Farmers Protest 2024: ਕਿਸਾਨ ਅੰਦੋਲਨ ਨਾਲ ਜੁੜੇ ਮੁੱਦੇ ‘ਗੰਭੀਰ’, ਸਿਰਫ਼ ਪ੍ਰਚਾਰ ਲਈ ਪਟੀਸ਼ਨ ਨਾ ਦਾਇਰ ਕਰੋ : SC

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੁਪਰੀਮ ਕੋਰਟ ਨੇ ਪਟੀਸ਼ਨ ’ਚ ਸੋਧ ਕਰਨ ਲਈ ਵਾਪਸ ਲੈਣ ਦੀ ਬੇਨਤੀ ਮਨਜ਼ੂਰ ਕੀਤੀ

File Photo

Farmers Protest 2024:  ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਸਾਨਾਂ ਦੇ ਪ੍ਰਦਰਸ਼ਨ ਨਾਲ ਜੁੜੇ ਮੁੱਦਿਆਂ ਨੂੰ ਗੰਭੀਰ ਕਰਾਰ ਦਿੰਦੇ ਹੋਏ ਸੋਮਵਾਰ ਨੂੰ ਇਕ ਪਟੀਸ਼ਨਕਰਤਾ ਨੂੰ ਕਿਹਾ ਕਿ ਉਹ ਸਿਰਫ਼ ਪ੍ਰਚਾਰ ਹਾਸਲ ਕਰਨ ਲਈ ਅਖ਼ਬਾਰਾਂ ਦੀਆਂ ਖ਼ਬਰਾਂ ’ਤੇ ਆਧਾਰਤ ਪਟੀਸ਼ਨ ਦਾਇਰ ਕਰਨ ਤੋਂ ਬਚਣ।
ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੀ ਬੈਂਚ ਨੇ ਸਿੱਖ ਚੈਂਬਰ ਆਫ਼ ਕਾਮਰਸ ਦੇ ਮੈਨੇਜਿੰਗ ਡਾਇਰੈਕਟਰ, ਪਟੀਸ਼ਨਰ ਅਗਨੋਸਟੋਸ ਥੀਓਸ ਨੂੰ ਅਪਣੀ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਦਿਤੀ ਹੈ, ਜਿਸ ’ਚ ਕੇਂਦਰ ਅਤੇ ਕੁੱਝ ਸੂਬਿਆਂ ਵਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਗਿਆ ਸੀ।

ਸੁਣਵਾਈ ਦੀ ਸ਼ੁਰੂਆਤ ’ਚ ਥੀਓਸ ਦੇ ਵਕੀਲ ਨੇ ਪਟੀਸ਼ਨ ਵਾਪਸ ਲੈਣ ਦੀ ਬੇਨਤੀ ਕੀਤੀ, ਜਿਸ ਨੇ ਕਿਹਾ ਕਿ ਉਹ ਪਟੀਸ਼ਨ ’ਚ ਸੋਧ ਕਰਨਾ ਚਾਹੁੰਦੇ ਹਨ।
ਜਸਟਿਸ ਕਾਂਤ ਨੇ ਵਕੀਲ ਨੂੰ ਕਿਹਾ, ‘‘ਇਹ ਬਹੁਤ ਗੰਭੀਰ ਮੁੱਦੇ ਹਨ। ਸਿਰਫ਼ ਪ੍ਰਚਾਰ ਲਈ ਅਖ਼ਬਾਰਾਂ ਦੀਆਂ ਖ਼ਬਰਾਂ ਦੇ ਆਧਾਰ ’ਤੇ ਅਜਿਹੀਆਂ ਪਟੀਸ਼ਨਾਂ ਦਾਇਰ ਨਾ ਕਰਨ। ਸਿਰਫ਼ ਉਨ੍ਹਾਂ ਵਿਅਕਤੀਆਂ ਨੂੰ ਹੀ ਇਹ ਪਟੀਸ਼ਨਾਂ ਦਾਇਰ ਕਰਨੀਆਂ ਚਾਹੀਦੀਆਂ ਹਨ ਜੋ ਗੰਭੀਰ ਅਤੇ ਪ੍ਰਤੀਬੱਧ ਹਨ। ਜੇਕਰ ਤੁਸੀਂ ਅਖਬਾਰਾਂ ਦੀਆਂ ਰੀਪੋਰਟਾਂ ਦੇਖੀਆਂ ਹਨ, ਤਾਂ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਹਾਈ ਕੋਰਟ ਇਸ ਮਾਮਲੇ ਤੋਂ ਜਾਣੂ ਹੈ।’’

ਬੈਂਚ ਨੇ ਕਿਹਾ ਕਿ ਪਟੀਸ਼ਨਰ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਹਾਈ ਕੋਰਟ ਇਸ ਮੁੱਦੇ ’ਤੇ ਪਹਿਲਾਂ ਹੀ ਕੁੱਝ ਹੁਕਮ ਪਾਸ ਕਰ ਚੁਕੀ ਹੈ। ਬੈਂਚ ਨੇ ਵਕੀਲ ਨੂੰ ਕਿਹਾ, ‘‘ਅਗਲੀ ਵਾਰ ਸਾਵਧਾਨ ਰਹੋ। ਅਪਣੀ ਖ਼ੁਦ ਦੀ ਖੋਜ ਕਰੋ, ਇਹ ਗੁੰਝਲਦਾਰ ਮੁੱਦੇ ਹਨ।’’           

(For more news apart from Issues related to farmers’ protest serious, don’t file petitions for publicity: Supreme Court News IN Punjabi, stay tuned to Rozana Spokesman)