ਸਿਰਸਾ 'ਚ ਕਿਸਾਨਾਂ 'ਤੇ ਭਾਰੀ ਲਾਠੀਚਾਰਜ, ਛੱਡੇ ਅੱਥਰੂ ਗੈਸ ਦੇ ਗੋਲੇ, ਕਈ ਜ਼ਖ਼ਮੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਜਨ ਸੰਘਰਸ਼ ਰੈਲੀ ਵਿਚ ਪੁੱਜੇ ਪੰਜਾਬ ਤੇ ਹਰਿਆਣਾ ਤੋਂ ਕਿਸਾਨ ਨੇਤਾ, ਧਾਰਮਕ ਆਗੂ ਅਤੇ ਗਾਇਕ

Farmers Protest

ਸਿਰਸਾ : ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਘਰ ਦਾ ਘਿਰਾਉ ਕਰਦੇ ਕਿਸਾਨਾਂ 'ਤੇ ਸਿਰਸਾ ਪੁਲਿਸ ਵਲੋ ਭਾਰੀ ਲਾਠੀਚਾਰਜ ਕੀਤਾ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਜਿਸ ਕਾਰਨ ਕਈ ਕਿਸਾਨ ਨੇਤਾ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਗੁੱਸੇ ਵਿਚ ਆਏ ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਦਿਤੇ ਅਤੇ ਕੇਂਦਰ ਅਤੇ ਰਾਜ ਸਰਕਾਰ ਵਿਰੁਧ ਜ਼ੋਰਦਾਰ ਨਾਹਰੇਬਾਜ਼ੀ ਕੀਤੀ। ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ-ਮਜ਼ਦੂਰਾਂ ਅਤੇ ਵਪਾਰੀਆਂ ਨੇ ਅੱਜ ਸਿਰਸਾ ਦੇ ਦੁਸ਼ਿਹਰਾ ਗਰਾਊਂਡ ਵਿਖੇ ਇਕੱਤਰ ਹੋ ਕੇ ਕੇਂਦਰ ਅਤੇ ਰਾਜ ਸਰਕਾਰ ਵਿਰੁਧ ਜ਼ਰਦਸਤ ਰੋਸ ਪ੍ਰਦਰਸ਼ਨ ਕੀਤਾ।

ਪ੍ਰਦਰਸ਼ਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਹਰਿਆਣਾ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਨਵੇਂ ਖੇਤੀ ਕਾਨੂੰਨਾਂ ਵਿਰੁਧ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਅਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਘਰ ਘੇਰ ਕੇ ਉਨ੍ਹਾਂ ਨੂੰ ਕਿਸਾਨਾਂ ਦੇ ਹੱਕ ਵਿਚ ਡਟਣ ਲਈ ਜ਼ੋਰ ਦਿਤਾ। ਕਿਸਾਨ ਆਗੂਆਂ ਨੇ ਕਿਹਾ ਕਿ ਹਰਿਆਣਾ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਅਤੇ ਬਿਜਲੀ ਮੰਤਰੀ ਰਣਜੀਤ ਸਿੰਘ ਉਤੇ ਅਸਤੀਫ਼ਾ ਦੇਣ ਦਾ ਦਬਾਅ ਬਣਾਇਆ ਜਾ ਰਿਹਾ ਹੈ।

ਇਸ ਮੌਕੇ ਹਰਿਆਣਾ ਕਿਸਾਨ ਮੰਚ ਦੇ ਪ੍ਰਦੇਸ਼ ਪ੍ਰਧਾਨ ਜੋਗਿੰਦਰ ਯਾਦਵ, ਕਿਸਾਨ ਨੇਤਾ ਗੁਰਨਾਮ ਸਿੰਘ ਚੂੜਾਨੀ, ਪ੍ਰਗਟ ਸੰਧੂ, ਪੰਜਾਬੀ ਗਾਇਕ ਹਰਫ ਚੀਮਾ ਪ੍ਰਲਾਹਦ ਸਿੰਘ ਭਾਰੂਖੇੜਾ, ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਖੱਬੇ ਪੱਖੀ ਆਗੂ ਕਾ. ਸਵਰਨ ਸਿੰਘ ਵਿਰਕ ਬਾਬਾ ਬਲਜੀਤ ਸਿੰਘ ਦਾਦੂਵਾਲ, ਨੌਜਵਾਨ ਭਾਰਤ ਸਭਾ ਦੇ ਕਾ. ਪਾਵੇਲ, ਲੱਖਾ ਸਿਧਾਣਾ ਤੋ ਬਿਨ੍ਹਾਂ ਕਿਸਾਨ ਸੰਘਰਸ਼ ਸਮਿਤੀ ਦੇ ਚੋਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਹਰਿਆਣਾ ਪ੍ਰਦੇਸ਼ ਵਿਚ ਸਿਰਸਾ ਸਮੇਤ ਕਈ ਜ਼ਿਲ੍ਹਿਆਂ ਵਿਚ ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ 'ਚ ਰੋਸ ਲਗਾਤਾਰ ਜਾਰੀ ਹੈ ਅਤੇ ਕਿਸਾਨ ਇਨ੍ਹਾਂ ਕਾਲੇ ਕਾਨੂੰਨਾਂ ਵਿਰੁਧ ਲਗਾਤਾਰ ਲਾਮਬੰਦ ਹੋ ਰਹੇ ਹਨ। ਇਨ੍ਹਾਂ ਆਗੂਆਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਰੋਹ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕਿਸਾਨਾਂ ਵਲੋਂ ਜਿਥੇ ਭਾਜਪਾ ਆਗੂਆਂ ਦਾ ਬਾਈਕਾਟ ਤੇ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਉਣ ਦਾ ਸਿਲਸਿਲਾ ਜਾਰੀ ਹੈ ਉਥੇ ਹੀ ਰਿਲਾਇੰਸ ਦੇ ਪੰਪਾਂ ਦਾ ਬਾਈਕਾਟ ਕੀਤਾ ਜਾ ਰਿਹਾ ਹੈ ਤੇ ਜੀਓ ਦੇ ਸਿਮ ਸਾੜੇ ਜਾ ਰਹੇ ਹਨ। ਕੁਝ ਕਿਸਾਨਾਂ ਵੱਲੋਂ ਅਸਹਿਯੋਗ ਅੰਦੋਲਨ ਦਾ ਐਲਾਨ ਵੀ ਕੀਤਾ ਗਿਆ ਹੈ।

ਧਿਆਨ ਰਹੇ ਕਿ ਪਿਛਲੇ ਦਿਨੀ ਸਿਰਸਾ ਵਿਖੇ ਕਿਸਾਨ ਜਥੇਬੰਦੀਆਂ ਦੀ ਭਰਵੀਂ ਮੀਟਿੰਗ ਵਿਚ ਨਵੇਂ ਬਣੇ ਖੇਤੀ ਕਾਨੂੰਨਾਂ ਦੀ ਤਿੱਖੇ ਸ਼ਬਦਾਂ ਵਿਚ ਆਲੋਚਨਾ ਕੀਤੀ ਗਈ ਸੀ। ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਵਲੋਂ ਫ਼ੈਸਲਾ ਲਿਆ ਗਿਆ ਕਿ ਉਹ ਖੇਤੀ ਕਾਨੂੰਨਾਂ ਦਾ ਲਗਾਤਾਰ ਵਿਰੋਧ ਜਾਰੀ ਰਖਦੇ ਹੋਏ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਅਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਘਰ ਦਾ ਘੇਰਾਉ ਕਰਕੇ ਉਨ੍ਹਾਂ ਤੋਂ ਅਸਤੀਫ਼ੇ ਦੀ ਮੰਗ ਕਰਨਗੇ।

ਕਿਸਾਨ ਨੇਤਾਵਾਂ ਨੇ ਕਿਹਾ ਕਿ ਤਾਊ ਦੇਵੀ ਲਾਲ ਨੇ ਹਮੇਸ਼ਾ ਕਿਸਾਨਾਂ ਦੇ ਹੱਕ ਦੀ ਗੱਲ ਕੀਤੀ ਸੀ ਪਰ ਹੁਣ ਆਪਣੇ ਆਪ ਨੂੰ ਉਨ੍ਹਾਂ ਦੇ ਸਿਆਸੀ ਵਾਰਸ ਹੋਣ ਦਾ ਦਾਅਵਾ ਕਰਨ ਵਾਲੇ ਉਨ੍ਹਾਂ ਦੇ ਪਰਿਵਾਰ ਦੇ ਕੁਝ ਮੈਬਰ ਸੱਤਾ ਸੁੱਖ ਭੋਗ ਰਹੇ ਹਨ ਜਦੋਂ ਕਿ ਨਵੇਂ ਬਣੇ ਖੇਤੀ ਕਾਨੂੰਨ ਕਿਸਾਨਾਂ ਲਈ ਮਾਰੂ ਸਾਬਤ ਹੋਣਗੇ। ਕਿਸਾਨ ਆਗੂਲਾਂ ਦਾ ਕਹਿਣਾ ਸੀ ਕਿ ਇਸ ਅੰਦੋਲਨ ਨੂੰ ਸਫਲ ਬਣਾਉਣ ਲਈ ਕਿਸਾਨ ਆਗੂਆਂ ਵਲੋਂ ਲਗਾਤਾਰ ਪਿੰਡਾਂ ਵਿਚ ਕਿਸਾਨਾਂ ਅਤੇ ਸਿਆਸੀ ਪਾਰਟੀਆਂ ਨੂੰ ਲਾਮਬੰਦ ਕੀਤਾ ਗਿਆ ਅਤੇ ਕਿਸਾਨਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਅੱਜ ਦੇ ਇਸ ਵਿਸ਼ਾਲ ਘੇਰਓ ਵਿਚ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਨੌਜਵਾਨ ਭਾਰਤ ਸਭਾ ਤੋ ਬਿਨ੍ਹਾਂ ਅਨੇਕਾਂ ਕੱਲਬ ਅਤੇ ਵਿਦਿਆਰਥੀ ਜਥੇਬੰਦੀਆਂ ਵੀ ਵੱਡੀ ਤਾਦਾਦ ਵਿਚ ਸ਼ਾਮਲ ਹੋਈਆਂ।