1984 ਸਿੱਖ ਨਸਲਕੁਸ਼ੀ ਮਾਮਲਾ : ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕੀਤਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਹਾ - ਉਮਰ ਕੈਦ ਦੀ ਸਜ਼ਾ ਨੂੰ ਰੱਦ ਕਰਨ ਲਈ ਕੋਈ ਆਦੇਸ਼ ਦੇਣਾ ਬਹੁਤ ਮੁਸ਼ਕਲ ਹੈ।

1984 anti-Sikh riots: SC refuses to grant bail to Sajjan Kumar

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ 1984 ਦੇ ਸਿੱਖ ਨਸਲਕੁਸ਼ੀ ਨਾਲ ਸਬੰਧਤ ਮਾਮਲੇ ਆਮ ਨਹੀਂ ਹਨ ਅਤੇ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਦੇ ਮਾਮਲੇ 'ਚ ਸੁਣਵਾਈ ਤੋਂ ਬਗੈਰ ਉਸ ਦੀ ਉਮਰ ਕੈਦ ਦੀ ਸਜ਼ਾ ਨੂੰ ਰੱਦ ਕਰਨ ਲਈ ਕੋਈ ਆਦੇਸ਼ ਦੇਣਾ ਬਹੁਤ ਮੁਸ਼ਕਲ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸੱਜਣ ਕੁਮਾਰ ਦੀ ਅਪੀਲ 'ਤੇ ਅਗਲੇ ਸਾਲ ਮਈ ਮਹੀਨੇ 'ਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਪੈਸ਼ਲ ਬੈਂਚ ਸੁਣਵਾਈ ਕਰੇਗੀ।

ਇਸ ਤੋਂ ਪਹਿਲਾਂ ਸੀ.ਬੀ.ਆਈ. ਨੇ ਸੱਜਣ ਕੁਮਾਰ ਦੀ ਜ਼ਮਾਨਤ ਦਾ ਵਿਰੋਧ ਕੀਤਾ ਸੀ। ਸੀ.ਬੀ.ਆਈ. ਨੇ ਕਿਹਾ ਸੀ ਕਿ ਸੱਜਣ ਵਿਰੁੱਧ ਅਪਰਾਧ ਸਾਬਤ ਹੋ ਚੁੱਕੇ ਹਨ। ਨਾਲ ਹੀ ਦੂਜੇ ਮਾਮਲਿਆਂ ਦੀ ਸੁਣਵਾਈ ਜਾਰੀ ਹੈ ਅਤੇ ਸੀ.ਬੀ.ਆਈ. ਦੇ ਕੰਮ 'ਚ ਰੁਕਾਵਟ ਪਾ ਚੁੱਕੇ ਹਨ। ਕੋਰਟ ਨੇ ਸੀ.ਬੀ.ਆਈ. ਦੇ ਬਾਕੀ ਮੁਕੱਦਮਿਆਂ ਦਾ ਵੇਰਵਾ ਮੰਗਿਆ ਸੀ। ਸੱਜਣ ਦੀ ਅਪੀਲ ਅਤੇ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕਰ ਕੇ 6 ਹਫ਼ਤਿਆਂ 'ਚ ਜਵਾਬ ਮੰਗਿਆ ਸੀ।

ਜ਼ਿਕਰਯੋਗ ਹੈ ਕਿ ਸੱਜਣ ਕੁਮਾਰ ਨੇ ਸੁਪਰੀਮ ਕੋਰਟ 'ਚ ਅਪੀਲ ਦਾਇਰ ਕਰ ਕੇ ਦਿੱਲੀ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ 'ਚ ਹਾਈ ਕੋਰਟ ਨੇ ਸੱਜਣ ਨੂੰ ਦਿੱਲੀ ਕੈਂਟ ਇਲਾਕੇ 'ਚ ਸਿੱਖਾਂ ਦੇ ਕਤਲੇਆਮ ਮਾਮਲੇ 'ਚ ਦੋਸ਼ੀ ਠਹਿਰਾਉਂਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਇਲਾਵਾ ਕੋਰਟ ਨੇ ਸੱਜਣ 'ਤੇ 5 ਲੱਖ ਦਾ ਜ਼ੁਰਮਾਨਾ ਵੀ ਲਗਾਇਆ ਸੀ। ਹਾਈ ਕੋਰਟ ਨੇ ਬਾਕੀ 5 ਦੋਸ਼ੀਆਂ 'ਤੇ ਇਕ-ਇਕ ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਸੀ।