Haryana Election News: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

ਏਜੰਸੀ

ਖ਼ਬਰਾਂ, ਰਾਸ਼ਟਰੀ

Haryana Election News: ਕੁਲ 1,031 ਉਮੀਦਵਾਰ ਚੋਣ ਮੈਦਾਨ ’ਚ

File Photo

 

Haryana Election News: ਹਰਿਆਣਾ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ ਤਕ ਵੋਟਾਂ ਪੈਣਗੀਆਂ। ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਖਤਮ ਹੋਣ ਦੇ ਬਾਵਜੂਦ ਉਮੀਦਵਾਰਾਂ ਨੇ ਸ਼ੁਕਰਵਾਰ ਨੂੰ ਪਾਰਟੀ ਅਤੇ ਬੂਥ ਵਰਕਰਾਂ ਨਾਲ ਮੁਲਾਕਾਤ ਜਾਰੀ ਰੱਖੀ। ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਵੀਰਵਾਰ ਸ਼ਾਮ ਨੂੰ ਖਤਮ ਹੋ ਗਿਆ ਸੀ। 

ਭਾਰਤੀ ਜਨਤਾ ਪਾਰਟੀ (ਭਾਜਪਾ) ਸੱਤਾ ਵਿਰੋਧੀ ਲਹਿਰ ’ਤੇ ਕਾਬੂ ਪਾਉਣ ਦੀ ਉਮੀਦ ਕਰ ਰਹੀ ਹੈ, ਜਦਕਿ ਕਾਂਗਰਸ ਇਕ ਦਹਾਕੇ ਦੇ ਲੰਮੇ ਅੰਤਰਾਲ ਤੋਂ ਬਾਅਦ ਵਾਪਸੀ ਦੀ ਉਮੀਦ ਵਿਚ ਸੱਤਾ ਹਾਸਲ ਕਰਨ ਲਈ ਅਪਣੀ ਪੂਰੀ ਤਾਕਤ ਲਗਾ ਰਹੀ ਹੈ। 

ਚੋਣ ਅਧਿਕਾਰੀਆਂ ਨੇ ਕਿਹਾ ਕਿ ਸੂਬੇ ’ਚ ਸੁਤੰਤਰ ਅਤੇ ਨਿਰਪੱਖ ਚੋਣਾਂ ਲਈ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟ ਅਤੇ ਜੇ.ਜੇ.ਪੀ. ਦੇ ਦੁਸ਼ਯੰਤ ਚੌਟਾਲਾ ਤੋਂ ਇਲਾਵਾ 1027 ਹੋਰ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ ਜੋ 90 ਸੀਟਾਂ ’ਤੇ ਚੋਣ ਲੜ ਰਹੇ ਹਨ। ਇਨ੍ਹਾਂ ’ਚੋਂ 101 ਔਰਤਾਂ ਹਨ। ਸੂਬੇ ’ਚ ਦੋ ਕਰੋੜ ਤੋਂ ਵੱਧ ਵੋਟਰ ਅਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੇ ਯੋਗ ਹਨ। ਅਧਿਕਾਰੀਆਂ ਮੁਤਾਬਕ ਸੂਬੇ ’ਚ 20,629 ਪੋਲਿੰਗ ਸਟੇਸ਼ਨ ਬਣਾਏ ਗਏ ਹਨ।