ਜੰਮੂ-ਕਸ਼ਮੀਰ ਵਿਚ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋਈਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਵਿਚ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ।

File Photo

ਜੰਮੂ, 6 ਜੁਲਾਈ (ਸਰਬਜੀਤ ਸਿੰਘ): ਜੰਮੂ-ਕਸ਼ਮੀਰ ਵਿਚ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਸਿਲਸਿਲੇ ਵਿੱਚ ਅੱਜ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਮੂ ਦੇ ਸਾਬਕਾ ਜਰਨਲ ਸਕੱਤਰ ਅਵਤਾਰ ਸਿੰਘ ਖ਼ਾਲਸਾ ਨੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 8-9 ਤਰੀਕ ਦੇ ਲਗਭਗ ਜ਼ਿਲ੍ਹਾ ਗੁਰਦਵਾਰਾ ਪ੍ਰਬੰਧਕ ਕਮੇਟੀ ਦਾ ਸਮਾਂ ਮੁਕੰਮਲ ਹੋਣ ਵਾਲਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਕਮੇਟੀ ਦੀਆਂ ਚੋਣਾਂ ਸਮੇਂ ਅਨੁਸਾਰ ਹੀ ਕਰਵਾਈਆਂ ਜਾਣ, ਜੇ ਅਜਿਹਾ ਸੰਭਵ ਨਹੀਂ ਹੋ ਸਕਦਾ ਤਾਂ ਮੌਜੂਦਾ ਗੁਰਦਵਾਰਾ ਪ੍ਰਬੰਧਕ ਕਮੇਟੀ  ਨੂੰ ਹੀ ਗੁਰਦਵਾਰਾ ਦੀਆਂ ਨਵੀਆਂ ਚੋਣਾਂ ਤਕ ਨਿਰਵਿਘਨ ਕੰਮ ਕਰਨ ਦੀ ਆਗਿਆ ਦਿਤੀ ਜਾਣੀ ਚਾਹੀਦੀ ਹੈ।

ਅਵਤਾਰ ਸਿੰਘ ਖ਼ਾਲਸਾ ਨੇ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਿਹੜੇ ਗੁਰਦਵਾਰਾ ਸਾਹਿਬ ਜ਼ਿਲ੍ਹਾ ਗੁਰਦਵਾਰਾ ਪ੍ਰਬੰਧਕ ਕਮੇਟੀ ਅਧੀਨ ਆਉਂਦੇ ਹਨ ਉਨ੍ਹਾਂ ਦਾ ਆਡਿਟ ਕਰਵਾਇਆ ਜਾਵੇ। ਉਨ੍ਹਾਂ ਕੇਂਦਰੀ ਸ਼ਾਸਤ ਪ੍ਰਦੇਸ਼ ਜੰਮੂ ਕਸ਼ਮੀਰ ਦੇ ਗਵਰਨਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਗੁਰਦਵਾਰਾ ਸਾਹਿਬ ਦੇ ਵਿੱਤੀ ਹਿਸਾਬ ਕਿਤਾਬ ਨੂੰ ਸੁਚਾਰੂ ਢੰਗ ਅਤੇ ਪਾਰਦਰਸ਼ੀ ਬਣਾਉਣ ਲਈ ਕਮੇਟੀ ਅਧੀਨ ਆਉਂਦੇ ਸਾਰੇ ਗੁਰਦੁਆਰਾ ਸਾਹਿਬ ਦਾ ਆਡਿਟ ਤੁਰਤ ਕਰਵਾਇਆ ਜਾਵੇ। ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਅਵਤਾਰ ਸਿੰਘ ਖ਼ਾਲਸਾ ਨੇ ਕਿਹਾ ਜੰਮੂ-ਕਸ਼ਮੀਰ ਗੁਰਦਵਾਰਾ ਐਕਟ 1973 ਵਿਚ ਹੋਂਦ ਵਿਚ ਆਇਆ ਸੀ।

ਉਸ ਸਮੇਂ ਇਸ ਐਕਟ ਵਿਚ ਬਹੁਤ ਸਾਰੀਆਂ ਖ਼ਾਮੀਆਂ ਰਹਿ ਗਈਆਂ ਸਨ। ਜਿਨ੍ਹਾਂ ਨੂੰ ਦੂਰ ਕੀਤਾ ਜਾਣਾ ਚਹੀਦਾ ਹੈ। ਅਵਤਾਰ ਸਿੰਘ ਖ਼ਾਲਸਾ ਨੇ ਜੰਮੂ-ਕਸ਼ਮੀਰ ਪਬਲਿਕ ਸਰਵਿਸ ਕਮਿਸ਼ਨ ਵਿਚ ਕਿਸੇ ਵੀ ਸਿੱਖ ਮੈਂਬਰ ਨੂੰ ਨਾਲ ਲੈ ਜਾਣ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਜੰਮੂ-ਕਸ਼ਮੀਰ ਪਬਲਿਕ ਸਰਵਿਸ ਕਮਿਸ਼ਨ ਵਿਚ ਸਿੱਖਾਂ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਇਸ ਕਮਿਸ਼ਨ ਦਾ ਮੈਂਬਰ ਨਹੀਂ ਲਿਆ ਗਿਆ। ਇਸ ਮੌਕੇ ਮਹਿੰਦਰ ਸਿੰਘ ਰਿਹਾੜੀ, ਮਨਮੋਹਨ ਸਿੰਘ ਖ਼ਾਲਸਾ, ਸਾਬਕਾ ਸਰਪੰਚ ਬਲਵੰਤ ਸਿੰਘ ਚੱਠਾ ਆਦਿ ਹਾਜ਼ਰ ਸਨ।