ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਅਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਸੀਬੀਆਈ ਜਾਂਚ ਦੇ ਅਦਾਲਤੀ ਹੁਕਮ ਤੋਂ ਬਾਅਦ ਮੁੱਖ ਮੰਤਰੀ ਨੂੰ ਲਿਖੀ ਚਿੱਠੀ
ਮੁੰਬਈ: ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਦੇ ਦੋਸ਼ਾਂ ਵਿਚ ਘਿਰੇ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਨੇ ਟਵਿਟਰ 'ਤੇ ਅਪਣਾ ਅਸਤੀਫਾ ਸਾਂਝਾ ਕੀਤਾ। ਅਨਿਲ ਦੇਸ਼ਮੁਖ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੂੰ ਅਪੀਲ ਕੀਤੀ ਕਿ ਉਹਨਾਂ ਦਾ ਅਸਤੀਫ਼ਾ ਸਵੀਕਾਰ ਕਰਕੇ ਉਹਨਾਂ ਨੂੰ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਮੁਕਤ ਕੀਤਾ ਜਾਵੇ।
ਉਹਨਾਂ ਨੇ ਮਰਾਠੀ ਵਿਚ ਲਿਖਿਆ ਕਿ ਹੁਣ ਜਦੋਂ ਹਾਈਕੋਰਟ ਵੱਲੋਂ ਸੀਬੀਆਈ ਜਾਂਚ ਦੇ ਆਦੇਸ਼ ਦਿੱਤੇ ਗਏ ਹਨ ਤਾਂ ਉਹਨਾਂ ਦਾ ਅਹੁਦੇ ’ਤੇ ਰਹਿਣਾ ਠੀਕ ਨਹੀਂ ਹੈ।ਦੱਸ ਦਈਏ ਕਿ ਕੁਝ ਦੇਰ ਪਹਿਲਾਂ ਹੀ ਮੁੰਬਈ ਹਾਈਕੋਰਟ ਨੇ ਸੀਬੀਆਈ ਨੂੰ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਵੱਲੋਂ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖ਼ਿਲਾਫ਼ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ 15 ਦਿਨਾਂ ਵਿਚ ਜਾਂਚ ਸ਼ੁਰੂ ਕਰਨ ਲਈ ਕਿਹਾ ਹੈ।
ਜ਼ਿਕਰਯੋਗ ਹੈ ਕਿ ਅਨਿਲ ਦੇਸ਼ਮੁਖ ’ਤੇ ਲਗਾਏ ਅਰੋਪਾਂ ਨੂੰ ਲੈ ਕੇ ਪਰਮਬੀਰ ਸਿੰਘ ਨੇ ਮੁੰਬਈ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿਚ ਉਹਨਾਂ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਪਰਮਬੀਰ ਸਿੰਘ ਦੇ ਅਰੋਪਾਂ ਅਨੁਸਾਰ ਦੇਸ਼ਮੁਖ ਨੇ ਕਈ ਪੁਲਿਸ ਅਧਿਸਕਾਰੀਆਂ ਨੂੰ ਹਰ ਮਹੀਨੇ 100 ਕਰੋੜ ਰੁਪਏ ਦੀ ਵਸੂਲੀ ਦਾ ਨਿਰਦੇਸ਼ ਦਿੱਤਾ ਸੀ।