ਸਰਕਾਰ ਨੇ ਦਿੱਤੇ ਸੰਕੇਤ, ਜਲਦ ਹੋ ਸਕਦੀ ਹੈ ਜਨਤਕ ਆਵਾਜਾਈ ਦੀ ਸ਼ੁਰੂਆਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਜਾਰੀ ਕੋਰੋਨਾ ਸੰਕਟ ਦੌਰਾਨ ਸਰਕਾਰ ਨੇ ਇਹ ਸੰਕੇਤ ਦਿੱਤੇ ਹਨ ਕਿ ਕੁਝ ਦਿਸ਼ਾ-ਨਿਰਦੇਸ਼ਾਂ ਦੇ ਨਾਲ ਜਨਤਕ ਆਵਾਜਾਈ ਜਲਦ ਹੀ ਸ਼ੁਰੂ ਕੀਤੀ ਜਾ ਸਕਦੀ ਹੈ।

Photo

ਨਵੀਂ ਦਿੱਲੀ: ਦੇਸ਼ ਵਿਚ ਜਾਰੀ ਕੋਰੋਨਾ ਸੰਕਟ ਦੌਰਾਨ ਸਰਕਾਰ ਨੇ ਇਹ ਸੰਕੇਤ ਦਿੱਤੇ ਹਨ ਕਿ ਕੁਝ ਦਿਸ਼ਾ-ਨਿਰਦੇਸ਼ਾਂ ਦੇ ਨਾਲ ਜਨਤਕ ਆਵਾਜਾਈ ਜਲਦ ਹੀ ਸ਼ੁਰੂ ਕੀਤੀ ਜਾ ਸਕਦੀ ਹੈ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਦੇਸ਼ ਦੇ ਬਸ ਅਤੇ ਕਾਰ ਅਪਰੇਟਰਾਂ ਨੂੰ ਭਰੋਸਾ ਦਵਾਇਆ ਕਿ ਸਰਕਾਰ ਉਹਨਾਂ ਦੀਆਂ ਸਮੱਸਿਆਵਾਂ ਬਾਰੇ ਪੂਰੀ ਤਰ੍ਹਾਂ ਜਾਗਰੂਕ ਹੈ ਤੇ ਉਹਨਾਂ ਦੇ ਮੁੱਦਿਆਂ ਦਾ ਹੱਲ ਕਰਨ ਵਿਚ ਉਹਨਾਂ ਦਾ ਪੂਰਾ ਸਮਰਥਨ ਕਰੇਗੀ।

ਵੀਡੀਓ ਕਾਨਫਰੰਸ ਜ਼ਰੀਏ ਬਸ ਅਤੇ ਕਾਰ ਅਪਰੇਟਰਸ ਕੰਫੇਡਰੇਸ਼ਨ ਆਫ ਇੰਡੀਆ ਦੇ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਨੇ ਕਿਹਾ, 'ਆਵਾਜਾਈ ਅਤੇ ਰਾਜ ਮਾਰਗਾਂ ਨੂੰ ਖੋਲ੍ਹਣਾ, ਜਨਤਾ ਵਿਚ ਵਿਸ਼ਵਾਸ ਪੈਦਾ ਕਰਨ ਵਿਚ ਇਕ ਲੰਬਾ ਰਸਤਾ ਤੈਅ ਕਰੇਗਾ।

ਉੇਹਨਾਂ ਨੇ ਕਿਹਾ ਕਿ ਜਨਤਕ ਆਵਾਜਾਈ ਜਲਦ ਹੀ ਕੁਝ ਦਿਸ਼ਾ-ਨਿਰਦੇਸ਼ਾਂ ਦੇ ਨਾਲ ਖੁੱਲ੍ਹ ਸਕਦੀ ਹੈ। ਹਾਲਾਂਕਿ ਉਹਨਾਂ ਨੇ ਬੱਸਾਂ ਅਤੇ ਕਾਰ ਦੇ ਸੰਚਾਲਨ ਦੌਰਾਨ ਸਮਾਜਿਕ ਦੂਰੀ ਬਣਾ ਕੇ ਰੱਖਣ ਤੇ ਮਾਸਕ ਆਦਿ ਸੁਰੱਖਿਆ ਉਪਾਅ ਅਪਣਾਉਣ ਪ੍ਰਤੀ ਜਾਗਰੂਕ ਕੀਤਾ ਹੈ।

ਉਹਨਾਂ ਦੱਸਿਆ ਕਿ ਉਹਨਾਂ ਦਾ ਮੰਤਰਾਲੇ ਜਨਤਕ ਆਵਾਜਾਈ ਦੇ ਲੰਡਨ ਮਾਡਲ ਨੂੰ ਅਪਣਾਉਣਾ ਚਾਹੁੰਦਾ ਹੈ, ਜਿੱਥੇ ਸਰਕਾਰੀ ਪੈਸਾ ਘੱਟ ਤੋਂ ਘੱਟ ਹੈ ਅਤੇ ਨਿੱਜੀ ਨਿਵੇਸ਼ ਵਿਚ ਵਾਧਾ ਕੀਤਾ ਜਾਂਦਾ ਹੈ। ਦੱਸ ਦਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ।

ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਵਧ ਕੇ 50, 000 ਦੇ ਕਰੀਬ ਪਹੁੰਚ ਗਿਆ ਹੈ। ਬੁੱਧਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 1694 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਪੀੜਤਾਂ ਦੀ ਗਿਣਤੀ 49,391 ਹੋ ਗਈ ਹੈ। ਕੋਰੋਨਾ ਸੰਕਰਮਣ ਨੂੰ ਰੋਕਣ ਲਈ ਦੇਸ਼ ਵਿਚ 17 ਮਈ ਤੱਕ ਲੌਕਡਾਊਨ ਲਾਗੂ ਕੀਤਾ ਗਿਆ ਹੈ।