ਜ਼ਹਿਰੀਲੀ ਸ਼ਰਾਬ ਪੀਣ ਨਾਲ 24 ਲੋਕਾਂ ਦੀ ਮੌਤ, ਕਈਆਂ ਨੇ ਗੁਆਈ ਅੱਖਾਂ ਦੀ ਰੋਸ਼ਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

'ਪੁਲਿਸ ਨੇ ਇਸ ਮਾਮਲੇ 'ਚ 4 ਲੋਕਾਂ ਨੂੰ ਕੀਤਾ ਗ੍ਰਿਫਤਾਰ'

File photo

 

ਪਟਨਾ : ਬਿਹਾਰ ਦੇ ਗੋਪਾਲਗੰਜ ਅਤੇ ਪੱਛਮੀ ਚੰਪਾਰਨ ਜ਼ਿਲ੍ਹਿਆਂ ਵਿੱਚ ਪਿਛਲੇ ਦੋ ਦਿਨਾਂ ਤੋਂ ਨਕਲੀ ਸ਼ਰਾਬ ਦੇ ਸੇਵਨ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਵੀਰਵਾਰ ਨੂੰ ਚੰਪਾਰਨ ਦੇ ਪਿੰਡ ਬੇਤੀਆ 'ਚ 8 ਲੋਕਾਂ ਦੀ ਮੌਤ ਹੋ ਗਈ। ਜਦਕਿ ਗੋਪਾਲਗੰਜ 'ਚ 16 ਲੋਕਾਂ ਦੀ ਮੌਤ ਹੋ ਗਈ। ਹਾਲਾਂਕਿ ਦੋਵਾਂ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੇ ਅਜੇ ਤੱਕ ਮੌਤ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਕੀਤੀ ਹੈ।

 

 

ਉੱਤਰੀ ਬਿਹਾਰ ਵਿੱਚ ਪਿਛਲੇ ਦਸ ਦਿਨਾਂ ਵਿੱਚ ਸ਼ਰਾਬ ਪੀਣ ਨਾਲ ਮੌਤਾਂ ਹੋਣ ਦੀ ਇਹ ਤੀਜੀ ਘਟਨਾ ਹੈ। ਇਸ ਮੌਕੇ ਬਿਹਾਰ ਦੇ ਮੰਤਰੀ ਜਨਕ ਰਾਮ ਨੇ ਗੋਪਾਲਗੰਜ ਦਾ ਦੌਰਾ ਕੀਤਾ। ਉਹਨਾਂ ਕਿਹਾ, ''ਮੈਂ ਉਨ੍ਹਾਂ ਲੋਕਾਂ ਦੇ ਘਰਾਂ ਦਾ ਦੌਰਾ ਕੀਤਾ ਹੈ ਜਿਨ੍ਹਾਂ ਦੀ ਕਥਿਤ ਤੌਰ 'ਤੇ ਨਕਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਸੀ। ਇਹ ਐਨਡੀਏ ਸਰਕਾਰ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੋ ਸਕਦੀ ਹੈ।"

 

ਪੁਲਿਸ ਮੁਤਾਬਕ ਮਾਰੇ ਗਏ ਲੋਕਾਂ ਵਿੱਚੋਂ ਕੁਝ ਦਾ ਸਸਕਾਰ ਉਨ੍ਹਾਂ ਦੇ ਪਰਿਵਾਰਾਂ ਨੇ ਕਰ ਦਿੱਤਾ ਹੈ। ਵੀਰਵਾਰ ਨੂੰ ਚਾਰ ਲੋਕਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਅਤੇ ਦੋ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ 'ਚ 20 ਤੋਂ ਜਿਆਦੇ ਲੋਕ ਅਨੂਸੂਚਿਤ ਜਾਤੀ ਦੇ ਸਨ,ਜਿੰਨ੍ਹਾਂ ਨੇ ਇਲਾਕੇ ਦੇ ਵਪਾਰੀਆਂ ਵੱਲੋਂ ਵੇਚੀ ਜਾ ਰਹੀ ਨਕਲੀ ਸ਼ਰਾਬ ਪੀਤੀ ਸੀ।