ਮੁੱਦਾ ਪਰਾਲੀ ਦਾ: ਦਿੱਲੀ ਦੇ LG ਨੇ ਲਿਖਿਆ CM ਮਾਨ ਨੂੰ ਪੱਤਰ, ਮਾਨ ਨੇ ਵੀ ਦਿੱਤਾ ਮੋੜਵਾਂ ਜਵਾਬ
LG ਸਾਬ੍ਹ, ਤੁਸੀਂ ਦਿੱਲੀ ਦੀ ਚੁਣੀ ਹੋਈ ਸਰਕਾਰ ਦੇ ਕੰਮ ਰੋਕ ਰਹੇ ਹੋ - CM ਮਾਨ
ਨਵੀਂ ਦਿੱਲੀ - ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਪਰਾਲੀ ਸਾੜਨ ਅਤੇ ਪ੍ਰਦੂਸ਼ਣ ਦੇ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖਿਆ ਹੈ। ਜਿਸ ਵਿਚ ਉਨ੍ਹਾਂ ਲਿਖਿਆ, 'ਤੁਹਾਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਪੰਜਾਬ ਵਿਚ ਪਰਾਲੀ ਸਾੜਨ 'ਤੇ ਕਾਬੂ ਪਾਉਣ ਲਈ ਤੁਰੰਤ ਅਤੇ ਠੋਸ ਕਦਮ ਚੁੱਕੇ ਜਾਣ, ਜਿਸ ਨੇ ਇੱਕ ਵਾਰ ਫਿਰ ਰਾਸ਼ਟਰੀ ਰਾਜਧਾਨੀ ਨੂੰ ਗੈਸ ਚੈਂਬਰ ਵਿਚ ਤਬਦੀਲ ਕਰ ਦਿੱਤਾ ਹੈ।'
ਵੀਕੇ ਸਕਸੈਨਾ ਨੇ ਅਪਣੇ ਪੱਤਰ ਵਿਚ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਮਾਨ ਦਾ ਧਿਆਨ ਦਿੱਲੀ ਦੇ ਲੋਕਾਂ ਦੀ ਦੁਰਦਸ਼ਾ ਵੱਲ ਦਿਵਾਉਣਾ ਚਾਹੁੰਦੇ ਹਨ, ਜਿਸ ਵਿਚ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ। ਪੰਜਾਬ ਵਿਚ ਪਰਾਲੀ ਸਾੜਨ ਕਾਰਨ ਦਿੱਲੀ ਗੈਸ ਚੈਂਬਰ ਬਣ ਗਈ ਹੈ। ਪ੍ਰਦੂਸ਼ਣ ਦਾ ਪੱਧਰ 'ਸਵੇਅਰ ਪਲੱਸ' ਤੱਕ ਪਹੁੰਚ ਗਿਆ ਹੈ। ਪੰਜਾਬ ਦਾ 95% ਧੂੰਆਂ ਪਰਾਲੀ ਕਾਰਨ ਹੁੰਦਾ ਹੈ। ਇਸ ਬਾਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਗੱਲਬਾਤ ਹੋਈ। ਪਰ ਜਦੋਂ ਸੀ.ਐਮ ਮਾਨ ਨਾਲ ਗੱਲ ਕਰਨੀ ਚਾਹੀ ਤਾਂ ਉਹ ਮੀਟਿੰਗ ਵਿਚ ਰੁੱਝੇ ਹੋਏ ਸਨ ਅਤੇ ਇਸ ਤੋਂ ਬਾਅਦ ਇਸ ਗੰਭੀਰ ਮੁੱਦੇ 'ਤੇ ਗੱਲਬਾਤ ਕਰਨ ਲਈ ਬੁਲਾਇਆ ਵੀ ਨਹੀਂ ਗਿਆ।
ਪ੍ਰਦੂਸ਼ਣ ਕਾਰਨ ਦਿੱਲੀ ਅਤੇ ਐਨਸੀਆਰ ਵਿਚ ਹਸਪਤਾਲਾਂ ਅਤੇ ਕਲੀਨਿਕਾਂ ਵਿਚ ਸਾਹ ਦੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਆਮ ਲੋਕ ਅੱਖਾਂ ਵਿਚ ਜਲਨ, ਖੰਘ, ਅੱਖਾਂ ਦੀ ਰੌਸ਼ਨੀ, ਛਾਤੀ ਵਿੱਚ ਜਲਣ, ਗਲੇ ਵਿੱਚ ਖਰਾਸ਼ ਅਤੇ ਸਾਹ ਚੜ੍ਹਨ ਦੀਆਂ ਸ਼ਿਕਾਇਤਾਂ ਲੈ ਕੇ ਡਾਕਟਰਾਂ ਤੱਕ ਪਹੁੰਚ ਕਰ ਰਹੇ ਹਨ। ਖ਼ਤਰਾ ਇੰਨਾ ਵੱਧ ਗਿਆ ਹੈ ਕਿ ਸਕੂਲਾਂ ਨੂੰ ਬੰਦ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਸਵੇਰ ਦੀ ਸੈਰ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੈ। ਇਹ ਮਨੁੱਖੀ ਅਧਿਕਾਰਾਂ ਦਾ ਘਾਣ ਹੈ।
NCTD ਦਾ ਜ਼ਿਕਰ ਕਰਦੇ ਹੋਏ, ਉਪ ਰਾਜਪਾਲ ਨੇ ਕਿਹਾ ਕਿ NCDT ਨੇ ਬਾਇਓ-ਡੀਕੰਪੋਜ਼ਰ ਨੂੰ ਬਹੁਤ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਕਿਸਾਨਾਂ ਤੱਕ ਆਪਣੀ ਗੱਲ ਰੱਖੀ ਪਰ ਪੰਜਾਬ ਵਿਚ ਇਸ ਨੂੰ ਅਪਣਾਉਣ ਦੇ ਉਲਟ ਪਰਾਲੀ ਸਾੜਨ ਦੀਆਂ ਘਟਨਾਵਾਂ ਪਹਿਲਾਂ ਨਾਲੋਂ ਵੱਧ ਗਈਆਂ ਹਨ। ਸਰਕਾਰ ਵਿਚ ਹੋਣ ਕਰਕੇ ਸਾਨੂੰ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਕਿਸਾਨਾਂ ਨੂੰ ਵੱਖ-ਵੱਖ ਤਰੀਕੇ ਅਪਣਾਉਣ ਲਈ ਉਤਸ਼ਾਹਿਤ ਕਰਨਾ ਹੋਵੇਗਾ। ਇੱਕ ਦੂਜੇ ਵਿੱਚ ਨੁਕਸ ਲੱਭਣ ਅਤੇ ਆਪਣੀਆਂ ਕਮੀਆਂ ਨੂੰ ਛੁਪਾਉਣ ਤੋਂ ਬਚਣਾ ਚਾਹੀਦਾ ਹੈ।
ਓਧਰ ਐੱਲਜੀ ਦੀ ਇਸ ਚਿੱਠੀ ਤੋਂ ਬਾਅਦ ਮੁੱਖ ਮੰਤਰੀ ਨੇ ਵੀ ਟਵੀਟ ਕਰ ਕੇ ਐਲਜੀ ਨੂੰ ਜਵਾਬ ਦਿੱਤਾ ਹੈ। ਉਹਨਾਂ ਨੇ ਲਿਖਿਆ ਕਿ ''LG ਸਾਬ੍ਹ, ਤੁਸੀਂ ਦਿੱਲੀ ਦੀ ਚੁਣੀ ਹੋਈ ਸਰਕਾਰ ਦੇ ਕੰਮ ਰੋਕ ਰਹੇ ਹੋ। "Red Light on Gaadi off" ਮੁਹਿੰਮ ਨੂੰ ਰੋਕ ਦਿੱਤਾ ਅਤੇ ਹੁਣ ਮੈਨੂੰ ਚਿੱਠੀ ਲਿਖ ਕੇ ਰਾਜਨੀਤੀ ਕਰ ਰਹੇ ਹੋ? ਅਜਿਹੇ ਗੰਭੀਰ ਵਿਸ਼ੇ 'ਤੇ ਰਾਜਨੀਤੀ ਕਰਨਾ ਠੀਕ ਨਹੀਂ ਹੈ।''
ਦੱਸ ਦਈਏ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਦੀ ਹਵਾ ਲਗਾਤਾਰ ਜ਼ਹਿਰੀਲੀ ਹੁੰਦੀ ਜਾ ਰਹੀ ਹੈ। ਲਗਾਤਾਰ ਦੋ ਦਿਨਾਂ ਤੱਕ ਹਵਾ ਦੀ ਗੁਣਵੱਤਾ 'ਗੰਭੀਰ' ਸ਼੍ਰੇਣੀ ਵਿੱਚ ਰਹਿਣ ਦੇ ਨਾਲ ਦਿੱਲੀ ਵਿਚ GRAP ਪ੍ਰਣਾਲੀ ਲਾਗੂ ਕੀਤੀ ਗਈ ਹੈ। ਸੀਏਕਿਊਐਮ ਵੱਲੋਂ ਦਿੱਲੀ ਵਿਚ ਜੀਆਰਏਪੀ-4 ਲਾਗੂ ਕਰਨ ਦੇ ਨਿਰਦੇਸ਼ ਤੋਂ ਬਾਅਦ ਅੱਜ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ 12 ਵਜੇ ਉੱਚ ਪੱਧਰੀ ਮੀਟਿੰਗ ਸੱਦ ਲਈ ਹੈ। ਅੱਜ ਦੀ ਮੀਟਿੰਗ ਵਿਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ, ਜਿਸ ਵਿਚ ਸਕੂਲਾਂ ਨੂੰ ਬੰਦ ਕਰਨ ਦਾ ਫ਼ੈਸਲਾ ਵੀ ਲਿਆ ਜਾ ਸਕਦਾ ਹੈ।