ਮਮਤਾ ਬੈਨਰਜੀ ਦੇ ਚੋਣ ਰਣਨੀਤੀਕਾਰ ਬਣੇ ਪ੍ਰਸ਼ਾਂਤ ਕਿਸ਼ੋਰ !

ਏਜੰਸੀ

ਖ਼ਬਰਾਂ, ਰਾਸ਼ਟਰੀ

ਸੂਤਰਾਂ ਮੁਤਾਬਕ ਸਾਲ 2021 'ਚ ਹੋਣ ਵਾਲੀ ਵਿਧਾਨ ਸਭਾ ਚੋਣਾਂ ਲਈ ਮਮਤਾ ਬੈਨਰਜੀ ਅਤੇ ਪ੍ਰਸ਼ਾਂਤ ਕਿਸ਼ੋਰ 'ਚ ਸਮਝੌਤਾ ਹੋਇਆ

Prashant Kishor to work for Mamata Banerjee: Sources

ਨਵੀਂ ਦਿੱਲੀ : ਪੱਛਮ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਲੋਕ ਸਭਾ ਚੋਣਾਂ 'ਚ ਪਾਰਟੀ ਦੇ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਸਾਲ 2021 'ਚ ਹੋਣ ਵਾਲੀ ਵਿਧਾਨ ਸਭਾ ਚੋਣਾਂ ਲਈ ਮਮਤਾ ਬੈਨਰਜੀ ਅਤੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ 'ਚ ਸਮਝੌਤਾ ਹੋਇਆ ਹੈ। 

ਪ੍ਰਸ਼ਾਂਤ ਕਿਸ਼ੋਰ ਹੁਣ ਮਮਤਾ ਬੈਨਰਜੀ ਲਈ ਚੋਣ ਰਣਨੀਤੀ ਬਣਾਉਣਗੇ। ਜ਼ਿਕਰਯੋਗ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਹਾਲ ਹੀ 'ਚ ਆਂਧਰਾ ਪ੍ਰਦੇਸ਼ 'ਚ ਜਗਮੋਹਨ ਰੈਡੀ ਨੂੰ ਮੁੱਖ ਮੰਤਰੀ ਦੀ ਕੁਰਸੀ ਦਿਵਾਉਣ 'ਚ ਅਹਿਮ ਭੂਮਿਕਾ ਨਿਭਾਈ ਸੀ। ਪ੍ਰਸ਼ਾਂਤ ਕਿਸ਼ੋਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵੀ ਕੰਮ ਕਰ ਚੁੱਕੇ ਹਨ। ਕੋਲਕਾਤਾ 'ਚ 2 ਘੰਟੇ ਦੀ ਮੀਟਿੰਗ ਤੋਂ ਬਾਅਦ ਮਮਤਾ ਬੈਨਰਜੀ ਅਤੇ ਪ੍ਰਸ਼ਾਂਤ ਕਿਸ਼ੋਰ ਵਿਚਕਾਰ ਇਸ ਮੁੱਦੇ 'ਤੇ ਸਹਿਮਤੀ ਬਣੀ ਹੈ। ਪ੍ਰਸ਼ਾਂਤ ਕਿਸ਼ੋਰ ਅਗਲੇ ਮਹੀਨੇ ਤੋਂ ਮਮਤਾ ਬੈਨਰਜੀ ਲਈ ਕੰਮ ਸ਼ੁਰੂ ਕਰਨਗੇ।

ਜ਼ਿਕਰਯੋਗ ਹੈ ਕਿ ਪ੍ਰਸ਼ਾਂਤ ਕਿਸ਼ੋਰ ਉਸ ਸਮੇਂ ਚਰਚਾ ਵਿਚ ਸਨ ਜਦੋਂ 2014 ਦੇ ਚੋਣ ਪ੍ਰਚਾਰ ਵਿਚ ਭਾਜਪਾ ਦੇ ਪ੍ਰਚਾਰ ਨੂੰ ਉਨ੍ਹਾਂ ਨੇ 'ਮੋਦੀ ਲਹਿਰ' ਵਿਚ ਬਦਲ ਦਿੱਤਾ ਸੀ। ਗੌਰਤਲਬ ਹੈ ਕਿ ਕਿਸ਼ੋਰ 2014 ਵਿਚ ਭਾਜਪਾ, 2015 ਵਿਚ ਬਿਹਾਰ 'ਚ ਮਹਾਂਗਠਜੋੜ ਤੇ 2017 ਵਿਚ ਉੱਤਰ ਪ੍ਰਦੇਸ਼ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਲਈ ਕੰਮ ਕਰ ਚੁੱਕੇ ਹਨ।

ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਪ੍ਰਸ਼ਾਂਤ ਕਿਸ਼ੋਰ ਦੇ ਮਤਭੇਦ ਦੀਆਂ ਖ਼ਬਰਾਂ ਵੀ ਆਈਆਂ ਸਨ ਅਤੇ ਉਨ੍ਹਾਂ ਨੇ ਸਾਲ 2015 ਵਿਚ ਬਿਹਾਰ ਵਿਧਾਨ ਸਭਾ ਚੋਣਾਂ ਵਿਚ ਮਹਾਂਗਠਜੋੜ (ਆਰਜੇਡੀ+ਜੇਡੀਯੂ+ਕਾਂਗਰਸ) ਦੇ ਪ੍ਰਚਾਰ ਦੀ ਕਮਾਨ ਸੰਭਾਲੀ ਸੀ। ਇਨ੍ਹਾਂ ਚੋਣਾਂ ਵਿੱਚ ਭਾਜਪਾ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਉੱਤਰ ਪ੍ਰਦੇਸ਼ ਚੋਣਾਂ ਅਤੇ ਪੰਜਾਬ ਵਿਚ ਕਾਂਗਰਸ ਦੇ ਪ੍ਰਚਾਰ ਦੀ ਕਮਾਨ ਸੰਭਾਲ ਲਈ ਸੀ। ਮੰਨਿਆ ਜਾਂਦਾ ਹੈ ਕਿ ਪ੍ਰਸ਼ਾਂਤ ਕਿਸ਼ੋਰ ਦੀ ਰਣਨੀਤੀ ਕਿਸੇ ਵੀ ਪਾਰਟੀ ਲਈ ਚੋਣਾਂ 'ਚ ਜਿੱਤ ਤੈਅ ਕਰੇਗੀ।