ਗੋਲੀਕਾਂਡ ਲਈ ਬਾਦਲ ਜ਼ਿੰਮੇਵਾਰ, ਸਜ਼ਾ ਦਿਵਾ ਕੇ ਰਹਾਂਗੇ : ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਦੀ ਗੋਲੀਬਾਰੀ ਘਟਨਾ...........

Captain Amarinder Singh

ਨਵੀਂ ਦਿੱਲੀ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਦੀ ਗੋਲੀਬਾਰੀ ਘਟਨਾ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਇਸ ਅਕਾਲੀ ਆਗੂ ਨੇ ਪੰਜਾਬ ਨੂੰ ਬੁਰੀ ਤਰ੍ਹਾਂ ਤਬਾਹ ਕੀਤਾ ਅਤੇ ਉਹ ਸਾਬਕਾ ਮੁੱਖ ਮੰਤਰੀ ਨੂੰ ਸਜ਼ਾ ਦਿਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਬਾਦਲ ਨੂੰ ਹਰ ਹਾਲਤ ਵਿਚ ਕਾਨੂੰਨ ਦੇ ਕਟਿਹਰੇ ਵਿਚ ਖੜਾ ਕੀਤਾ ਜਾਵੇਗਾ।

ਸਾਬਕਾ ਮੁੱਖ ਮੰਤਰੀ ਨਾਲ ਰੱਤੀ ਭਰ ਵਿਚ ਨਰਮੀ ਨਾ ਵਰਤਣ ਦੀ ਗੱਲ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਬਿਲਕੁਲ ਹੀ ਸੰਭਵ ਨਹੀਂ ਕਿ ਬਾਦਲ ਪੁਲਿਸ ਗੋਲੀਬਾਰੀ ਬਾਰੇ ਜਾਣੂੰ ਹੀ ਨਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਦੀ ਰੀਪੋਰਟ ਅਦਾਲਤ ਵਿਚ ਜਾਵੇਗੀ ਅਤੇ ਸਾਰੀ ਸਚਾਈ ਸਾਹਮਣੇ ਆ ਜਾਵੇਗੀ। ਉਨ੍ਹਾਂ ਕਿਹਾ ਕਿ ਸੀ.ਬੀ.ਆਈ ਤੋਂ ਜਾਂਚ ਵਾਪਸ ਲੈਣ ਅਤੇ ਇਹ ਪੰਜਾਬ ਪੁਲਿਸ ਦੀ ਐਸ.ਆਈ.ਟੀ ਦੇ ਹਵਾਲੇ ਕਰਨ ਦਾ ਫ਼ੈਸਲਾ ਸੂਬਾ ਵਿਧਾਨ ਸਭਾ ਨੇ ਲਿਆ ਹੈ

ਜਿਸ ਨੇ ਮਹਿਸੂਸ ਕੀਤਾ ਹੈ ਕਿ ਕੇਂਦਰ ਵਿਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਹੈ ਅਤੇ ਇਸ ਰਾਹੀਂ ਕੇਂਦਰੀ ਏਜੰਸੀ ਨੂੰ ਪ੍ਰਭਾਵਤ ਕੀਤਾ ਜਾ ਸਕਦਾ ਹੈ ਕਿਉਂਕਿ ਭਾਜਪਾ ਸ਼੍ਰੋਮਣੀ ਅਕਾਲੀ ਦਲ ਦੀ ਭਾਈਵਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸ ਤਰ੍ਹਾਂ ਸੰਭਵ ਹੋ ਸਕਦਾ ਹੈ ਕਿ ਇੱਕ ਮੁੱਖ ਮੰਤਰੀ ਨੂੰ ਗੋਲੀਬਾਰੀ ਬਾਰੇ ਕੁੱਝ ਵੀ ਪਤਾ ਨਾ ਹੋਵੇ। ਉਨ੍ਹਾਂ ਕਿਹਾ ਕਿ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੇ ਰਣਜੀਤ ਸਿੰਘ ਕਮਿਸ਼ਨ ਅੱਗੇ ਸਪੱਸ਼ਟ ਰੂਪ ਵਿਚ ਕਿਹਾ ਹੈ ਕਿ ਬਾਦਲ ਨੇ ਉਸ ਨੂੰ ਤਾਕਤ ਨਾਲ ਭੀੜ ਨੂੰ ਖਦੇੜਣ ਵਾਸਤੇ ਆਖਿਆ ਸੀ।

ਕਮਿਸ਼ਨ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗੋਲੀਬਾਰੀ ਤੋਂ ਪਹਿਲਾਂ ਬਾਦਲ ਨੂੰ 22 ਕਾਲਾਂ ਕੀਤੀਆਂ ਗਈਆਂ ਸਨ।  ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਨੇ ਜ਼ੋਰਾ ਸਿੰਘ ਕਮਿਸ਼ਨ ਦੀ ਪੜਤਾਲ ਉਪਰ ਵੀ ਕੋਈ ਕਾਰਵਾਈ ਨਹੀਂ ਕੀਤੀ। ਕੈਪਟਨ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਬਹੁਤ ਜ਼ਿਆਦਾ ਬੁਜ਼ਦਿਲ ਹੈ। ਜਦ ਉਸ ਨੂੰ ਲੋਕਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਖਿਸਕ ਜਾਂਦਾ ਹੈ। ਉਨ੍ਹਾਂ ਨੇ ਬਲੂ ਸਟਾਰ ਦੇ ਸਮੇਂ ਨੂੰ ਵੀ ਯਾਦ ਕੀਤਾ ਜਦ ਸਿੱਖ ਹਮਲੇ ਹੇਠ ਸਨ ਅਤੇ ਅਕਾਲੀ ਦਲ ਦਾ ਸਾਬਕਾ ਪ੍ਰਧਾਨ ਯੂ.ਪੀ ਖਿਸਕ ਗਿਆ ਸੀ। ਮੁੱਖ ਮੰਤਰੀ ਨੇ ਬਾਦਲ ਨੂੰ ਬਰਗਾੜੀ ਅਤੇ ਬਹਿਬਲ ਕਲਾਂ ਦੇ ਮੁੱਦਿਆਂ 'ਤੇ ਬਹਿਸ ਦੀ ਚੁਨੌਤੀ ਦਿਤੀ।

ਮੁੱਖ ਮੰਤਰੀ ਨੇ ਬਠਿੰਡਾ ਵਿਖੇ ਏਮਜ਼ ਦੇ ਪ੍ਰਾਜੈਕਟ ਸਬੰਧੀ ਲੋਕਾਂ ਨੂੰ 'ਗੁਮਰਾਹ' ਕਰਨ ਵਾਸਤੇ ਹਰਸਿਮਰਤ ਬਾਦਲ ਦੀ ਆਲੋਚਨਾ ਕੀਤੀ। ਐਚ ਐਸ ਫੂਲਕਾ ਵਲੋਂ ਅਸਤੀਫ਼ਾ ਦੇਣ ਦੀ ਧਮਕੀ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਲੋਕਾਂ ਵਿਚ ਚਰਚਿਤ ਰਹਿਣ ਵਾਸਤੇ ਇਹ ਕਰ ਰਿਹਾ ਹੈ। ਐਸ.ਵਾਈ.ਐਲ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਪਾਣੀ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਕਿਉਂਕਿ ਟਿਊਬਵੈਲ ਇਸ ਸਮੇਂ ਵਾਜਬ ਨਹੀਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਪਾਣੀ ਤੋਂ ਵਾਂਝੇ ਕਰਨ ਨਾਲ ਅਫਰਾ-ਤਫਰੀ ਮੱਚ ਜਾਵੇਗੀ ਜਿਸ ਨਾਲ ਪਾਕਿਸਤਾਨ ਦੇ ਪੰਜਾਬ ਵਿਚ ਅਸਿਥਰਤਾ ਪੈਦਾ ਕਰਨ ਦੇ ਘਿਨਾਉਣੇ ਇਰਾਦਿਆਂ 'ਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਭਰੋਸਾ ਪ੍ਰਗਟ ਕੀਤਾ ਕਿ ਅਗਲੇ ਸਾਲ ਦੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪੰਜਾਬ ਦੀਆਂ ਸਾਰੀਆਂ ਦੀਆਂ ਸਾਰੀਆਂ 13 ਸੀਟਾਂ 'ਤੇ ਹੂੰਝਾ ਫੇਰੇਗੀ ਅਤੇ ਰਾਹੁਲ ਗਾਂਧੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਵਜੋਂ ਉਭਰਣਗੇ। 

Related Stories