ਈ.ਵੀ.ਐੱਮ. ਬੈਨ ਅਤੇ ਬੈਲਟ ਪੇਪਰ ਚੋਣਾਂ ਦੀ ਮੰਗ ਨੂੰ ਸੁਪਰੀਮ ਕੋਰਟ ਨੇ ਕੀਤਾ ਖਾਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਈਵੀਐਮ ਵਿਚ ਗਲਤੀ ਦਾ ਖ਼ਤਰਾ ਜ਼ਿਆਦਾ ਹੈ

Supreme Court

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਚੋਣ ਕਮਿਸ਼ਨ ਤੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਦੀ ਵਰਤੋਂ ਰੋਕਣ ਅਤੇ ਇਸ ਦੀ ਬਜਾਏ ਆਗਾਮੀ ਚੋਣਾਂ ਵਿਚ ਬੈਲਟ ਪੇਪਰ ਦੀ ਵਰਤੋਂ ਕਰਨ ਦੀ ਦਿਸ਼ਾ ਦੀ ਅਪੀਲ ਦੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ । ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਪਟੀਸ਼ਨ ਨੂੰ ਖਾਰਜ ਕਰਦਿਆਂ ਪਟੀਸ਼ਨਰ ਨੂੰ ਪੁੱਛਿਆ, 'ਉਸ ਦਾ ਕਿਹੜਾ ਬੁਨਿਆਦੀ ਅਧਿਕਾਰ ਇਸ ਨਾਲ ਪ੍ਰਭਾਵਤ ਹੋ ਰਿਹਾ ਹੈ ? ' ਹਾਲਾਂਕਿ, ਅਦਾਲਤ ਨੇ ਕਿਹਾ ਹੈ ਕਿ ਪਟੀਸ਼ਨਰ ਇਸ ਮਾਮਲੇ ਸੰਬੰਧੀ ਹਾਈ ਕੋਰਟ ਜਾ ਸਕਦਾ ਹੈ ।

ਦੱਸ ਦੇਈਏ ਕਿ ਇਸ ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਈਵੀਐਮ ਵਿਚ ਗਲਤੀ ਦਾ ਖ਼ਤਰਾ ਜ਼ਿਆਦਾ ਹੈ ਅਤੇ ਕਈ ਹੋਰ ਦੇਸ਼ਾਂ ਨੇ ਇਸ ਦੀ ਵਰਤੋਂ 'ਤੇ ਪਾਬੰਦੀ ਲਗਾਈ ਹੈ ਕਿਉਂਕਿ ਇਸ ਦੀ ਪਾਰਦਰਸ਼ਤਾ ਅਤੇ ਸ਼ੁੱਧਤਾ' ‘ ਤੇ ਸ਼ੰਕੇ ਖੜ੍ਹੇ ਕੀਤੇ ਗਏ ਹਨ। ਐਡਵੋਕੇਟ ਸੀ ਆਰ ਜਯਾ ਸੁਕਿਨ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਨੂੰ ਪੂਰੇ ਭਾਰਤ ਵਿੱਚ ਰਵਾਇਤੀ ਬੈਲਟ ਪੇਪਰ ਨਾਲ ਤਬਦੀਲ ਕੀਤਾ ਜਾਣਾ ਚਾਹੀਦਾ ਹੈ। ਪਟੀਸ਼ਨਕਰਤਾ ਨੇ ਕਿਹਾ ਹੈ ਕਿ ਕਿਸੇ ਵੀ ਦੇਸ਼ ਦੀ ਚੋਣ ਪ੍ਰਕਿਰਿਆ ਲਈ ਬੈਲਟ ਪੇਪਰਾਂ ਰਾਹੀਂ ਵੋਟ ਪਾਉਣੀ ਵਧੇਰੇ ਭਰੋਸੇਮੰਦ ਅਤੇ ਪਾਰਦਰਸ਼ੀ ਤਰੀਕਾ ਹੈ।