ਪੰਜਾਬ ਪੁਲਿਸ ਨੇ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਕੀਤਾ ਗ੍ਰਿਫ਼ਤਾਰ
ਭਾਜਪਾ ਆਗੂ ਕਪਿਲ ਮਿਸ਼ਰਾ ਨੇ ਇਕ ਟਵੀਟ ਵਿਚ ਦਾਅਵਾ ਕੀਤਾ ਹੈ ਕਿ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਉਹਨਾਂ ਦੇ ਘਰੋਂ ਗ੍ਰਿਫ਼ਤਾਰ ਕੀਤਾ ਹੈ।
ਨਵੀਂ ਦਿੱਲੀ: ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਨੇ ਬੱਗਾ ਨੂੰ ਦਿੱਲੀ ਸਥਿਤ ਉਸ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਹੈ। ਭਾਜਪਾ ਆਗੂ ਕਪਿਲ ਮਿਸ਼ਰਾ ਨੇ ਇਕ ਟਵੀਟ ਵਿਚ ਦਾਅਵਾ ਕੀਤਾ ਹੈ ਕਿ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਉਹਨਾਂ ਦੇ ਘਰੋਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਸਾਈਬਰ ਸੈੱਲ ਦੀ ਟੀਮ ਨੇ ਕੀਤੀ ਹੈ। ਉਸ ਖ਼ਿਲਾਫ਼ ਮੁਹਾਲੀ ਸਾਈਬਰ ਪੁਲੀਸ ਸਟੇਸ਼ਨ ਵਿਚ ਕੇਸ ਦਰਜ ਕਰ ਕੀਤਾ ਗਿਆ ਹੈ।
Tweet
ਬੱਗਾ ਨੂੰ ਪੰਜਾਬ ਪੁਲਿਸ ਨੇ ਜਾਂਚ ਵਿਚ ਸ਼ਾਮਲ ਹੋਣ ਲਈ ਨੋਟਿਸ ਦਿੱਤਾ ਸੀ ਪਰ ਉਹ ਨਹੀਂ ਆਏ। ਉਹਨਾਂ 'ਤੇ ਫਿਲਮ ਕਸ਼ਮੀਰ ਫਾਈਲਜ਼ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਵਿਵਾਦਿਤ ਟਿੱਪਣੀ ਕਰਨ ਦਾ ਇਲਜ਼ਾਮ ਹੈ। ਕਪਿਲ ਮਿਸ਼ਰਾ ਨੇ ਕਿਹਾ, “ਤਜਿੰਦਰ ਬੱਗਾ ਨੂੰ ਪੰਜਾਬ ਪੁਲਿਸ ਦੇ 50 ਮੁਲਾਜ਼ਮ ਗ੍ਰਿਫਤਾਰ ਕਰਕੇ ਉਸ ਦੇ ਘਰੋਂ ਚੁੱਕ ਕੇ ਲੈ ਗਏ ਸਨ। ਤਜਿੰਦਰ ਪਾਲ ਸਿੰਘ ਬੱਗਾ ਇੱਕ ਸੱਚਾ ਸਰਦਾਰ ਹੈ, ਉਸ ਨੂੰ ਅਜਿਹੀਆਂ ਹਰਕਤਾਂ ਨਾਲ ਡਰਾਇਆ ਜਾਂ ਕਮਜ਼ੋਰ ਨਹੀਂ ਕੀਤਾ ਜਾ ਸਕਦਾ, ਇਕ ਸੱਚੇ ਸਰਦਾਰ ਤੋਂ ਇੰਨਾ ਡਰ ਕਿਉਂ?
Tweet
ਭਾਜਪਾ ਦੇ ਬੁਲਾਰੇ ਪ੍ਰਸ਼ਾਂਤ ਉਮਰਾਓ ਨੇ ਟਵੀਟ ਕੀਤਾ, ''ਭਾਜਪਾ ਨੇਤਾ ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਉਹਨਾਂ ਦੇ ਦਿੱਲੀ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਦੇ 50 ਜਵਾਨ ਉਸ ਦੇ ਘਰ ਆਏ ਅਤੇ ਸਥਾਨਕ ਪੁਲਿਸ ਨੂੰ ਬਿਨ੍ਹਾਂ ਦੱਸੇ ਬੱਗਾ ਨੂੰ ਅੱਤਵਾਦੀ ਵਾਂਗ ਗ੍ਰਿਫਤਾਰ ਕਰ ਕੇ ਲੈ ਗਏ”। ਇਸ ਦੇ ਨਾਲ ਹੀ ਦਿੱਲੀ ਦੇ ਉੱਤਮ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਬਲਿਆਨ ਨੇ ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਟਵੀਟ ਕਰਕੇ ਉਹਨਾਂ 'ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਕਿਹਾ ਕਿ ਤਜਿੰਦਰ ਪਾਲ ਬੱਗਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।