ਹੰਗਾਮੇ ਦੀ ਭੇਂਟ ਚੜ੍ਹੀ ਦੋਨਾਂ ਸਦਨਾਂ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਪੁਰਸ਼ ਹਾਕੀ ਟੀਮ ਨੂੰ ਸੰਸਦ ਦੇ ਦੋਵਾਂ ਸਦਨਾਂ ਵਿਚ ਵਧਾਈ ਦਿੱਤੀ ਗਈ ਹੈ
ਨਵੀਂ ਦਿੱਲੀ - ਪੇਗਾਸਸ ਮੁੱਦੇ 'ਤੇ ਵਿਰੋਧੀ ਧਿਰ ਦੇ ਭਾਰੀ ਹੰਗਾਮੇ ਦੇ ਵਿਚਕਾਰ ਸੰਸਦ ਨੇ ਵੀਰਵਾਰ ਨੂੰ ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋਈ। ਇਸ ਦੌਰਾਨ ਉਲੰਪਿਕਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਪੁਰਸ਼ ਹਾਕੀ ਟੀਮ ਨੂੰ ਸੰਸਦ ਦੇ ਦੋਵਾਂ ਸਦਨਾਂ ਵਿਚ ਵਧਾਈ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੁੱਕੇਬਾਜ਼ ਲਵਲੀਨਾ ਨੂੰ ਵੀ ਸਦਨ ਵਿਚ ਵਧਾਈ ਦਿੱਤੀ ਗਈ।
ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਲੋਕ ਸਭਾ ਵਿਚ ਹੰਗਾਮਾ ਮਚਾਇਆ। ਉਹਨਾਂ ਨੇ ਹੱਥਾਂ ਵਿਚ ਤਖਤੀਆਂ ਲੈ ਕੇ ਸਟੇਜ ਕੋਲ ਜਾ ਕੇ ਨਾਅਰੇਬਾਜ਼ੀ ਕੀਤੀ। ਲੋਕ ਸਭਾ ਵਿਚ ਕੁਝ ਸਮੇਂ ਲਈ ਕਾਰਵਾਈ ਹੋਈ ਫਿਰ ਵਿਰੋਧੀ ਧਿਰ ਦਾ ਹੰਗਾਮਾ ਸ਼ੁਰੂ ਹੋ ਗਿਆ ਤੇ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਵੀ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ ਤੇ ਹੁਣ 2 ਵਜੇ ਤੱਕ ਮੁਲਤਵੀ ਹੋ ਗਈ ਹੈ।
ਇਸ ਦੇ ਨਾਲ ਹੀ ਅੱਜ ਸਵੇਰ ਤੋਂ ਹੀ ਰਾਜ ਸਭਾ ਵਿਚ ਵੀ ਹੰਗਾਮਾ ਹੋ ਰਿਹਾ ਹੈ, ਨਾਅਰੇ ਲਗਾਏ ਜਾ ਰਹੇ ਹਨ। ਕਾਗਜ਼ ਵੀ ਪਾੜ ਕੇ ਸੁੱਟੇ ਗਏ, ਜਿਸ 'ਤੇ ਰਾਜ ਸਭਾ ਦੇ ਉਪ ਚੇਅਰਮੈਨ ਨੇ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ। ਇਸ ਦੇ ਬਾਵਜੂਦ ਲਗਾਤਾਰ ਹੰਗਾਮਾ ਹੁੰਦਾ ਰਿਹਾ। ਇਸ ਦੇ ਮੱਦੇਨਜ਼ਰ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।