ਅਮਿਤ ਸ਼ਾਹ ਨੇ ਕਿਹਾ ‘ਪੂਰਾ ਕਸ਼ਮੀਰ ਸਾਡਾ ਹੈ, ਜਾਨ ਦੇ ਦੇਵਾਂਗੇ ਇਸ ਦੇ ਲਈ’

ਏਜੰਸੀ

ਖ਼ਬਰਾਂ, ਰਾਸ਼ਟਰੀ

ਅਮਿਤ ਸ਼ਾਹ ਨੇ ਕਿਹਾ ਕਿ ਜੰਮੂ-ਕਸ਼ਮੀਰ ‘ਤੇ ਸੰਸਦ ਵਿਚ ਕਾਨੂੰਨ ਬਣਾਉਣ ਅਤੇ ਸੰਕਲਪ ਪੇਸ਼ ਕਰਨ ਲਈ ਸਾਨੂੰ ਕੋਈ ਰੋਕ ਨਹੀਂ ਸਕਦਾ।

Amit Shah

ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਲੋਕ ਸਭਾ ਵਿਚ ਜੰਮੂ-ਕਸ਼ਮੀਰ ਦਾ ਪੁਨਰ ਗਠਨ ਕਰ ਕੇ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਦੋ ਕੇਂਦਰ ਸ਼ਸਿਤ ਪ੍ਰਦੇਸਾਂ ਵਿਚ ਵੰਡਣ ਅਤੇ ਧਾਰਾ 370 ਦੇ ਅਧੀਨ ਸਾਰੀਆਂ ਧਾਰਾਵਾਂ ਨੂੰ ਖਤਮ ਕਰਨ ਦੀ ਤਜਵੀਜ਼ ਸਬੰਧੀ ਸੰਕਲਪ ਪੇਸ਼ ਕੀਤਾ। ਗ੍ਰਹਿ ਮੰਤਰੀ ਵੱਲੋਂ ਪੇਸ਼ ਸੰਕਲਪ ਵਿਚ ਕਿਹਾ ਗਿਆ ਹੈ ਕਿ ‘ਭਾਰਤ ਦੇ ਰਾਸ਼ਟਰਪਤੀ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 3 ਦੇ ਤਹਿਤ ਇਸ ਸਦਨ ਵਿਚ ਜੰਮੂ-ਕਸ਼ਮੀਰ ਪੁਨਰ ਗਠਨ ਬਿਲ 2019 ਨੂੰ ਵਿਚਾਰ ਲਈ ਭੇਜਿਆ ਹੈ’।

ਇਸ ਵਿਚ ਕਿਹਾ ਗਿਆ ਹੈ ਕਿ 19 ਦਸੰਬਰ 2018 ਨੂੰ ਰਾਸ਼ਟਰਪਤੀ ਦੇ ਐਲਾਨ ਤੋਂ ਬਾਅਦ ਜੰਮੂ-ਕਸ਼ਮੀਰ ਰਾਜ ਵਿਧਾਨ ਸਭਾ ਦੀ ਸ਼ਕਤੀ ਇਸ ਸਦਨ ਕੋਲ ਹੈ। ਇਹ ਸਦਨ ਜੰਮੂ-ਕਸ਼ਮੀਰ ਪੁਨਰ ਗਠਨ ਬਿਲ 2019 ਨੂੰ ਵਿਚਾਰ ਲਈ ਸਵਿਕਾਰ ਕਰਦਾ ਹੈ। ਉਹਨਾਂ ਨੇ ਕਿਹਾ ਕਿ ਉਹ ਦੋ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾ ਰਹੇ ਹਨ, ਜਿਸ ਨਾਲ ਜੰਮੂ-ਕਸ਼ਮੀਰ ਕੇਂਦਰ ਸ਼ਾਸਿਤ ਖੇਤਰ ਵਿਚ ਅਪਣੀ ਵਿਧਾਨ ਸਭਾ ਹੋਵੇਗੀ ਜਦਕਿ ਲੱਦਾਖ ਬਿਨਾਂ ਵਿਧਾਨ ਸਭਾ ਵਾਲਾ ਕੇਂਦਰ ਸ਼ਾਸਿਤ ਖੇਤਰ ਹੋਵੇਗਾ।

ਅਮਿਤ ਸ਼ਾਹ ਨੇ ਕਿਹਾ ਕਿ ਜੰਮੂ-ਕਸ਼ਮੀਰ ‘ਤੇ ਸੰਸਦ ਵਿਚ ਕਾਨੂੰਨ ਬਣਾਉਣ ਅਤੇ ਸੰਕਲਪ ਪੇਸ਼ ਕਰਨ ਲਈ ਸਾਨੂੰ ਕੋਈ ਰੋਕ ਨਹੀਂ ਸਕਦਾ। ਉਹਨਾਂ ਕਿਹਾ ਕਿ ਜੰਮੂ-ਕਸ਼ਮੀਰ ਭਾਰਤ ਦਾ ਅਟੁੱਟ ਅੰਗ ਹੈ, ਇਸ ਨੂੰ ਲੈ ਕੇ ਕੋਈ ਕਾਨੂੰਨੀ ਵਿਵਾਦ ਨਹੀਂ ਹੈ। ਭਾਰਤ ਦੇ ਸੰਵਿਧਾਨ ਅਤੇ ਜੰਮੂ-ਕਸ਼ਮੀਰ ਦੇ ਸੰਵਿਧਾਨ ਵਿਚ ਇਸ ਨੂੰ ਸਪੱਸ਼ਟ ਕੀਤਾ ਗਿਆ ਹੈ। ਸ਼ਾਹ ਨੇ ਕਿਹਾ ਕਿ ਕਸ਼ਮੀਰ ਅਤੇ ਪੀਓਕੇ ਲਈ ਉਹ ਜਾਨ ਵੀ ਦੇ ਦੇਣਗੇ।

ਅਮਿਤ ਸ਼ਾਹ ਨੇ ਸਦਨ ਵਿਚ ਜੰਮੂ-ਕਸ਼ਮੀਰ ਪੁਨਰਗਠਨ ਬਿਲ 2019 ਅਤੇ ਜੰਮੂ-ਕਸ਼ਮੀਰ ਰਾਖਵਾਂਕਰਨ ਦੂਜਾ ਸੋਧ ਬਿਲ 2019 ਵਿਚ ਪੇਸ਼ ਕੀਤੇ। ਇਸ ਤੋਂ ਪਹਿਲਾਂ ਰਾਜ ਸਭਾ ਨੇ ਸੋਮਵਾਰ ਨੂੰ ਧਾਰਾ 370 ਦੀਆਂ ਜ਼ਿਆਦਾਤਰ ਧਾਰਾਵਾਂ ਨੂੰ ਖਤਮ ਕਰ ਕੇ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਦੋ ਕੇਂਦਰ ਸ਼ਾਸਿਤ ਖੇਤਰ ਬਣਾਉਣ ਸਬੰਧੀ ਸਰਕਾਰ ਦੇ ਦੋ ਸੰਕਲਪਾਂ ਨੂੰ ਮਨਜ਼ੂਰੀ ਦੇ ਦਿੱਤੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।