ਕੈਪਟਨ ਸਰਕਾਰ ਦੇ ਧਰਨੇ 'ਚ ਸ਼ਾਮਲ ਹੋਏ ਨਵਜੋਤ ਸਿੱਧੂ ਪਰ ਨਹੀਂ ਦਿਖਾਈ ਦਿੱਤੇ ਬਾਜਵਾ
ਜੰਤਰ ਮੰਤਰ ਵਿਖੇ ਪੰਜਾਬ ਦੇ ਵਿਧਾਇਕਾਂ ਦਾ ਸੰਕੇਤਕ ਧਰਨਾ ਜਾਰੀ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਦੇ ਵਿਧਾਇਕਾਂ ਵੱਲੋਂ ਜੰਤਰ-ਮੰਤਰ ਵਿਖੇ ਸੰਕੇਤਕ ਧਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ ਦੌਰਾਨ ਕਾਂਗਰਸੀ ਵਿਧਾਇਕਾਂ ਤੋਂ ਇਲਾਵਾ ਪਰਮਿੰਦਰ ਸਿੰਘ ਢੀਂਡਸਾ, ਸੁਖਪਾਲ ਸਿੰਘ ਖਹਿਰਾ ਅਤੇ ਸਿਮਰਜੀਤ ਬੈਂਸ ਵਿਚ ਸ਼ਾਮਲ ਹੋਏ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਪਰਮਿੰਦਰ ਢੀਂਡਸਾ ਅਤੇ ਸੁਖਪਾਲ ਖਹਿਰਾ ਦੇ ਵਿਚਾਲੇ ਬੈਠੇ ਦਿਖਾਈ ਦੇ ਰਹੇ ਹਨ। ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਵੀ ਧਰਨੇ ਵਿਚ ਸ਼ਾਮਲ ਹੋਏ ਹਨ। ਪਰ ਪ੍ਰਤਾਪ ਸਿੰਘ ਬਾਜਵਾ ਧਰਨੇ ਵਿਚ ਨਹੀਂ ਸ਼ਾਮਲ ਹੋਏ।
ਧਰਨੇ ਦੌਰਾਨ ਵਿਧਾਇਕਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਧਰਨੇ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੇ ਰਾਜਘਾਟ ਪਹੁੰਚੇ, ਜਿੱਥੇ ਉਹਨਾਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ।
ਇਸ ਮੌਕੇ ਉਹਨਾਂ ਨਾਲ ਕਾਂਗਰਸ ਦੇ ਸੰਸਦ ਮੈਂਬਰ ਵੀ ਮੌਜੂਦ ਸਨ। ਧਰਨੇ ਤੋਂ ਪਹਿਲਾਂ ਪੰਜਾਬ ਦੇ ਵਿਧਾਇਕ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿਖੇ ਪਹੁੰਚੇ। ਵਿਧਾਇਕਾਂ ਨੇ ਪੰਜਾਬ ਭਵਨ ਤੋਂ ਜੰਤਰ ਮੰਤਰ ਤੱਕ ਪੈਦਲ ਮਾਰਚ ਕੱਢਿਆ।