ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ PM ਰਿਹਾਇਸ਼ 'ਤੇ ਅਹਿਮ ਬੈਠਕ, ਅਮਿਤ ਸ਼ਾਹ ਤੇ ਰਾਜਨਾਥ ਵੀ ਸ਼ਾਮਲ
ਸੂਤਰਾਂ ਮੁਤਾਬਕ ਕਿਸਾਨਾਂ ਦੀਆਂ ਕੁਝ ਮੰਗਾਂ ਮੰਨਣ ਲਈ ਤਿਆਰ ਹੋਈ ਕੇਂਦਰ ਸਰਕਾਰ
ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਵਿਚ ਕਿਸਾਨਾਂ ਦਾ ਸੰਘਰਸ਼ ਅੱਜ ਸ਼ਨੀਵਾਰ ਨੂੰ ਵੀ ਜਾਰੀ ਹੈ। ਖੇਤੀ ਕਾਨੂੰਨਾਂ 'ਤੇ ਚਰਚਾ ਕਰਨ ਲਈ ਅੱਜ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਅਹਿਮ ਬੈਠਕ ਹੋਵੇਗੀ।
ਨਿਊਜ਼ ਏਜੰਸੀ ਮੁਤਾਬਕ ਕਿਸਾਨ ਜਥੇਬੰਦੀਆਂ ਨਾਲ ਬੈਠਕ ਤੋਂ ਪਹਿਲਾਂ ਪ੍ਰਧਾਨ ਮੰਤਰੀ ਰਿਹਾਇਸ਼ 'ਤੇ ਕਿਸਾਨੀ ਸੰਘਰਸ਼ ਨੂੰ ਲੈ ਕੇ ਅਹਿਮ ਬੈਠਕ ਹੋ ਰਹੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਬੈਠਕ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਰੇਲ ਮੰਤਰੀ ਪੀਊਸ਼ ਗੋਇਲ ਸ਼ਾਮਲ ਹਨ।
ਇਹ ਬੈਠਕ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਸਰਕਾਰ ਕਿਸਾਨ ਜਥੇਬੰਦੀਆਂ ਵਿਚਾਲੇ ਪੰਜਵੇਂ ਦੌਰ ਦੀ ਗੱਲ਼ਬਾਤ ਹੋਣ ਵਾਲੀ ਹੈ। ਹਾਲਾਂਕਿ ਬੀਤੇ ਦਿਨੀਂ ਹੋਈ ਮੀਟਿੰਗ ਦੌਰਾਨ ਸਰਕਾਰ ਨੇ ਕਿਸਾਨਾਂ ਦੀਆਂ ਕੁਝ ਮੰਗਾਂ ਮੰਨਣ ਦੇ ਸੰਕੇਤ ਦਿੱਤੇ ਸਨ।
ਇਸ ਦੇ ਨਾਲ ਹੀ ਬੀਤੀ ਸ਼ਾਮ ਕਿਸਾਨ ਜਥੇਬੰਦੀਆਂ ਨੇ ਪ੍ਰੈਸ ਕਾਨਫਰੰਸ ਕਰਕੇ ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦੇ ਸੰਕੇਤ ਦਿੱਤੇ ਹਨ। ਕਿਸਾਨ ਜਥੇਬੰਦੀਆਂ ਨੇ 8 ਦਸੰਬਰ ਨੂੰ ਪੂਰੇ ਭਾਰਤ ਵਿਚ ਬੰਦ ਦਾ ਐਲਾਨ ਕੀਤਾ ਹੈ।