Delhi News: ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਪਰਾਲੀ ਸਾੜਨ ਵਾਲਿਆਂ ਵਿਰੁੱਧ ਕੇਂਦਰ ਸਰਕਾਰ ਦੀ ਸਖ਼ਤੀ
Delhi News: ਭਰਨਾ ਹੋਵੇਗਾ ਦੁੱਗਣਾ ਜੁਰਮਾਨਾ
Delhi News: ਕੇਂਦਰ ਸਰਕਾਰ ਨੇ ਦਿੱਲੀ-ਐਨਸੀਆਰ ਖੇਤਰ ਵਿਚ ਹਵਾ ਦੀ ਵਿਗੜਦੀ ਗੁਣਵੱਤਾ ਦੇ ਮੱਦੇਨਜ਼ਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਵਾਲੇ ਕਿਸਾਨਾਂ ਲਈ ਜੁਰਮਾਨੇ ਦੀ ਰਕਮ ਦੁੱਗਣੀ ਕਰ ਦਿੱਤੀ ਹੈ।
ਹੁਣ ਪੰਜ ਏਕੜ ਤੋਂ ਵੱਧ ਵਾਹੀਯੋਗ ਜ਼ਮੀਨ ਵਾਲੇ ਕਿਸਾਨਾਂ ਨੂੰ ਪਰਾਲੀ ਸਾੜਨ ਦਾ ਜੁਰਮਾਨਾ 30,000 ਰੁਪਏ ਹੋ ਗਿਆ ਹੈ।
ਬੁੱਧਵਾਰ ਨੂੰ ਪ੍ਰਕਾਸ਼ਿਤ ਨੋਟੀਫਿਕੇਸ਼ਨ ਅਨੁਸਾਰ ਦੋ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਹੁਣ ਪਰਾਲੀ ਸਾੜਨ 'ਤੇ 2500 ਰੁਪਏ ਦੀ ਬਜਾਏ 5,000 ਰੁਪਏ ਜੁਰਮਾਨਾ ਭਰਨਾ ਪਵੇਗਾ। ਜਦੋਂ ਕਿ ਦੋ ਤੋਂ ਪੰਜ ਏਕੜ ਤੱਕ ਜ਼ਮੀਨ ਵਾਲੇ ਕਿਸਾਨਾਂ ਨੂੰ 5,000 ਰੁਪਏ ਦੀ ਬਜਾਏ 10,000 ਰੁਪਏ ਜੁਰਮਾਨਾ ਕੀਤਾ ਜਾਵੇਗਾ।
ਵਾਹਨਾਂ ਦੇ ਧੂੰਏਂ, ਝੋਨੇ ਦੀ ਪਰਾਲੀ ਨੂੰ ਸਾੜਨ, ਪਟਾਕਿਆਂ ਅਤੇ ਹੋਰ ਸਥਾਨਕ ਪ੍ਰਦੂਸ਼ਣ ਸਰੋਤਾਂ ਦੇ ਨਾਲ-ਨਾਲ ਮੌਸਮ ਸੰਬੰਧੀ ਸਥਿਤੀਆਂ ਦੇ ਕਾਰਨ ਦਿੱਲੀ-ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ਦਾ ਪੱਧਰ ਪਤਝੜ ਦੇ ਅਖੀਰ ਅਤੇ ਸਰਦੀਆਂ ਵਿੱਚ ਬਹੁਤ ਖਤਰਨਾਕ ਹੋ ਜਾਂਦਾ ਹੈ।
ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ (ਡੀਪੀਸੀਸੀ) ਦੇ ਵਿਸ਼ਲੇਸ਼ਣ ਅਨੁਸਾਰ, ਕੌਮੀ ਰਾਜਧਾਨੀ ਵਿੱਚ 1 ਤੋਂ 15 ਨਵੰਬਰ ਤੱਕ ਪ੍ਰਦੂਸ਼ਣ ਸਿਖਰ 'ਤੇ ਹੁੰਦਾ ਹੈ ਜਦੋਂ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵਾਧਾ ਹੁੰਦਾ ਹੈ।
ਸੁਪਰੀਮ ਕੋਰਟ ਨੇ ਵੀ ਇਸ ਮੁੱਦੇ 'ਤੇ ਸਖ਼ਤ ਰੁਖ਼ ਪ੍ਰਗਟਾਇਆ ਸੀ।