ਕਿਸਾਨ ਅੰਦੋਲਨ 'ਤੇ ਵਿਰੋਧੀ ਪਾਰਟੀਆਂ ਦਾ ਦੋਹਰਾ ਰਵੱਈਆ ਆਇਆ ਸਾਹਮਣੇ - ਰਵੀਸ਼ੰਕਰ ਪ੍ਰਸਾਦ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਾਂਗਰਸ ਨੇ ਖ਼ੁਦ ਆਪਣੇ 2019 ਦੇ ਚੋਣ ਮੈਨੀਫ਼ੈਸਟੋ ਵਿਚ ਖੇਤੀ ਨਾਲ ਜੁੜੇ APMC ਐਕਟ ਨੂੰ ਖ਼ਤਮ ਕਰਨ ਦੀ ਗੱਲ ਆਖੀ ਸੀ - ਰਵੀਸ਼ੰਕਰ

Opposition has double standards on farm sector reforms: Ravi Shankar Prasad

ਨਵੀਂ ਦਿੱਲੀ - ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਦਾ ਇਸ ਵੇਲੇ ਪੂਰੇ ਦੇਸ਼ ਵਿਚ ਜ਼ੋਰਦਾਰ ਵਿਰੋਧ ਹੋ ਰਿਹਾ ਹੈ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨਾਲ ਲਗਾਤਾਰ ਇਹ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਵਿਰੋਧੀ ਪਾਰਟੀਆਂ ਵੀ ਕਿਸਾਨ ਅੰਦੋਲਨ ਦੀ ਹਮਾਇਤ ’ਚ ਹਨ। ਇਸ ਦੌਰਾਨ ਅੱਜ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੀਆਂ ਵਿਰੋਧੀ ਪਾਰਟੀਆਂ ਉੱਤੇ ਨਿਸ਼ਾਨਾ ਵਿੰਨ੍ਹਿਆ ਹੈ।

ਮੰਤਰੀ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਦੀ ਹਮਾਇਤ ਵਿਚ ਆਈਆਂ ਵਿਰੋਧੀ ਪਾਰਟੀਆਂ ਦਾ ਦੋਹਰਾ ਤੇ ਸ਼ਰਮਨਾਕ ਰਵੱਈਆ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਆਪਣੀ ਸਿਆਸੀ ਹੋਂਦ ਬਚਾਉਣ ਲਈ ਇਸ ਅੰਦੋਲਨ ਨਾਲ ਆ ਖੜ੍ਹੀਆਂ ਹੋਈਆਂ ਹਨ। ਕੇਂਦਰੀ ਮੰਤਰੀ ਨੇ ਅੱਗੇ ਕਿਹਾ ਕਿ ਕਾਂਗਰਸ ਨੇ ਖ਼ੁਦ ਆਪਣੇ 2019 ਦੇ ਚੋਣ ਮੈਨੀਫ਼ੈਸਟੋ ਵਿਚ ਖੇਤੀ ਨਾਲ ਜੁੜੇ APMC ਐਕਟ ਨੂੰ ਖ਼ਤਮ ਕਰਨ ਦੀ ਗੱਲ ਆਖੀ ਸੀ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ 23 ਨਵੰਬਰ ਨੂੰ ਨਵਾਂ ਖੇਤੀ ਕਾਨੂੰਨ ਨੋਟੀਫ਼ਾਈ ਕਰ ਕੇ ਦਿੱਲੀ ’ਚ ਲਾਗੂ ਵੀ ਕਰ ਦਿੱਤਾ ਹੈ ਪਰ ਹੁਣ ਉਹ ਇਸ ਦਾ ਵਿਰੋਧ ਵੀ ਕਰਨ ਲੱਗ ਪਏ ਹਨ। ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਅਸੀਂ ਵਿਰੋਧੀ ਪਾਰਟੀਆਂ ਖ਼ਾਸ ਕਰਕੇ ਕਾਂਗਰਸ, NCP ਤੇ ਉਨ੍ਹਾਂ ਦੀਆਂ ਸਹਿਯੋਗੀ ਪਾਰਟੀਆਂ ਦੇ ਸ਼ਰਮਨਾਕ ਦੋਹਰੇ ਚਰਿੱਤਰ ਨੂੰ ਦੇਸ਼ ਦੇ ਸਾਹਮਣੇ ਲਿਆਉਂਦੇ ਆਏ ਹਾਂ। ਉਨ੍ਹਾਂ ਕਿਹਾ ਕਿ ਜੋ ਅਸੀਂ ਕੀਤਾ, ਯੂਪੀਏ ਸਰਕਾਰ ਵੀ ਉਹੀ ਕਰ ਰਹੀ ਸੀ।

ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਆਗੂ ਪਹਿਲਾਂ ਹੀ ਆਖ ਚੁੱਕੇ ਹਨ ਕਿ ਕੋਈ ਸਿਆਸੀ ਆਗੂ ਉਨ੍ਹਾਂ ਦੇ ਮੰਚ ਉੱਤੇ ਨਾ ਆਉਣ ਪਰ ਫਿਰ ਵੀ ਵਿਰੋਧੀ ਧਿਰਾਂ ਜਾਣਬੁੱਝ ਕੇ ਉਨ੍ਹਾਂ ਨਾਲ ਜੁੜਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਦੱਸ ਦਈਏ ਕਿ ਦੇਸ਼ ਭਾਰ ਦੀਆਂ ਤਿੰਨ ਦਰਜਨ ਦੇ ਕਰੀਬ ਸਿਆਸੀ ਪਾਰਟੀਆਂ ਨੇ ਕਿਸਾਨਾਂ ਦੀ ਹਮਾਇਤ ਦਾ ਐਲਾਨ ਕਰ ਦਿੱਤਾ ਹੈ। ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦਰ ਕੇਜਰੀਵਾਲ ਤਾਂ ਸਿੱਧਾ ਕਿਸਾਨਾਂ ਵਿੱਚ ਹੀ ਪਹੁੰਚ ਗਏ। ਉਧਰ, ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਵੀ ਸੜਕਾਂ 'ਤੇ ਉੱਤਰ ਆਏ ਹਨ। ਇਸ ਕਰਕੇ ਬੀਜੇਪੀ ਸਰਕਾਰ ਉੱਪਰ ਕਾਫੀ ਦਬਾਅ ਵਧ ਗਿਆ ਹੈ।