ਕਾਂਗਰਸੀ ਸਾਂਸਦਾਂ ਤੋਂ ਪਹਿਲਾਂ ਸ਼ਮਸ਼ੇਰ ਦੂਲੋ ਤੇ ਪ੍ਰਤਾਪ ਬਾਜਵਾ ਨੇ ਕੀਤੀ ਰੇਲ ਮੰਤਰੀ ਨਾਲ ਮੁਲਾਕਾਤ
ਸੂਬੇ ਵਿਚ ਮਾਲ ਗੱਡੀਆਂ ਦੀ ਮੁਅੱਤਲੀ ਬਾਰੇ ਕੀਤੀ ਗਈ ਚਰਚਾ
ਨਵੀਂ ਦਿੱਲੀ: ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਅੱਜ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਾਂਗਰਸ ਨੇਤਾਵਾਂ ਨੇ ਸੂਬੇ ਵਿਚ ਮਾਲ ਗੱਡੀਆਂ ਦੀ ਮੁਅੱਤਲੀ ਬਾਰੇ ਚਰਚਾ ਕੀਤੀ।
ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਉਹਨਾਂ ਨੇ ਰੇਲ ਮੰਤਰੀ ਨੂੰ ਜਲਦ ਤੋਂ ਜਲਦ ਸੂਬੇ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਮੁੜ ਤੋਂ ਸ਼ੁਰੂ ਕਰਨ ਦੀ ਅਪੀਲ ਕੀਤੀ।
ਉਹਨਾਂ ਨੇ ਟਵੀਟ ਕੀਤਾ, 'ਅੱਜ ਸ਼ਮਸ਼ੇਰ ਸਿੰਘ ਦੂਲੋ ਅਤੇ ਮੈਂ ਪੰਜਾਬ ਵਿਚ ਭਾਰਤੀ ਰੇਲਵੇ ਵੱਲੋਂ ਕੀਤੀ ਗਈ ਮਾਲ ਸੇਵਾਵਾਂ ਦੀ ਮੁਅੱਤਲੀ ਬਾਰੇ ਵਿਚਾਰ ਵਟਾਂਦਰੇ ਲਈ ਰੇਲ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ। ਅਸੀਂ ਮਾਨਯੋਗ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖਲ ਦੇਣ ਅਤੇ ਜਲਦ ਤੋਂ ਜਲਦ ਰਾਜ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਮੁੜ ਤੋਂ ਸ਼ੁਰੂ ਕਰਨ।'
ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਕਾਂਗਰਸੀ ਸੰਸਦ ਮੈਂਬਰਾਂ ਦੇ ਵਫ਼ਦ ਨਾਲ ਰੇਲ ਮੰਤਰੀ ਨਾਲ ਮੁਲਾਕਾਤ ਕਰਨ ਨਹੀਂ ਗਏ। ਬੀਤੇ ਦਿਨ ਵੀ ਜੰਤਰ-ਮੰਤਰ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਦਿੱਤੇ ਗਏ ਧਰਨੇ ਵਿਚ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨਹੀਂ ਦਿਖਾਈ ਦਿੱਤੇ।