ਕਰਨਾਟਕ : 69 ਵਿਦਿਆਰਥੀ ਆਏ ਕੋਰੋਨਾ ਪਾਜ਼ੀਟਿਵ, ਨਰਸਿੰਗ ਸਕੂਲ ਦਾ ਹੋਸਟਲ ਕੀਤਾ ਸੀਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਵਿਦਿਅਕ ਅਦਾਰਿਆਂ ਵਿੱਚ ਪ੍ਰੋਗਰਾਮ ਨਾ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

coronavirus

ਕਰਨਾਟਕ :  ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਨੇ ਵੀ ਭਾਰਤ 'ਚ ਦਸਤਕ ਦੇ ਦਿੱਤੀ ਹੈ। ਓਮੀਕਰੋਨ ਦੇ ਭਾਰਤ ਵਿੱਚ ਹੁਣ ਤੱਕ ਪੰਜ ਮਾਮਲੇ ਸਾਹਮਣੇ ਆਏ ਹਨ। ਓਮੀਕਰੋਨ ਦੀ ਦਹਿਸ਼ਤ ਦੇ ਵਿਚਕਾਰ, ਹੁਣ ਕਰਨਾਟਕ ਵਿੱਚ 69 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।

ਚਿਕਮਗਲੂਰ ਜ਼ਿਲ੍ਹੇ ਦੇ ਨਵੋਦਿਆ ਵਿਦਿਆਲਿਆ ਵਿੱਚ 40 ਵਿਦਿਆਰਥੀ/ਅਧਿਆਪਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਸ਼ਿਵਮੋਗਾ ਦੇ ਇੱਕ ਪ੍ਰਾਈਵੇਟ ਨਰਸਿੰਗ ਸਕੂਲ ਦੇ 29 ਬੱਚੇ ਵੀ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ।

ਸ਼ਿਵਮੋਗਾ ਦੇ ਡਿਪਟੀ ਕਮਿਸ਼ਨਰ ਕੇਬੀ ਸ਼ਿਵਕੁਮਾਰ ਨੇ ਦੱਸਿਆ ਕਿ ਇੱਕ ਪ੍ਰਾਈਵੇਟ ਨਰਸਿੰਗ ਸਕੂਲ ਵਿੱਚ 29 ਬੱਚੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਬੱਚਿਆਂ ਵਿੱਚ ਕੋਰੋਨਾ ਦੇ ਲੱਛਣ ਦਿਖਾਈ ਨਹੀਂ ਦੇ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਬੱਚੇ ਵੱਖ-ਵੱਖ ਰਾਜਾਂ ਤੋਂ ਇਸ ਪ੍ਰਾਈਵੇਟ ਨਰਸਿੰਗ ਸਕੂਲ ਵਿੱਚ ਆਏ ਹਨ, ਅਸੀਂ ਹੋਸਟਲ ਨੂੰ ਸੀਲ ਕਰ ਦਿੱਤਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਇਸ ਘਟਨਾ ਤੋਂ ਬਾਅਦ ਇਲਾਕੇ ਦੇ ਰਹਿਣ ਵਾਲੇ ਲੋਕਾਂ ਦੇ ਸੈਂਪਲ ਵੀ ਲਏ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਵਿਦਿਅਕ ਅਦਾਰਿਆਂ ਵਿੱਚ ਪ੍ਰੋਗਰਾਮ ਨਾ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਸਰਕਾਰ ਨੇ ਅਗਲੇ ਦੋ ਮਹੀਨਿਆਂ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਸਮਾਜਿਕ ਜਾਂ ਸੱਭਿਆਚਾਰਕ ਪ੍ਰੋਗਰਾਮਾਂ ਦੇ ਆਯੋਜਨ 'ਤੇ ਪਾਬੰਦੀ ਲਗਾ ਦਿੱਤੀ ਹੈ।