ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦੁਸ਼ਯੰਤ ਦਵੇ ਕਿਸਾਨਾਂ ਦੀ ਮਦਦ ਲਈ ਆਏ ਅੱਗੇ
ਕਿਸਾਨਾਂ ਆਗੂਆਂ ਨੂੰ ਮੁਫ਼ਤ 'ਚ ਕੇਸ ਲੜਨ ਦੀ ਕੀਤੀ ਪੇਸ਼ਕਸ਼
ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਵਿਖੇ ਕਿਸਾਨਾਂ ਦਾ ਅੰਦੋਲਨ ਬੀਤੇ 10 ਦਿਨਾਂ ਤੋਂ ਜਾਰੀ ਹੈ। ਸਰਕਾਰ ਨਾਲ ਹੁਣ ਤਕ ਕਿਸਾਨਾਂ ਦੀ ਚਾਰ ਵਾਰ ਗੱਲਬਾਤ ਹੋ ਚੁੱਕੀ ਹੈ, ਅੱਜ ਪੰਜਵੇਂ ਦੌਰ ਦੀ ਗੱਲਬਾਤ ਹੋਵੇਗੀ।
ਇਸੇ ਵਿਚਕਾਰ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਦੇਸ਼ ਦੇ ਉਚ ਕੋਟੀ ਦੇ ਵਕੀਲ ਦੁਸ਼ਯੰਤ ਦਵੇ ਨੇ ਕਿਸਾਨਾਂ ਦੀ ਹਮਾਇਤ ਵਿਚ ਬੋਲਦਿਆਂ ਆਖਿਆ ਕਿ ਜੇਕਰ ਕਿਸਾਨ ਚਾਹੁਣ ਤਾਂ ਉਹ ਉਨ੍ਹਾਂ ਦਾ ਇਹ ਮਾਮਲਾ ਅਦਾਲਤ ਵਿਚ ਬਿਨਾਂ ਫੀਸ ਦੇ ਲੜਨ ਲਈ ਤਿਆਰ ਹੈ । ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਨੂੰ ਵੀ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਦਾ ਸੰਘਰਸ਼ ਖ਼ਤਮ ਕਰਵਾਉਣ ਦੀ ਅਪੀਲ ਕੀਤੀ।
ਦੱਸ ਦਈਏ ਕਿ ਪੰਜਾਬ ਹਰਿਆਣਾ ਸਮੇਤ ਦੇਸ਼ ਭਰ ਦੇ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬੀਤੇ 10 ਦਿਨਾਂ ਤੋਂ ਦਿੱਲੀ ਵਿਖੇ ਧਰਨਾ ਲਗਾਇਆ ਹੋਇਆ ਪਰ ਸਰਕਾਰ ਹਾਲੇ ਤਕ ਟੱਸ ਤੋਂ ਮੱਸ ਨਹੀਂ ਹੋ ਰਹੀ। ਇਸਦੇ ਨਾਲ, ਦਵੇ ਨੇ ਖੇਤੀ ਕਾਨੂੰਨਾਂ ਨੂੰ ਗੈਰ ਸੰਵਿਧਾਨਕ ਅਤੇ ਗੈਰ ਕਾਨੂੰਨੀ ਕਰਾਰ ਦਿੱਤਾ।
ਦੁਸ਼ਯੰਤ ਦਵੇ ਦੇ ਇਸ ਬਿਆਨ ਤੋਂ ਬਾਅਦ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚਐਸ ਫੂਲਕਾ ਨੇ ਕਿਹਾ ਕਿ ‘ਅਸੀਂ ਦੁਸ਼ਯੰਤ ਦਵੇ ਦੇੇ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਨੇ ਕਾਨੂੰਨੀ ਤੌਰ‘ ਤੇ ਕਿਸਾਨਾਂ ਦੀ ਸਹਾਇਤਾ ਕਰਨ ਦੀ ਪੇਸ਼ਕਸ਼ ਕੀਤੀ ਹੈ। ਸਰਕਾਰ ਨੂੰ ਇਹ ਸੋਚਣਾ ਚਾਹੀਦਾ ਹੈ ਕਿ ਜਦੋਂ ਦੇਸ਼ ਦੇ ਸੀਨੀਅਰ ਵਕੀਲ ਕਹਿ ਰਹੇ ਹਨ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹਨ, ਤਾਂ ਸਰਕਾਰ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ।