਲੋਕਾਂ ਦੇ ਨਾਮ ਸੂਚੀ ਵਿਚ ਆਉਣ ਤੋਂ ਰਹਿ ਗਏ ਹਨ.............

Rajnath Singh

ਨਵੀਂ ਦਿੱਲੀ : ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕੌਮੀ ਨਾਗਰਿਕ ਰਜਿਸਟਰ ਦੇ ਮਾਮਲੇ ਵਿਚ ਕਿਹਾ ਹੈ ਕਿ ਜਿਹੜੇ ਲੋਕਾਂ ਦੇ ਨਾਮ ਸੂਚੀ ਵਿਚ ਆਉਣ ਤੋਂ ਰਹਿ ਗਏ ਹਨ, ਉਨ੍ਹਾਂ ਨੂੰ ਦੁਬਾਰਾ ਮੌਕਾ ਦਿਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਨਆਰਸੀ ਵਿਚ ਨਾਮਜ਼ਦਗੀ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਸੀ ਅਤੇ ਵੱਖ-ਵੱਖ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਪੜਤਾਲ ਤੋਂ ਬਾਅਦ ਹੀ ਕਿਸੇ ਵਿਅਕਤੀ ਦਾ ਨਾਮ ਇਸ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਇਸ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਕਰ ਰਹੀ ਹੈ ਅਤੇ ਸਮੇਂ-ਸਮੇਂ 'ਤੇ ਪੂਰੇ ਕੰਮਕਾਜ ਦੀ ਸਮੀਖਿਆ ਵੀ ਕੀਤੀ ਜਾ ਰਹੀ ਹੈ।

ਉਨ੍ਹਾਂ ਸਦਨ ਨੂੰ ਭਰੋਸਾ ਦਿਵਾਇਆ ਕਿ ਨਾ ਕੋਈ ਭੇਦਭਾਵ ਕੀਤਾ ਗਿਆ ਹੈ ਅਤੇ ਨਾ ਹੀ ਅੱਗੇ ਕੋਈ ਭੇਦਭਾਵ ਕੀਤਾ ਜਾਵੇਗਾ। ਰਾਜਨਾਥ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਆਸਾਮ ਸਰਕਾਰ ਇਸ ਗੱਲ ਪ੍ਰਤੀ ਪ੍ਰਤੀਬੱਧ ਹਨ ਕਿ ਤੈਅ ਸਮਾਂ ਹੱਦ ਵਿਚ ਭਾਰਤੀ ਨਾਗਰਿਕਾਂ ਦੇ ਨਾਮ ਐਨਆਰਸੀ ਵਿਚ ਸ਼ਾਮਲ ਕੀਤੇ ਜਾਣ। 
ਗ੍ਰਹਿ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਅਤੇ ਮਾਹੌਲ ਨੂੰ ਖ਼ਰਾਬ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

ਰਾਜਨਾਥ ਸਿੰਘ ਨੇ ਕਿਹਾ ਕਿ ਇਹ ਸੁਭਾਵਕ ਹੈ ਕਿ ਹਰ ਦੇਸ਼ ਇਹ ਜਾਣਨਾ ਚਾਹੇਗਾ ਕਿ ਉਸ ਦੇ ਲੋਕ ਅਪਣੇ ਨਾਗਰਿਕ ਹਨ ਅਤੇ ਕਿੰਨੇ ਵਿਦੇਸ਼ੀ ਨਾਗਰਿਕ ਹਨ। ਰਾਜਨਾਥ ਸਿੰਘ ਨੇ ਕਿਹਾ ਕਿ ਇਹ ਸੱਭ ਕੁੱਝ ਆਸਾਮ ਸਮਝੌਤੇ ਤਹਿਤ ਕੀਤਾ ਜਾ ਰਿਹਾ ਹੈ ਜੋ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਕੀਤਾ ਸੀ। ਸਮਝੌਤੇ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਗੇ ਵਧਾਇਆ ਸੀ। (ਏਜੰਸੀ)

Related Stories