ਭਾਰਤ ਦੇ ਪਹਿਲੇ ਵੋਟਰ ਸ਼ਿਆਮ ਸਰਨ ਨੇਗੀ ਦਾ ਹਿਮਾਚਲ ਪ੍ਰਦੇਸ਼ ਵਿਚ ਦੇਹਾਂਤ
ਨੇਗੀ ਨੇ 3 ਨਵੰਬਰ ਨੂੰ ਰਾਜ ਵਿਧਾਨ ਸਭਾ ਚੋਣਾਂ ਲਈ ਬੈਲਟ ਪੇਪਰ ਰਾਹੀਂ ਆਪਣੀ ਵੋਟ ਪਾਈ ਸੀ।
ਸ਼ਿਮਲਾ - ਭਾਰਤ ਦੇ ਪਹਿਲੇ ਵੋਟਰ ਸ਼ਿਆਮ ਸਰਨ ਨੇਗੀ ਦਾ ਸ਼ਨੀਵਾਰ ਸਵੇਰੇ ਹਿਮਾਚਲ ਪ੍ਰਦੇਸ਼ ਦੇ ਕਿਨੌਰ ਸਥਿਤ ਰਿਹਾਇਸ਼ 'ਤੇ ਦਿਹਾਂਤ ਹੋ ਗਿਆ। ਉਸ ਦੀ ਉਮਰ 100 ਸਾਲ ਤੋਂ ਵੱਧ ਸੀ। ਚੋਣ ਕਮਿਸ਼ਨ ਨੇ ਕਿਹਾ ਕਿ ਨੇਗੀ ਨੇ 3 ਨਵੰਬਰ ਨੂੰ ਰਾਜ ਵਿਧਾਨ ਸਭਾ ਚੋਣਾਂ ਲਈ ਬੈਲਟ ਪੇਪਰ ਰਾਹੀਂ ਆਪਣੀ ਵੋਟ ਪਾਈ ਸੀ।
ਚੋਣ ਕਮਿਸ਼ਨ ਨੇ ਨੇਗੀ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਲੋਕਤੰਤਰ 'ਚ ਬਹੁਤ ਵਿਸ਼ਵਾਸ ਸੀ।
ਕਮਿਸ਼ਨ ਦੇ ਬੁਲਾਰੇ ਨੇ ਕਿਹਾ, “ਉਹ ਨਾ ਸਿਰਫ਼ ਆਜ਼ਾਦ ਭਾਰਤ ਦੇ ਪਹਿਲੇ ਵੋਟਰ ਸਨ, ਸਗੋਂ ਲੋਕਤੰਤਰ ਵਿਚ ਅਟੁੱਟ ਵਿਸ਼ਵਾਸ ਰੱਖਣ ਵਾਲੇ ਵਿਅਕਤੀ ਵੀ ਸਨ। ਭਾਰਤ ਦੇ ਚੋਣ ਕਮਿਸ਼ਨ ਨੇ ਸ਼ਿਆਮ ਸਰਨ ਨੇਗੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਅਸੀਂ ਰਾਸ਼ਟਰ ਪ੍ਰਤੀ ਉਨ੍ਹਾਂ ਦੀ ਸੇਵਾ ਲਈ ਬਹੁਤ ਸ਼ੁਕਰਗੁਜ਼ਾਰ ਹਾਂ।''
ਚੋਣ ਕਮਿਸ਼ਨ ਨੇ ਟਵੀਟ ਕੀਤਾ ਕਿ ''ਉਨ੍ਹਾਂ ਨੇ ਆਪਣੇ ਦਿਹਾਂਤ ਤੋਂ ਪਹਿਲਾਂ 2 ਨਵੰਬਰ ਨੂੰ ਬੈਲਟ ਪੇਪਰ ਰਾਹੀਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣ 2022 ਲਈ ਲੱਖਾਂ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ।''
ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ਨੇ ਵੀ ਨੇਗੀ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਭਾਜਪਾ ਨੇ ਕਿਹਾ, ''ਭਾਜਪਾ ਆਜ਼ਾਦ ਭਾਰਤ ਦੇ ਪਹਿਲੇ ਵੋਟਰ ਸ਼ਿਆਮ ਸਰਨ ਨੇਗੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਅਤੇ ਸੰਵੇਦਨਾ ਦਾ ਪ੍ਰਗਟਾਵਾ ਕਰਦੀ ਹੈ। ਵਿਛੜੀ ਆਤਮਾ ਨੂੰ ਸ਼ਾਂਤੀ ਮਿਲੇ।'' ਕੁਝ ਦਿਨ ਪਹਿਲਾਂ ਨੇਗੀ ਵੱਲੋਂ ਵੋਟ ਪਾਉਣ ਤੋਂ ਬਾਅਦ ਕਿਨੌਰ ਦੇ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੀ ਰਿਹਾਇਸ਼ 'ਤੇ ਉਨ੍ਹਾਂ ਦਾ ਸਨਮਾਨ ਕੀਤਾ ਸੀ।