ਜਿਨਸੀ ਸ਼ੋਸ਼ਣ ਮਾਮਲੇ 'ਚ ਮੁੱਖ ਜੱਜ ਰੰਜਨ ਗੋਗੋਈ ਨੂੰ ਮਿਲੀ ਕਲੀਨ ਚਿੱਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸੁਪਰੀਮ ਕੋਰਟ ਦੀ ਇਕ ਸਾਬਕਾ ਮਹਿਲਾ ਮੁਲਾਜ਼ਮ ਨੇ ਰੰਜਨ ਗੋਗੋਈ ਵਿਰੁੱਧ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ

CJI Ranjan Gogoi gets clean chit in sexual harassment case

ਨਵੀਂ ਦਿੱਲੀ : ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਸੁਪਰੀਮ ਕੋਰਟ ਦੇ ਮੁੱਖ ਜੱਜ ਰੰਜਨ ਗੋਗੋਈ ਨੂੰ ਜਾਂਚ ਕਮੇਟੀ ਨੇ ਕਲੀਨ ਚਿੱਟ ਦੇ ਦਿੱਤੀ ਹੈ। ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੀ ਇਨ ਹਾਊਸ ਕਮੇਟੀ ਨੇ ਇਸ ਮਾਮਲੇ 'ਚ ਸੋਮਵਾਰ ਨੂੰ ਕਿਹਾ ਕਿ ਉਹ ਇਸ ਨਤੀਜੇ 'ਤੇ ਪੁੱਜੇ ਹਨ ਕਿ ਮੁੱਖ ਜੱਜ ਰੰਜਨ ਗੋਗੋਈ 'ਤੇ ਜਿਹੜੇ ਦੋਸ਼ ਲੱਗੇ ਹਨ, ਉਹ ਬੇਬੁਨਿਆਦ ਹਨ। ਉਨ੍ਹਾਂ ਵਿਰੁੱਧ ਕੋਈ ਸਬੂਤ ਨਹੀਂ ਮਿਲੇ ਹਨ।

ਜਸਟਿਸ ਐਸ.ਏ. ਬੋਬੜੇ ਦੀ ਪ੍ਰਧਾਨਗੀ ਵਾਲੀ ਤਿੰਨ ਜੱਜਾਂ ਦੀ ਕਮੇਟੀ ਨੇ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਨੂੰ ਰੱਦ ਕਰ ਦਿੱਤਾ। ਜਸਟਿਸ ਬੋਬੜੇ ਤੋਂ ਇਲਾਵਾ ਸੁਪਰੀਮ ਕੋਰਟ ਦੀ ਇਨ ਹਾਊਸ ਕਮੇਟੀ 'ਚ ਜਸਟਿਸ ਇੰਦੂ ਮਲਹੋਤਰਾ ਅਤੇ ਜਸਟਿਸ ਇੰਦਰਾ ਬੈਨਰਜੀ ਵੀ ਮੈਂਬਰ ਹਨ। ਕਮੇਟੀ ਨੇ ਆਪਣੀ ਰਿਪੋਰਟ ਜਮਾਂ ਕਰਵਾ ਦਿੱਤੀ ਹੈ। ਇਹ ਰਿਪੋਰਟ ਸੀਜੇਆਈ ਤੋਂ ਇਲਾਵਾ ਸੀਨੀਅਰ ਜੱਜਾਂ ਨੂੰ ਵੀ ਸੌਂਪ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੀ ਇਕ ਸਾਬਕਾ ਮਹਿਲਾ ਮੁਲਾਜ਼ਮ ਨੇ ਮੁੱਖ ਜੱਜ ਰੰਜਨ ਗੋਗੋਈ ਵਿਰੁੱਧ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਮਹਿਲਾ ਮੁਲਾਜ਼ਮ ਨੇ ਸੁਪਰੀਮ ਕੋਰਟ ਦੇ ਸਾਰੇ ਜੱਜਾਂ ਨੂੰ ਸ਼ਿਕਾਇਤੀ ਚਿੱਠੀ ਭੇਜੀ ਸੀ। ਮਾਮਲੇ ਦੀ ਸੁਣਵਾਈ ਲਈ ਇਨ ਹਾਊਸ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਹ ਮਹਿਲਾ ਇਸ ਕਮੇਟੀ ਦੀ ਜਾਂਚ 'ਤੇ ਵੀ ਸਵਾਲ ਖੜੇ ਕਰ ਚੁੱਕੀ ਹੈ। ਔਰਤ ਨੇ ਕਮੇਟੀ 'ਤੇ ਜਿਨਸੀ ਸ਼ੋਸ਼ਣ ਕਾਨੂੰਨ ਦੇ ਨਿਯਮਾਂ ਦਾ ਉਲੰਘਣ ਕਰਨ ਦਾ ਦੋਸ਼ ਲਗਾਇਆ ਸੀ।