ਬਜ਼ੁਰਗਾਂ ਨੂੰ ਸਮੇਂ ਸਿਰ ਦਿਤੀ ਜਾਵੇ ਪੈਨਸ਼ਨ : ਸੁਪਰੀਮ ਕੋਰਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਬਿਰਧ ਆਸ਼ਰਮਾਂ ਵਿਚ ਪੀਪੀਈ, ਮਾਸਕ ਦਿਤੇ ਜਾਣ

Supreme Court

ਨਵੀਂ ਦਿੱਲੀ, 4 ਅਗੱਸਤ : ਸੁਪਰੀਮ ਕੋਰਟ ਨੇ ਕਿਹਾ ਕਿ ਬਜ਼ੁਰਗਾਂ ਨੂੰ ਸਮੇਂ ਸਿਰ ਪੈਨਸ਼ਨ ਦਿਤੀ ਜਾਣੀ ਚਾਹੀਦੀ ਹੈ ਅਤੇ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਦੇਸ਼ ਭਰ ਵਿਚ ਬਿਰਧ ਆਸ਼ਰਮਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਪੀਪੀਈ, ਸੈਨੇਟਾਈਜ਼ਰ ਅਤੇ ਮਾਸਕ ਦਿਤੇ ਜਾਣ। ਸਿਖਰਲੀ ਅਦਾਲਤ ਨੇ ਕਿਹਾ ਕਿ ਬਜ਼ੁਰਗ ਲੋਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ ਅਤੇ ਪ੍ਰਸ਼ਾਸਨ ਨੂੰ ਇਸ ਗੱਲ ਲਈ ਕਦਮ ਚੁਕਣੇ ਚਾਹੀਦੇ ਹਨ ਕਿ ਜਿਥੇ ਲੋੜ ਹੈ, ਮਦਦ ਦਿਤੀ ਜਾਵੇ। ਅਦਾਲਤ ਨੇ ਕਿਹਾ  ਅਧਿਕਾਰੀਆਂ ਨੂੰ ਉਨ੍ਹਾਂ ਲਈ ਸਮੇਂ ਸਿਰ ਪੈਨਸ਼ਨ ਯਕੀਨੀ ਕਰਨੀ ਚਾਹੀਦੀ ਹੈ ਅਤੇ ਬਿਰਧ ਆਸ਼ਰਮਾਂ ਵਿਚ ਰਹਿਣ ਵਾਲਿਆਂ ਨੂੰ ਪੀਪੀਈ ਕਿੱਟ ਦਿਤੀ ਜਾਣੀ ਚਾਹੀਦੀ ਹੈ।

ਜੱਜ ਅਸ਼ੋਕ ਭੂਸ਼ਣ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਵਕੀਲ ਅਸ਼ਵਨੀ ਕੁਮਾਰ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਬੁਜ਼ਰਗਾਂ ਨੂੰ ਸਮੇਂ ਸਿਰ ਪੈਨਸ਼ਨ ਦਾ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ, ਕੁਮਾਰ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਬਜ਼ੁਰਗਾਂ ਨੂੰ ਸਮੇਂ ਸਿਰ ਪੈਨਸ਼ਨ ਮਿਲਣਾ ਜ਼ਰੂਰੀ ਹੈ। ਉਨ੍ਹਾਂ ਸਿਖਰਲੀ ਅਦਾਲਤ ਨੂੰ ਕਿਹਾ ਕਿ ਕਰੋੜਾਂ ਬਜ਼ੁਰਗ ਇਕੱਲੇ ਰਹਿ ਰਹੇ ਹਨ ਅਤੇ ਇਸ ਗੱਲ ਲਈ ਢੁਕਵੇਂ ਨਿਰਦੇਸ਼ ਦਿਤੇ ਜਾਣੇ ਚਾਹੀਦੇ ਹਨ ਕਿ ਲਾਭਪਾਤਰੀਆਂ ਨੂੰ ਸਮੇਂ ਸਿਰ ਪੈਨਸ਼ਨ ਮਿਲੇ। ਕੇਂਦਰ ਵਲੋਂ ਪੇਸ਼ ਵਕੀਲ ਵੀ ਮੋਹਨ ਨੇ ਕਿਹਾ ਕਿ ਰਾਜ ਸਰਕਾਰਾਂ ਇਸ ਦਿਸ਼ਾ ਵਿਚ ਯਤਨ ਕਰ ਰਹੀਆਂ ਹਨ। ਮੋਹਨ ਨੇ ਪਟੀਸ਼ਨ 'ਤੇ ਜਵਾਬ ਦਾਖ਼ਲ ਕਰਨ ਲਈ ਜਦ ਇਕ ਹਫ਼ਤੇ ਦਾ ਸਮਾਂ ਮੰਗਿਆ ਤਾਂ ਕੁਮਾਰ ਨੇ ਵਿਰੋਧ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਫ਼ੌਰੀ ਕਾਰਵਾਈ ਦੀ ਲੋੜ ਹੈ। ਬੈਂਚ ਨੇ ਰਾਜਾਂ ਨੂੰ ਪਟੀਸ਼ਨ 'ਤੇ ਜਵਾਬ ਦਾਖ਼ਲ ਕਰਨ ਦਾ ਵੀ ਨਿਰਦੇਸ਼ ਦਿਤਾ।