ਕੋਰੋਨਾ: ਅਪ੍ਰੈਲ 2021 ਤੋਂ 28 ਮਈ 2021 ਤੱਕ 645 ਬੱਚਿਆਂ ਨੇ ਆਪਣੇ ਮਾਪਿਆਂ ਨੂੰ ਗੁਆਇਆ: ਸਰਕਾਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜਿਹੇ ਬੱਚਿਆਂ ਦੀ ਮਦਦ ਲਈ 'ਪੀਐਮ ਕੇਅਰਜ਼' ਚਾਈਲਡ ਸਕੀਮ ਦਾ ਐਲਾਨ ਕੀਤਾ ਹੈ
ਨਵੀਂ ਦਿੱਲੀ: ਸਰਕਾਰ ਨੇ ਵੀਰਵਾਰ ਨੂੰ ਕਿਹਾ ਕਿ ਕੋਵਿਡ -19 ਮਹਾਂਮਾਰੀ ਕਾਰਨ ਦੇਸ਼ ਭਰ ਵਿਚ 645 ਬੱਚਿਆਂ ਨੇ ਆਪਣੇ ਮਾਪਿਆਂ ਨੂੰ ਗੁਆਇਆ ਹੈ। ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੇ ਇੱਕ ਸਵਾਲ ਦੇ ਲਿਖਤੀ ਜਵਾਬ ਵਿਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਅਪ੍ਰੈਲ 2021 ਤੋਂ 28 ਮਈ, 2021 ਤੱਕ, ਕੋਵਿਡ ਮਹਾਂਮਾਰੀ ਵਿਚ ਕੁੱਲ 645 ਬੱਚਿਆਂ ਨੇ ਆਪਣੇ ਮਾਪਿਆਂ ਨੂੰ ਗੁਆ ਦਿੱਤਾ।
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜਿਹੇ ਬੱਚਿਆਂ ਦੀ ਮਦਦ ਲਈ 'ਪੀਐਮ ਕੇਅਰਜ਼' ਚਾਈਲਡ ਸਕੀਮ ਦਾ ਐਲਾਨ ਕੀਤਾ ਹੈ ਜਿਨ੍ਹਾਂ ਨੇ ਕੋਵਿਡ -19 ਮਹਾਂਮਾਰੀ ਕਾਰਨ ਆਪਣੇ ਮਾਪਿਆਂ ਜਾਂ ਕਾਨੂੰਨੀ ਸਰਪ੍ਰਸਤ ਦੋਵਾਂ ਨੂੰ ਗੁਆ ਦਿੱਤਾ ਹੈ। ਇਸ ਸਕੀਮ ਵਿਚ ਸਿਹਤ ਅਤੇ ਸਿੱਖਿਆ ਦੇ ਲਈ ਸਹਾਇਤਾ ਦਾ ਪ੍ਰਬੰਧ ਹੈ
ਅਤੇ 18 ਸਾਲ ਦੀ ਉਮਰ ਤੱਕ ਪਹੁੰਚਣ 'ਤੇ ਹਰੇਕ ਬੱਚੇ ਲਈ ਦਸ ਲੱਖ ਰੁਪਏ ਦਾ ਫੰਡ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਬੱਚਿਆਂ ਦੀ ਗਿਣਤੀ ਆਂਧਰਾ ਪ੍ਰਦੇਸ਼ ਵਿਚ 119 ਅਤੇ ਗੁਜਰਾਤ ਵਿਚ 45, ਮੱਧ ਪ੍ਰਦੇਸ਼ ਵਿਚ 73, ਮਹਾਰਾਸ਼ਟਰ ਵਿਚ 83 ਅਤੇ ਉੱਤਰ ਪ੍ਰਦੇਸ਼ ਵਿਚ 158 ਹੈ।